ਧੱਕੇਸ਼ਾਹੀ ਬਰਦਾਸ਼ਤ ਨਹੀਂ… PU ਸੈਨੇਟ ਭੰਗ ਮਾਮਲੇ ‘ਚ ਮੁੱਖ ਮੰਤਰੀ ਦਾ ਬਿਆਨ, ਬੋਲੇ- ਹਾਈਕੋਰਟ ਪਹੁੰਚ ਕਰਾਂਗੇ
ਸੀਐਮ ਮਾਨ ਨੇ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਜਾਂ ਕਿਸੇ ਵੀ ਰਾਜ ਵਿਧਾਨ ਸਭਾ ਦੁਆਰਾ ਬਣਾਏ ਗਏ ਐਕਟ ਨੂੰ ਨੋਟੀਫਿਕੇਸ਼ਨ ਰਾਹੀਂ ਰੱਦ ਨਹੀਂ ਕੀਤਾ ਜਾ ਸਕਦਾ, ਪਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਮਾਮਲੇ 'ਚ ਅਜਿਹੀ ਧੱਕੇਸ਼ਾਹੀ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ (ਪੀਯੂ) ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਨਿੰਦਾ ਕੀਤੀ ਹੈ। ਇੱਕ ਵੀਡੀਓ ਸੰਦੇਸ਼ ‘ਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨੇ ਇੱਕ ਵਾਰ ਫਿਰ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ।
ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਕੇਂਦਰ ਸਰਕਾਰ ਨੇ ਪੰਜਾਬ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਪੰਜਾਬ ਸਰਕਾਰ ਹਾਈ ਕੋਰਟ ਤੇ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ।
ਇਸ ਲਈ, ਪੰਜਾਬ ਸਰਕਾਰ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਜਾਂ ਕਿਸੇ ਵੀ ਰਾਜ ਵਿਧਾਨ ਸਭਾ ਦੁਆਰਾ ਬਣਾਏ ਗਏ ਐਕਟ ਨੂੰ ਨੋਟੀਫਿਕੇਸ਼ਨ ਰਾਹੀਂ ਰੱਦ ਨਹੀਂ ਕੀਤਾ ਜਾ ਸਕਦਾ, ਪਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਮਾਮਲੇ ‘ਚ ਅਜਿਹੀ ਧੱਕੇਸ਼ਾਹੀ ਕੀਤੀ ਹੈ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ ਸੰਵਿਧਾਨਕ ਤੌਰ ‘ਤੇ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ..ਦੇਸ਼ ਦੇ ਉੱਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਵਿਰੁੱਧ ਡਟਕੇ ਲੜਾਈ ਲੜਾਂਗੇ..ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਵਿੱਚ ਵੀ ਮੁੱਦਾ ਲਿਆਂਦਾ
— Bhagwant Mann (@BhagwantMann) November 5, 2025
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਬੀਬੀਐਮਬੀ ਮੁੱਦੇ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਿਆ ਸੀ। ਹੁਣ, ਇਹ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ‘ਚ ਪੰਜਾਬ ਯੂਨੀਵਰਸਿਟੀ ‘ਚ ਲੜਕੀਆਂ ਦੇ ਹੋਸਟਲ ਦੀ ਉਸਾਰੀ ਲਈ ਇੱਕ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਹੈ, ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਅਜੇ ਵੀ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰੇਗੀ।


