ਵਿਧਾਇਕ ਡਾ. ਚਰਨਜੀਤ ਸਿੰਘ ਨੇ ਛੱਡੀ AAP, ਅਕਾਲੀ ਦਲ ‘ਚ ਸ਼ਾਮਲ; ਟਿਕਟ ਕੱਟਣ ਤੋਂ ਸਨ ਨਾਰਾਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਡਾ. ਚਰਨਜੀਤ ਸਿੰਘ ਦੇ ਪਾਰਟੀ 'ਚ ਸ਼ਾਮਲ ਹੋਣ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਡਾ. ਚਰਨਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਨੂੰ ਅਕਾਲੀ ਦਲ 'ਚ ਬਣਦਾ ਮਾਣ-ਸਤਿਕਾਰ ਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸੀ ਗਰਮਾਈ ਹੋਈ ਹੈ। ਟਿਕਟਾਂ ਦੀ ਵੰਡ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ‘ਚ ਨਾਰਾਜ਼ਗੀ ਤੇ ਦਲ-ਬਦਲੀ ਦਾ ਦੌਰ ਵੀ ਜਾਰੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਚਮਕੌਰ ਸਾਹਿਬ ਤੋਂ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਉਹ ਨਾਰਾਜ਼ ਚੱਲ ਰਹੇ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਡਾ. ਚਰਨਜੀਤ ਸਿੰਘ ਦੇ ਪਾਰਟੀ ‘ਚ ਸ਼ਾਮਲ ਹੋਣ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਡਾ. ਚਰਨਜੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਮੈਡੀਕਲ ਖੇਤਰ ‘ਚ ਚੰਗੀ ਪਛਾਣ ਰੱਖਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਡਾ. ਚਰਨਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਨੂੰ ਅਕਾਲੀ ਦਲ ‘ਚ ਬਣਦਾ ਮਾਣ-ਸਤਿਕਾਰ ਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਾ. ਚਰਨਜੀਤ ਸਿੰਘ ਦੇ ਪਾਰਟੀ ‘ਚ ਆਉਣ ਨਾਲ ਇਲਾਕੇ ਵਿੱਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਰਾ ਕੇ ਸੁਰਖੀਆਂ ‘ਚ ਆਏ ਸਨ ਡਾ. ਚਰਨਜੀਤ ਸਿੰਘ
ਡਾ. ਚਰਨਜੀਤ ਸਿੰਘ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚਮਕੌਰ ਸਾਹਿਬ ਹਲਕੇ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਇਸ ਜਿੱਤ ਤੋਂ ਬਾਅਦ ਉਹ ਸੂਬੇ ਦੀ ਸਿਆਸਤ ‘ਚ ਚਰਚਾ ਦਾ ਵਿਸ਼ਾ ਬਣ ਗਏ ਸਨ।
ਹਾਲਾਂਕਿ, 2027 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ ਥਾਂ ਸਾਬਕਾ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਚਮਕੌਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ। ਇਸ ਫੈਸਲੇ ਤੋਂ ਬਾਅਦ ਡਾ. ਚਰਨਜੀਤ ਸਿੰਘ ਦੀ ਪਾਰਟੀ ਲੀਡਰਸ਼ਿਪ ਨਾਲ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਸੀ।
ਇਹ ਵੀ ਪੜ੍ਹੋ
‘ਆਪ’ ਤੋਂ ਚੱਲ ਰਹੇ ਸਨ ਨਾਰਾਜ਼
ਡਾ. ਚਰਨਜੀਤ ਸਿੰਘ ਨੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਸੀ ਕਿ ਪਾਰਟੀ ਨੇ ਉਨ੍ਹਾਂ ਨਾਲ ਦੋ ਵਾਰ ਧੋਖਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ 2022 ‘ਚ ਚੰਨੀ ਨੂੰ ਹਰਾਉਣ ਦੇ ਬਾਵਜੂਦ ਉਨ੍ਹਾਂ ਨੂੰ ਭਗਵੰਤ ਮਾਨ ਸਰਕਾਰ ‘ਚ ਮੰਤਰੀ ਨਹੀਂ ਬਣਾਇਆ ਗਿਆ ਤੇ ਹੁਣ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਟਿਕਟ ਵੀ ਕੱਟ ਦਿੱਤੀ ਗਈ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਟਿਕਟ ਕੱਟਣ ਦਾ ਕਾਰਨ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਨਹੀਂ ਦੱਸਿਆ ਗਿਆ।
