ਪੰਜਾਬ ਵਿਜੀਲੈਂਸ ਹੱਥ ਲੱਗੀ ਵੱਡੀ ਸਫਲਤਾ, ਗੁਜਰਾਤ ਚੋਂ ਚੁੱਕ ਲਿਆਂਦੇ ਪਰਲਜ਼ ਗਰੁੱਪ ਦੇ ਤਿੰਨ ਮੁਲਜ਼ਮ, ਖੁੱਲ੍ਹਣਗੀਆਂ ਅਹਿਮ ਪਰਤਾਂ

Updated On: 

23 Oct 2023 21:40 PM

ਪਰਲਜ਼ ਧੋਖਾਧੜੀ ਮਾਮਲੇ 'ਚ ਪੰਜਾਬ ਵਿਜੀਲੈਂਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਇਸ ਧੋਖਾਧੜੀ ਦੇ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ। ਇਹ ਤਿੰਨੋਂ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (PACL) ਕੇਸ ਵਿੱਚ ਭਗੌੜੇ ਸਨ। ਇਹਨਾਂ ਨੂੰ ਵਿਜੀਲੈਂਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਗੁਜਰਾਤ ਪੁਲਿਸ ਦੀ ਮਦਦ ਨਾਲ ਗ੍ਰਿਫਤਾਰ ਕੀਤਾ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਸ਼ਮਸ਼ਪੁਰ ਦੇ ਰਹਿਣ ਵਾਲੇ ਹਰਕੀਰਤ ਸਿੰਘ, ਪਿੰਡ ਜਲਵੇੜਾ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਅਤੇ ਬਠਿੰਡਾ ਦੇ ਪਿਡੰ ਗੋਨਿਆਣਾ ਕਲਾਂ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਵਜੋਂ ਹੋਈ।

ਪੰਜਾਬ ਵਿਜੀਲੈਂਸ ਹੱਥ ਲੱਗੀ ਵੱਡੀ ਸਫਲਤਾ, ਗੁਜਰਾਤ ਚੋਂ ਚੁੱਕ ਲਿਆਂਦੇ ਪਰਲਜ਼ ਗਰੁੱਪ ਦੇ ਤਿੰਨ ਮੁਲਜ਼ਮ, ਖੁੱਲ੍ਹਣਗੀਆਂ ਅਹਿਮ ਪਰਤਾਂ
Follow Us On

ਪੰਜਾਬ ਨਿਊਜ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਿਲ੍ਹਾ ਫਿਰੋਜ਼ਪੁਰ (Ferozepur) ਦੇ ਥਾਣਾ ਸ਼ਹਿਰੀ ਜ਼ੀਰਾ ਵਿਖੇ 16 ਜੁਲਾਈ 2020 ਨੂੰ ਇਹਨਾਂ ਮੁਲਜ਼ਮਾਂ ਖਿਲਾਫ ਆਈਪੀਸੀ ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਹਨਾਂ ‘ਤੇ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਪਿੰਡ ਘੋਲੂਮਾਜਰਾ ਵਿਖੇ ਪੀ.ਏ.ਸੀ.ਐਲ. ਦੀਆਂ ਵੱਖ-ਵੱਖ ਜਾਇਦਾਦਾਂ ਦੀ ਗੈਰ-ਕਾਨੂੰਨੀ ਤੌਰ ਤੇ ਤਬਾਦਲਾ-ਏ-ਮਲਕੀਅਤ ਕਰਨ ਦਾ ਦੋਸ਼ ਹੈ।

ਜਦੋਂਕਿ ਮੁਲਜ਼ਮਾਂ ਨੂੰ ਇਸ ਗੱਲ ਦੀ ਜਾਣਕਾਰੀ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀਏਸੀਐੱਲ ਨੂੰ ਕਿਸੇ ਵੀ ਅਜਿਹੀ ਜਾਇਦਾਦ ਨੂੰ ਵੇਚਣ ਜਾਂ ਤਬਾਦਲਾ-ਏ-ਮਲਕੀਅਤ ਕਰਨ ਤੇ ਰੋਕ ਲਗਾਈ ਹੋਈ ਹੈ। ਇਸਦੇ ਬਾਵਜੂਦ ਇਨ੍ਹਾਂ ਮੁਲਜ਼ਮਾਂ ਨੇ ਜਾਇਦਾਦਾਂ ਦੀ ਫ਼ਰੋਖ਼ਤ ਅਤੇ ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ।

