ANTF ਦੀ ਵੱਡੀ ਕਾਰਵਾਈ, ਅਟਾਰੀ ਰੋਡ ਤੋਂ 4 ਕਿਲੋ ਹੈਰੋਇਨ ਸਮੇਤ 23 ਸਾਲਾ ਨੌਜਵਾਨ ਕਾਬੂ
ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਏ.ਐਨ.ਟੀ.ਐਫ (ANTF) ਜਲੰਧਰ ਰੇਂਜ ਦੀ ਟੀਮ ਨੇ ਅੰਮ੍ਰਿਤਸਰ ਦੇ ਅਟਾਰੀ ਰੋਡ 'ਤੇ ਇੱਕ ਕਾਰਵਾਈ ਦੌਰਾਨ ਇੱਕ ਨੌਜਵਾਨ ਨੂੰ 4 ਕਿਲੋ 72 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ।
ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਏ.ਐਨ.ਟੀ.ਐਫ (ANTF) ਜਲੰਧਰ ਰੇਂਜ ਦੀ ਟੀਮ ਨੇ ਅੰਮ੍ਰਿਤਸਰ ਦੇ ਅਟਾਰੀ ਰੋਡ ‘ਤੇ ਇੱਕ ਕਾਰਵਾਈ ਦੌਰਾਨ ਇੱਕ ਨੌਜਵਾਨ ਨੂੰ 4 ਕਿਲੋ 72 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮ ਦੀ ਪਛਾਣ ਮਹਿਕਦੀਪ ਸਿੰਘ (23) ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰੋੜਾਂਵਾਲੀ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਕਦੀਪ ਸਿੰਘ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ। ਪੁਲਿਸ ਸੂਤਰਾਂ ਅਨੁਸਾਰ ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 10 ਤੋਂ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਸਰਕਾਰ ਦੀ ‘ਜ਼ੀਰੋ ਟੋਲਰੈਂਸ’ ਨੀਤੀ
ਇਹ ਸਫਲਤਾ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਅਪਣਾਈ ਗਈ “ਜ਼ੀਰੋ ਟੋਲਰੈਂਸ” ਨੀਤੀ ਦਾ ਨਤੀਜਾ ਹੈ। ਸਰਕਾਰ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ, ਜਿਸ ਤਹਿਤ ਸੂਬੇ ਭਰ ਵਿੱਚ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਵੱਡੇ ਪੱਧਰ ‘ਤੇ ਛਾਪੇਮਾਰੀ ਜਾਰੀ ਹੈ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਵਿੱਢ ਦਿੱਤੀ ਹੈ। ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁੱਛਗਿੱਛ ਰਾਹੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਨਸ਼ੇ ਦੀ ਇਹ ਵੱਡੀ ਖੇਪ ਕਿੱਥੋਂ ਆਈ ਸੀ ਅਤੇ ਅੱਗੇ ਇਸ ਦੀ ਸਪਲਾਈ ਕਿੱਥੇ-ਕਿੱਥੇ ਹੋਣੀ ਸੀ। ਇਸ ਦੇ ਪਿੱਛੇ ਚੱਲ ਰਹੇ ਵੱਡੇ ਨੈੱਟਵਰਕ ਨੂੰ ਬੇਪਰਦ ਕਰਨ ਦੀ ਵੀ ਉਮੀਦ ਹੈ।
ਪੁਲਿਸ ਦੀ ਅਪੀਲ
ਉੱਚ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰੀ ਵਰਗੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਦੂਰ ਰਹਿਣ ਅਤੇ ਪੰਜਾਬ ਦੀ ਖੁਸ਼ਹਾਲੀ ਅਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਸਕਾਰਾਤਮਕ ਯੋਗਦਾਨ ਪਾਉਣ।
