MP ਅੰਮ੍ਰਿਤਪਾਲ ਨੂੰ ਲੈਣ ਅਸਮ ਪਹੁੰਚੀ ਪੰਜਾਬ ਪੁਲਿਸ, ਸਿਰਫ਼ 3 ਘੰਟੇ ਦੀ ਮਿਲੀ ਪੈਰੋਲ; ਪਰਿਵਾਰ ਨੇ 10 ਲੱਖ ਜਮ੍ਹਾਂ ਕਰਵਾਏ

Updated On: 

19 Nov 2026 19:32 PM IST

ਖਡੂਰ ਸਾਹਿਬ ਤੋਂ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਲਿਆਉਣ ਲਈ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਵੀਰਵਾਰ (19 ਨਵੰਬਰ) ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ। ਇਸ ਟੀਮ ਵਿੱਚ 5 ਪੁਲਿਸ ਮੁਲਾਜ਼ਮ ਸ਼ਾਮਲ ਹਨ, ਜਿਸ ਦੀ ਅਗਵਾਈ ਡੀ.ਐੱਸ.ਪੀ. (DSP) ਪੱਧਰ ਦੇ ਅਧਿਕਾਰੀ ਕਰ ਰਹੇ ਹਨ।

MP ਅੰਮ੍ਰਿਤਪਾਲ ਨੂੰ ਲੈਣ ਅਸਮ ਪਹੁੰਚੀ ਪੰਜਾਬ ਪੁਲਿਸ, ਸਿਰਫ਼ 3 ਘੰਟੇ ਦੀ ਮਿਲੀ ਪੈਰੋਲ; ਪਰਿਵਾਰ ਨੇ 10 ਲੱਖ ਜਮ੍ਹਾਂ ਕਰਵਾਏ

ਖਡੂਰ ਸਾਹਿਬ ਤੋਂ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਲਿਆਉਣ ਲਈ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਵੀਰਵਾਰ (19 ਨਵੰਬਰ) ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ। ਇਸ ਟੀਮ ਵਿੱਚ 5 ਪੁਲਿਸ ਮੁਲਾਜ਼ਮ ਸ਼ਾਮਲ ਹਨ, ਜਿਸ ਦੀ ਅਗਵਾਈ ਡੀ.ਐੱਸ.ਪੀ. (DSP) ਪੱਧਰ ਦੇ ਅਧਿਕਾਰੀ ਕਰ ਰਹੇ ਹਨ। ਪੁਲਿਸ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਉਣ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਪੁਲਿਸ ਟੀਮ 21 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੇਗੀ। ਇਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਿਵਸਥਾ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਇਸ ਲਈ ਅੰਮ੍ਰਿਤਸਰ ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਦੀ ਕਸਟਡੀ ਪੈਰੋਲ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਅਤੇ ਵਾਪਸ ਜੇਲ੍ਹ ਛੱਡਣ ਦੇ ਖਰਚੇ ਵਜੋਂ ਪਰਿਵਾਰ ਨੇ ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਹਨ।

ਦਾਦੀ ਦਾ ਪਰਸੋਂ ਖੇਤਾਂ ਵਿੱਚ ਹੋਵੇਗਾ ਅੰਤਿਮ ਸਸਕਾਰ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਕੀਤਾ ਜਾਵੇਗਾ। ਉਨ੍ਹਾਂ ਨੂੰ ਆਪਣੇ ਖੇਤਾਂ ਵਿੱਚ ਹੀ ਅੰਤਿਮ ਵਿਦਾਈ ਦਿੱਤੀ ਜਾਵੇਗੀ, ਜਿਸ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਅੰਤਿਮ ਸਸਕਾਰ ਦੇ ਪ੍ਰਬੰਧਾਂ ਵਿੱਚ ਜੁਟੇ ਹੋਏ ਹਨ। ਦੱਸ ਦੇਈਏ ਕਿ ਬੀਬੀ ਚਰਨ ਕੌਰ ਦਾ ਬੀਤੀ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ।

ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਕਰਵਾਏ ਜਮ੍ਹਾਂ

ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਅਤੇ ਵਾਪਸ ਲੈ ਕੇ ਜਾਣ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਪੁਲਿਸ ਦੇ ਸਰਕਾਰੀ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਸ ਵਿੱਚੋਂ 7 ਲੱਖ 84 ਹਜ਼ਾਰ ਰੁਪਏ ਹਵਾਈ ਟਿਕਟਾਂ ‘ਤੇ ਖਰਚ ਹੋਣਗੇ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਅਤੇ 5 ਪੁਲਿਸ ਮੁਲਾਜ਼ਮਾਂ ਦੀਆਂ ਆਉਣ-ਜਾਣ ਦੀਆਂ ਟਿਕਟਾਂ ਸ਼ਾਮਲ ਹਨ।

ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਵਾਪਸ ਲੈ ਜਾਵੇਗੀ ਪੁਲਿਸ

ਸੰਸਦ ਮੈਂਬਰ ਦੀ ਪੈਰੋਲ ਦੌਰਾਨ ਜੇਕਰ ਮਾਹੌਲ ਵਿਗੜਦਾ ਹੈ ਜਾਂ ਅਜਿਹਾ ਕੋਈ ਖ਼ਦਸ਼ਾ ਪੈਦਾ ਹੁੰਦਾ ਹੈ, ਤਾਂ ਪੁਲਿਸ ਉਨ੍ਹਾਂ ਨੂੰ ਤੁਰੰਤ ਵਾਪਸ ਅਸਾਮ ਲਿਜਾ ਸਕਦੀ ਹੈ। ਅੰਮ੍ਰਿਤਸਰ ਦੀ ਸੈਸ਼ਨ ਕੋਰਟ ਨੇ ਪੁਲਿਸ ਅਤੇ ਸਰਕਾਰ ਨੂੰ ਇਹ ਵਿਸ਼ੇਸ਼ ਛੋਟ ਦਿੱਤੀ ਹੈ। ਅਦਾਲਤ ਦੇ ਲਿਖਤੀ ਹੁਕਮ ਸਾਹਮਣੇ ਆਉਣ ਤੋਂ ਬਾਅਦ ਇਸ ਗੱਲ ਦਾ ਖੁਲਾਸਾ ਹੋਇਆ ਹੈ।

ਅਦਾਲਤ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕਿਹਾ ਹੈ ਕਿ ਕਾਨੂੰਨ-ਵਿਵਸਥਾ ਭੰਗ ਹੋਣ, ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਜਾਂ ਫਿਰ ਉਸ ਦਾ ਜਾਇਜ਼ ਖ਼ਦਸ਼ਾ ਹੋਣ ‘ਤੇ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਅੰਤਿਮ ਸਸਕਾਰ ਵਾਲੀ ਥਾਂ ਤੋਂ ਵਾਪਸ ਲੈ ਜਾ ਸਕਦੀ ਹੈ। ਸਿਰਫ਼ ਉਸ ਥਾਂ ਤੋਂ ਹੀ ਨਹੀਂ, ਸਗੋਂ ਤੁਰੰਤ ਹੀ ਉਨ੍ਹਾਂ ਨੂੰ ਪੰਜਾਬ ਤੋਂ ਵੀ ਬਾਹਰ ਲਿਜਾਇਆ ਜਾ ਸਕਦਾ ਹੈ।

3 ਦਿਨ ਦੀ ਕਸਟਡੀ ਪੈਰੋਲ ਨੂੰ ਲੈ ਕੇ ਪੁਲਿਸ ਨੇ ਖੜ੍ਹੇ ਕੀਤੇ ਹੱਥ

ਇਸ ਮਾਮਲੇ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ 3 ਦਿਨਾਂ ਦੀ ਕਸਟਡੀ ਪੈਰੋਲ ਨੂੰ ਲੈ ਕੇ ਪੰਜਾਬ ਪੁਲਿਸ ਨੇ ਹੱਥ ਖੜ੍ਹੇ ਕਰ ਦਿੱਤੇ ਸਨ। ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਕੋਲ ਇੰਨੇ ਦਿਨਾਂ ਲਈ ਸੁਰੱਖਿਆ ਵਿਵਸਥਾ ਦਾ ਇੰਤਜ਼ਾਮ ਨਹੀਂ ਹੈ ਅਤੇ ਉਹ ਸਿਰਫ਼ 3 ਘੰਟਿਆਂ ਤੱਕ ਹੀ ਸੁਰੱਖਿਆ ਪ੍ਰਬੰਧ ਕਰ ਸਕਦੇ ਹਨ। ਇਸੇ ਕਾਰਨ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਦੀ ਹੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਹੈ।

Loading...
Unable to load recommendations.
Follow Us