ਪੰਜਾਬ ‘ਚ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, 24 ਘੰਟਿਆਂ ‘ਚ ਸ਼ਹਿਰਾਂ ਦੀ ਸਫ਼ਾਈ ਦਾ ਦਾਅਵਾ

Published: 

03 Aug 2026 23:51 PM IST

ਪੰਜਾਬ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। ਸਰਕਾਰ ਅਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਵਿਚਾਲੇ ਹੋਏ ਸਫ਼ਲ ਸਮਝੌਤੇ ਤੋਂ ਬਾਅਦ ਅਗਲੇ 24 ਘੰਟਿਆਂ ਦੇ ਅੰਦਰ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਪੂਰੀ ਤਰ੍ਹਾਂ ਦੁਰੁਸਤ ਕਰ ਦਿੱਤਾ ਜਾਵੇਗਾ।

ਪੰਜਾਬ ਚ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, 24 ਘੰਟਿਆਂ ਚ ਸ਼ਹਿਰਾਂ ਦੀ ਸਫ਼ਾਈ ਦਾ ਦਾਅਵਾ

ਪੰਜਾਬ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। ਸਰਕਾਰ ਅਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਵਿਚਾਲੇ ਹੋਏ ਸਫ਼ਲ ਸਮਝੌਤੇ ਤੋਂ ਬਾਅਦ ਅਗਲੇ 24 ਘੰਟਿਆਂ ਦੇ ਅੰਦਰ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਪੂਰੀ ਤਰ੍ਹਾਂ ਦੁਰੁਸਤ ਕਰ ਦਿੱਤਾ ਜਾਵੇਗਾ। ਸਫ਼ਾਈ ਮੁਲਾਜ਼ਮਾਂ ਨੇ ਸਰਕਾਰ ਨਾਲ ਇਹ ਵਾਅਦਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਤਨਖਾਹਾਂ ਵਿੱਚ ਕੀਤਾ ਵਾਧਾ 1 ਅਗਸਤ ਤੋਂ ਲਾਗੂ ਕਰ ਦਿੱਤਾ ਗਿਆ ਹੈ।

ਇਨ੍ਹਾਂ ਅਹਿਮ ਮੰਗਾਂ ‘ਤੇ ਬਣੀ ਸਹਿਮਤੀ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇੱਕ ਮਿੰਟ ਦੀ ਵੀਡੀਓ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਹਿੱਤ ਵਿੱਚ ਬਹੁਤ ਵੱਡੇ ਅਤੇ ਇਤਿਹਾਸਕ ਫ਼ੈਸਲੇ ਲਏ ਗਏ ਹਨ। ਇਨ੍ਹਾਂ ਫ਼ੈਸਲਿਆਂ ਵਿੱਚ ਸ਼ਾਮਲ ਹਨ।

ਸਫ਼ਾਈ ਸੇਵਕਾਂ ਦੀ ਮਹੀਨਾਵਾਰ ਤਨਖਾਹ 10 ਹਜ਼ਾਰ ਰੁਪਏ ਤੋਂ ਵਧਾ ਕੇ 20 ਹਜ਼ਾਰ ਰੁਪਏ ਕਰਨਾ।

3 ਸਾਲ ਦਾ ਸੇਵਾ ਕਾਲ ਪੂਰਾ ਕਰਨ ਵਾਲੇ ਆਊਟਸੋਰਸ ਮੁਲਾਜ਼ਮਾਂ ਨੂੰ ਇਨ-ਸੋਰਸ ਕਰਨਾ।

ਸਾਲ 2021 ਵਿੱਚ ਇਨ-ਸੋਰਸ ਹੋਏ ਕਰਮਚਾਰੀਆਂ ਨੂੰ ਪੱਕਾ ਕਰਨਾ।

ਪੱਕੇ ਹੋਣ ਅਤੇ ਸੇਵਾਵਾਂ ਲਈ ਉਮਰ ਲੰਘਣ ਦੀ ਸ਼ਰਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ।

ਮੰਤਰੀ ਬੈਂਸ ਨੇ ਦੱਸਿਆ ਕਿ ਤਨਖਾਹ ਵਾਧੇ ਦਾ ਇਹ ਫ਼ੈਸਲਾ 1 ਅਗਸਤ ਤੋਂ ਲਾਗੂ ਮੰਨਿਆ ਜਾਵੇਗਾ। ਉਨ੍ਹਾਂ ਸਫ਼ਾਈ ਸੇਵਕਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਪੂਰੇ ਪੰਜਾਬ ਵਿੱਚ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।

ਜੰਗੀ ਪੱਧਰ ‘ਤੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਜ਼ਿਕਰਯੋਗ ਹੈ ਕਿ ਲਗਭਗ ਤਿੰਨ ਹਫ਼ਤਿਆਂ ਤੱਕ ਚੱਲੀ ਇਸ ਹੜਤਾਲ ਕਾਰਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਥਾਂ-ਥਾਂ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਸਨ। ਇਸ ਦੇ ਨਾਲ ਹੀ, ਸੀਵਰਮੈਨਾਂ ਦੀ ਹੜਤਾਲ ਕਰਕੇ ਕਈ ਇਲਾਕਿਆਂ ਵਿੱਚ ਸੀਵਰੇਜ ਜਾਮ ਹੋ ਗਏ ਸਨ ਅਤੇ ਗੰਦੇ ਪਾਣੀ ਦੀ ਨਿਕਾਸੀ ਗੰਭੀਰ ਰੂਪ ਨਾਲ ਪ੍ਰਭਾਵਿਤ ਹੋਈ ਸੀ। ਮਾਨਸੂਨ ਦੇ ਇਸ ਮੌਸਮ ਵਿੱਚ ਬੀਮਾਰੀਆਂ ਫੈਲਣ ਦਾ ਖ਼ਤਰਾ ਵੀ ਕਾਫ਼ੀ ਵਧ ਗਿਆ ਸੀ।

ਹੁਣ ਸਰਕਾਰ ਅਤੇ ਹੜਤਾਲੀ ਕਰਮਚਾਰੀਆਂ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਨਗਰ ਨਿਗਮਾਂ ਨੇ ਜੇ.ਸੀ.ਬੀ. (JCB) ਮਸ਼ੀਨਾਂ ਅਤੇ ਸਫ਼ਾਈ ਕਰਮਚਾਰੀਆਂ ਦੀ ਮਦਦ ਨਾਲ ਜੰਗੀ ਪੱਧਰ ‘ਤੇ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਸ਼ਹਿਰਾਂ ਦੀ ਸਥਿਤੀ ਨੂੰ ਜਲਦ ਤੋਂ ਜਲਦ ਆਮ ਵਰਗੀ ਬਣਾਇਆ ਜਾ ਸਕੇ।

Follow Us