ਪੰਜਾਬ ਚੋਣ ਕਮਿਸ਼ਨ ਵੱਲੋਂ ਸਥਾਨਕ ਚੋਣਾਂ ਦਾ ਐਲਾਨ, ਹੁਸ਼ਿਆਰਪੁਰ ਸਮੇਤ 4 ਥਾਵਾਂ ‘ਤੇ 5 ਜੁਲਾਈ ਨੂੰ ਹੋਵੇਗੀ ਵੋਟਿੰਗ
ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਲੋਕਾਂ ਲਈ ਇੱਕ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ। ਰਾਜ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਨਗਰ ਨਿਗਮ ਸਮੇਤ ਸੂਬੇ ਦੇ 4 ਦੀਆਂ ਚੋਣਾਂ ਦੇ ਪ੍ਰੋਗਰਾਮ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ।
ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਲੋਕਾਂ ਲਈ ਇੱਕ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ। ਰਾਜ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਨਗਰ ਨਿਗਮ ਸਮੇਤ ਸੂਬੇ ਦੇ 4 ਨਿਗਮਾਂ ‘ਚ ਸਥਾਨਕ ਚੋਣਾਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਚੋਣਾਂ ਦੇ ਇਸ ਐਲਾਨ ਦੇ ਨਾਲ ਹੀ ਸਬੰਧਤ ਇਲਾਕਿਆਂ ਵਿੱਚ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ, ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਪੂਰੀ ਤਰ੍ਹਾਂ ਪ੍ਰਭਾਵੀ ਰਹੇਗਾ।
ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਵੇਰਵਿਆਂ ਅਨੁਸਾਰ, ਇਨ੍ਹਾਂ ਚਾਰਾਂ ਨਿਕਾਇਆਂ ਲਈ 5 ਜੁਲਾਈ, 2026 ਨੂੰ ਵੋਟਾਂ ਪਾਈਆਂ ਜਾਣਗੀਆਂ। ਮਤਦਾਨ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗਾ। ਇਹ ਚੋਣਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਰਾਹੀਂ ਕਰਵਾਈਆਂ ਜਾਣਗੀਆਂ ਅਤੇ ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੋਣ ਦੇ ਤੁਰੰਤ ਬਾਅਦ ਹੀ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ।
22 ਜੂਨ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ
ਇਨ੍ਹਾਂ ਸਥਾਨਕ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣ ਦੇ ਇੱਛੁਕ ਉਮੀਦਵਾਰ 22 ਜੂਨ ਤੋਂ ਆਪਣੇ ਨਾਮਜ਼ਦਗੀ ਪੱਤਰ (Nomination Papers) ਦਾਖਲ ਕਰ ਸਕਣਗੇ। ਕਮਿਸ਼ਨ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25 ਜੂਨ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਬਾਅਦ 26 ਜੂਨ ਨੂੰ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ ਯੋਗ ਉਮੀਦਵਾਰ 27 ਜੂਨ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।
ਪੰਜਾਬ ਦੇ ਇਨ੍ਹਾਂ ਚਾਰ ਨਗਰ ਨਿਕਾਇਆਂ ਵਿੱਚ ਹੋਣਗੀਆਂ ਚੋਣਾਂ
ਰਾਜ ਚੋਣ ਕਮਿਸ਼ਨ ਵੱਲੋਂ ਜਿਨ੍ਹਾਂ ਚਾਰ ਸਥਾਨਕ ਨਿਕਾਇਆਂ ਵਿੱਚ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
- ਨਗਰ ਨਿਗਮ ਹੁਸ਼ਿਆਰਪੁਰ
- ਨਗਰ ਕੌਂਸਲ ਗੁਰੂਹਰਸਹਾਏ (ਜ਼ਿਲ੍ਹਾ ਫਿਰੋਜ਼ਪੁਰ)
- ਨਗਰ ਕੌਂਸਲ ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ)
- ਨਗਰ ਪੰਚਾਇਤ ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)
ਚੋਣ ਕਮਿਸ਼ਨ ਨੇ ਮੁਕੰਮਲ ਕੀਤੀਆਂ ਤਿਆਰੀਆਂ
ਰਾਜ ਚੋਣ ਕਮਿਸ਼ਨ ਨੇ ਪੂਰੇ ਦਾਅਵੇ ਨਾਲ ਕਿਹਾ ਹੈ ਕਿ ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਅਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰ (RO) ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੇ ਹੋਣਗੇ। ਚੋਣਾਂ ਦੇ ਬਿਗਲ ਵੱਜਣ ਸਾਰ ਹੀ ਸਬੰਧਤ ਖੇਤਰਾਂ ਵਿੱਚ ਰਾਜਨੀਤਿਕ ਸਰਗਰਮੀਆਂ ਬੇਹੱਦ ਤੇਜ਼ ਹੋ ਗਈਆਂ ਹਨ ਅਤੇ ਸਥਾਨਕ ਪੱਧਰ ‘ਤੇ ਚੋਣ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ।


