ਪੰਜਾਬ ਪੁਲਿਸ ਨੇ ਜਲੰਧਰ ‘ਚ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 8 ਵਿਦੇਸ਼ੀ ਪਿਸਤੌਲਾਂ ਸਣੇ 4 ਕਾਬੂ
ਪੰਜਾਬ ਪੁਲਿਸ ਨੇ ਦੇਸ਼ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਵੱਡੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਦੇ ਨੈੱਟਵਰਕ ਨੂੰ ਤਹਿਸ-ਨਹਿਸ ਕਰਦਿਆਂ ਚਾਰ ਖ਼ਤਰਨਾਕ ਮੁਲਜ਼ਮਾਂ ਨੂੰ ਦਬੋਚ ਲਿਆ ਹੈ।
ਪੰਜਾਬ ਪੁਲਿਸ ਨੇ ਦੇਸ਼ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਵੱਡੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਦੇ ਨੈੱਟਵਰਕ ਨੂੰ ਤਹਿਸ-ਨਹਿਸ ਕਰਦਿਆਂ ਚਾਰ ਖ਼ਤਰਨਾਕ ਮੁਲਜ਼ਮਾਂ ਨੂੰ ਦਬੋਚ ਲਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਕੀਤੀ ਗਈ ਇਸ ਵਿਸ਼ੇਸ਼ ਕਾਰਵਾਈ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 8 ਬੇਹਦ ਆਧੁਨਿਕ ਵਿਦੇਸ਼ੀ ਪਿਸਤੌਲਾਂ ਅਤੇ 45 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਹ ਮੁਲਜ਼ਮ ਪਹਿਲਾਂ ਹੀ ਕਤਲ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਇਨ੍ਹਾਂ ਦੇ ਸਬੰਧ ਸਿੱਧੇ ਤੌਰ ‘ਤੇ ਸਰਹੱਦ ਪਾਰ ਬੈਠੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਏ ਹਨ।
8 ਘਾਤਕ ਵਿਦੇਸ਼ੀ ਪਿਸਤੌਲਾਂ ਜ਼ਬਤ
ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਕੋਲੋਂ ਗੈਰ-ਕਾਨੂੰਨੀ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। ਜ਼ਬਤ ਕੀਤੇ ਗਏ ਕੁੱਲ 8 ਅਤਿ-ਆਧੁਨਿਕ ਹਥਿਆਰਾਂ ਵਿੱਚ 1 ਬੇਹੰਦ ਖ਼ਤਰਨਾਕ ਪੀਐਕਸ-5 (PX5) ਪਿਸਤੌਲ, 1 ਤੁਰਕੀ ਦੀ ਬਣੀ ਮਸ਼ਹੂਰ ਜ਼ਿਗਾਨਾ ਪਿਸਤੌਲ, 3 ਪਿਸਤੌਲਾਂ (.30 ਬੋਰ) ਅਤੇ 3 ਪਿਸਤੌਲਾਂ (.32 ਬੋਰ) ਸ਼ਾਮਲ ਹਨ। ਇਸ ਦੇ ਨਾਲ ਹੀ ਪੁਲਿਸ ਨੇ ਵੱਖ-ਵੱਖ ਬੋਰ ਦੇ 45 ਜ਼ਿੰਦਾ ਕਾਰਤੂਸ ਵੀ ਆਪਣੇ ਕਬਜ਼ੇ ਵਿੱਚ ਲਏ ਹਨ।
ਡੀਜੀਪੀ ਗੌਰਵ ਯਾਦਵ ਨੇ ਇਸ ਸਫ਼ਲ ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਦੀ ਖ਼ੁਫ਼ੀਆ ਵਿੰਗ ਨੂੰ ਇਸ ਅੰਤਰਰਾਸ਼ਟਰੀ ਗਿਰੋਹ ਦੀਆਂ ਗਤੀਵਿਧੀਆਂ ਬਾਰੇ ਇੱਕ ਪੁਖ਼ਤਾ ਅਤੇ ਗੁਪਤ ਸੂਚਨਾ ਮਿਲੀ ਸੀ। ਇਸੇ ਸੂਚਨਾ ‘ਤੇ ਤੁਰੰਤ ਐਕਸ਼ਨ ਲੈਂਦਿਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਜਾਲ ਵਿਛਾਇਆ ਅਤੇ ਇਨ੍ਹਾਂ ਚਾਰਾਂ ਤਸਕਰਾਂ ਨੂੰ ਆਧੁਨਿਕ ਹਥਿਆਰਾਂ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ।
ਸਰਹੱਦ ਪਾਰ ਦੇ ਤਸਕਰਾਂ ਤੇ ਦੇਸ਼ ਵਿਰੋਧੀ ਅਨਸਰਾਂ ਨਾਲ ਸਬੰਧ
ਮੁੱਢਲੀ ਪੁੱਛਗਿੱਛ ਦੌਰਾਨ ਕਈ ਹੈਰਾਨ ਕਰਨ ਵਾਲੇ ਖ਼ੁਲਾਸੇ ਹੋਏ ਹਨ। ਡੀਜੀਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੇ ਤਾਰ ਸਰਹੱਦ ਪਾਰ ਯਾਨੀ ਵਿਦੇਸ਼ਾਂ ਵਿੱਚ ਬੈਠੇ ਦੇਸ਼ ਵਿਰੋਧੀ ਹੈਂਡਲਰਾਂ ਨਾਲ ਜੁੜੇ ਹੋਏ ਹਨ, ਜੋ ਭਾਰਤ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਲਈ ਇਨ੍ਹਾਂ ਨੂੰ ਹਥਿਆਰ ਅਤੇ ਫੰਡਿੰਗ ਸਪਲਾਈ ਕਰ ਰਹੇ ਸਨ। ਜਾਂਚ ਵਿੱਚ ਇਹ ਵੀ ਪਤਾ ਲੱਗਿਆ ਹੈ ਕਿ ਇਹ ਚਾਰੇ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਕਤਲ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਫ਼ਰਾਰ ਚੱਲ ਰਹੇ ਸਨ ਅਤੇ ਲਗਾਤਾਰ ਪੁਲਿਸ ਨੂੰ ਚਕਮਾ ਦੇ ਰਹੇ ਸਨ।
ਅਦਾਲਤ ‘ਚ ਪੇਸ਼ ਕਰਕੇ ਲਿਆ ਜਾਵੇਗਾ ਰਿਮਾਂਡ
ਪੁਲਿਸ ਪ੍ਰਸ਼ਾਸਨ ਵੱਲੋਂ ਹੁਣ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਗਿਰੋਹ ਦੇ ਅਗਲੇ-ਪਿਛਲੇ ਸਾਰੇ ਸੰਪਰਕਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਪੂਰੇ ਇੰਟਰਨੈਸ਼ਨਲ ਸਿੰਡੀਕੇਟ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।