ਤਿੰਨੇ ਮੁਲਜ਼ਮਾਂ ਨੂੰ ਅਦਾਲਤ ‘ਚ ਕੀਤਾ ਪੇਸ਼

ਵਿਜੀਲੈਂਸ ਬੁਲਾਰੇ ਅਨੁਸਾਰ ਉਕਤ ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। ਇਸਤੋਂ ਪਹਿਲਾਂ ਹੀ ਪੀਏਸੀਐਲ ਦੇ ਮੈਨੇਜਿੰਗ ਡਾਇਰੈਕਟਰ (Managing Director) ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ, ਗੈਰ-ਕਾਨੂੰਨੀ ਤੌਰ ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ ਵਿੱਚੋਂ ਧਰਮਿੰਦਰ ਸਿੰਘ ਸੰਧੂ ਅਤੇ ਪੀਏਸੀਐਲ ਦੇ ਗੈਰ ਕਾਨੂੰਨੀ ਡਾਇਰੈਕਟਰਾਂ ਦੀ ਨਿਯੁਕਤੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਵਾਲੇ ਸੀਏ ਜਸਵਿੰਦਰ ਸਿੰਘ ਡਾਂਗ ਨੂੰ ਇਸੇ ਕੇਸ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਲੋਹੀਆ ਕਮੇਟੀ ਦਾ ਕੀਤਾ ਗਿਆ ਗਠਨ

ਵਰਨਣਯੋਗ ਹੈ ਕਿ ਸੁਪਰੀਮ ਕੋਰਟ (Supreme Court) ਦੇ ਹੁਕਮਾਂ ਅਨੁਸਾਰ ਜਸਟਿਸ (ਸੇਵਾਮੁਕਤ) ਆਰਐੱਮ ਲੋਹੀਆ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਤਹਿਤ ਇਹ ਸਪੱਸ਼ਟ ਹਦਾਇਤ ਸੀ ਕਿ ਦੋਸ਼ੀ ਕੰਪਨੀ ਵੱਲੋਂ ਸ਼ੁਰੂ ਕੀਤੀ ਗਈ ਸਮੂਹਿਕ ਨਿਵੇਸ਼ ਯੋਜਨਾ (ਸੀਆਈਐੱਸ) ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਮੋੜਨ ਲਈ ਪੀਏਸੀਐੱਲ ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਤੋਂ ਬਾਅਦ ਹੋਣ ਵਾਲੇ ਵਿਕਰੀ ਦੀ ਵਰਤੋਂ ਕੀਤੀ ਜਾਵੇ।

ਤਿੰਨ ਡਾਇਰੈਕਟਰਾਂ ਦੀ ਗੈਰ-ਕਾਨੂੰਨੀ ਨਿਯੁਕਤੀ

ਵਿਜੀਲੈਂਸ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਹਰਕੀਰਤ ਸਿੰਘ ਦੀ ਭੂਮਿਕਾ ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ ਵਿਖੇ ਮਿਤੀ 21 ਫਰਵਰੀ 2023 ਨੂੰ ਦਰਜ ਧੋਖਾਧੜੀ ਦੇ ਇੱਕ ਹੋਰ ਮੁਕੱਦਮੇ ‘ਚ ਦੱਸੀ ਜਾ ਰਹੀ ਹੈ। ਇਸ ਕੇਸ ਵਿੱਚ 1 ਜਨਵਰੀ 2023 ਨੂੰ ਹੋਈ ਜਨਰਲ ਬਾਡੀ ਦੀ ਮੀਟਿੰਗ ਦੀ ਫਰਜ਼ੀ ਕਾਰਵਾਈ ਦੇ ਆਧਾਰ ਤੇ ਪੀਏਸੀਐਲ ਦੇ ਤਿੰਨ ਡਾਇਰੈਕਟਰਾਂ ਦੀ ਗੈਰ-ਕਾਨੂੰਨੀ ਨਿਯੁਕਤੀ ਅਤੇ ਪੀਏਸੀਐਲ ਜਾਇਦਾਦਾਂ ਨਾਲ ਜੁੜੇ ਵਿਅਕਤੀਆਂ ਤੋਂ ਪੈਸਾ ਵਸੂਲਣ ਵਿੱਚ ਉਸਦੀ ਭੂਮਿਕਾ ਦੱਸੀ ਜਾਂਦੀ ਹੈ।