ਪੰਜਾਬ ਪੁਲਿਸ ਵੱਲੋਂ ਸੂਬੇ ‘ਚ ਰੈੱਡ ਅਲਰਟ ਜਾਰੀ: ਪਰਾਲੀ ਸਾੜਨ ਦੇ ਮਾਮਲੇ ਵਧਣ ‘ਤੇ ਲਿਆ ਫੈਸਲਾ, ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ

Updated On: 

16 Nov 2023 09:53 AM

ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਦਾ ਮਾਮਲਾ ਜੇਕਰ ਸਾਹਮਣੇ ਆਇਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਵਿੱਚ ਪਰਾਲੀ ਸਾੜਨ ਦਾ ਅੰਕੜਾ 30, 661 ਤੱਕ ਪਹੁੰਚ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਸੂਬੇ ਚ ਰੈੱਡ ਅਲਰਟ ਜਾਰੀ: ਪਰਾਲੀ ਸਾੜਨ ਦੇ ਮਾਮਲੇ ਵਧਣ ਤੇ ਲਿਆ ਫੈਸਲਾ, ਉਲੰਘਣਾ ਕਰਨ ਤੇ ਹੋਵੇਗੀ ਸਖ਼ਤ ਕਾਰਵਾਈ

Photo Credit: Tv9 Hindi.com

Follow Us On

ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਹੁਣ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪਰਾਲੀ ਸਾੜਨ ‘ਤੇ ਮੁਕੰਮਲ ਪਾਬੰਦੀ ਸਬੰਧੀ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਜੇਕਰ ਕੋਈ ਵੀ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਇਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ।

ਥਾਣਾ ਪੱਧਰ ‘ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ

ਵਿਸ਼ੇਸ਼ ਡੀਜੀਪੀ ਸ਼ੁਕਲਾ ਨੇ ਕਿਹਾ- ਸੂਬੇ ਦੇ ਸਾਰੇ ਸੀਪੀ-ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਹਿੱਸੇਦਾਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸੂਚਿਤ ਕਰਨ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ। ਜਿਸ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ।

ਪੁਲਿਸ ਇਲਾਕੇ ਦੇ ਕਿਸਾਨ ਆਗੂਆਂ ਤੋਂ ਲਵੇਗੀ ਮਦਦ

ਦੱਸ ਦੇਈਏ ਕਿ ਡੀਜੀਪੀ ਅਰਪਿਤ ਸ਼ੁਕਲਾ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ। ਜਿੱਥੇ ਉਨ੍ਹਾਂ ਸਮੂਹ ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਕਿਹਾ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ।

ਇਸ ਦੇ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲ ਕਰਕੇ ਇਸ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ ਕਿਉਂਕਿ ਪਰਾਲੀ ਸਾੜਨਾ ਨਾ ਸਿਰਫ਼ ਸ਼ਹਿਰੀ ਲੋਕਾਂ ਲਈ ਸਗੋਂ ਹਰ ਵਿਅਕਤੀ ਲਈ ਵੱਡੀ ਸਮੱਸਿਆ ਬਣ ਗਿਆ ਹੈ। ਇਸ ਸਬੰਧੀ ਸਥਾਨਕ ਪੱਧਰ ‘ਤੇ ਕਿਸਾਨ ਆਗੂਆਂ ਦੀ ਮਦਦ ਵੀ ਲਈ ਜਾਵੇਗੀ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਸੂਬੇ ਦੀਆਂ ਏਜੰਸੀਆਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ ਸੂਬੇ ਦੀ ਕਾਨੂੰਨੀ ਵਿਵਸਥਾ ਨੂੰ ਵੀ ਅਗਲੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਦੇ ਬਾਵਜੂਦ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹੈ।

ਪਰਾਲੀ ਸਾੜਨ ਦਾ ਅੰਕੜਾ 30 ਹਜ਼ਾਰ ਤੋਂ ਪਾਰ

ਪੰਜਾਬ ਵਿੱਚ ਪਰਾਲੀ ਸਾੜਨ ਦਾ ਅੰਕੜਾ 30, 661 ਤੱਕ ਪਹੁੰਚ ਗਿਆ ਹੈ। 15 ਨਵੰਬਰ ਨੂੰ ਪਰਾਲੀ ਸਾੜਨ ਦੇ 2544 ਮਾਮਲੇ ਸਾਹਮਣੇ ਆਏ ਸਨ। ਪਿਛਲੇ ਚਾਰ ਦਿਨਾਂ ਵਿੱਚ ਪਰਾਲੀ ਸਾੜਨ ਦੇ 6 ਹਜ਼ਾਰ 931 ਮਾਮਲੇ ਸਾਹਮਣੇ ਆਏ ਹਨ। ਇਹ ਅੰਕੜਾ 2021 ਅਤੇ 2022 ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। 15 ਨਵੰਬਰ 2021 ਨੂੰ 1761 ਅਤੇ 2022 ਵਿੱਚ 15 ਨਵੰਬਰ ਦੇ ਦਿਨ 141 ਮਾਮਲੇ ਸਾਹਮਣੇ ਆਏ ਸਨ। ਹਾਲਾਂਕਿ ਇਸ ਵਾਰ ਝੋਨੇ ਦੀ ਫਸਲ ਦੀ ਬਿਜਾਈ ਥੋੜੀ ਦੇਰੀ ਨਾਲ ਹੋਈ ਹੈ। ਕਿਉਂਕਿ ਕਈ ਥਾਵਾਂ ‘ਤੇ ਹੜ੍ਹ ਆ ਗਏ ਸਨ। ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਹੋ ਰਹੇ।

ਪੰਜਾਬ ਵਿੱਚ ਬਠਿੰਡਾ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ। ਬਠਿੰਜਾ ਦਾ AQI 366 ਦਰਜ ਕੀਤਾ ਗਿਆ, ਪਟਿਆਲਾ ਦਾ AQI 248, ਲੁਧਿਆਣਾ ਦਾ AQI 160, ਜਲੰਧਰ ਦਾ AQI 203, ਅੰਮ੍ਰਿਤਸਰ ਦਾ AQI 170 ਦਰਜ ਕੀਤਾ ਗਿਆ ਹੈ।