ਬਰਨਾਲਾ ‘ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਤਪਾ ਦਾ ਪਟਵਾਰੀ 30,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Updated On: 

17 Oct 2026 10:05 AM IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਬਰਨਾਲਾ ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਤਪਾ ਦਾ ਪਟਵਾਰੀ 30,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਇਸ ਕਾਰਵਾਈ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਅਧਿਕਾਰਤ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਅੱਗੇ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਉਸ ਦੀ ਜੱਦੀ ਜ਼ਮੀਨ ਦਾ ਇੰਤਕਾਲ ਸਰਕਾਰੀ ਰਿਕਾਰਡ ਵਿੱਚ ਦਰਜ ਕਰਨ ਦੇ ਇਵਜ਼ ਵਜੋਂ 30,000 ਰੁਪਏ ਰਿਸ਼ਵਤ ਦੀ ਲਗਾਤਾਰ ਮੰਗ ਕਰ ਰਿਹਾ ਸੀ।

ਵਿਜੀਲੈਂਸ ਨੇ ਟਰੈਪ ਲਗਾ ਕੇ ਰੰਗੇ ਹੱਥੀਂ ਦਬੋਚਿਆ

ਮਿਲੇ ਵੇਰਵਿਆਂ ਮੁਤਾਬਕ ਸ਼ਿਕਾਇਤਕਰਤਾ ਰਿਸ਼ਵਤ ਦੇਣ ਦਾ ਚਾਹਵਾਨ ਨਹੀਂ ਸੀ, ਜਿਸ ਕਾਰਨ ਉਸ ਨੇ ਇਸ ਭ੍ਰਿਸ਼ਟਾਚਾਰ ਦੀ ਸੂਚਨਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਤੱਥ ਸਹੀ ਪਾਏ ਜਾਣ ‘ਤੇ ਵਿਜੀਲੈਂਸ ਦੀ ਟੀਮ ਨੇ ਮੁਲਜ਼ਮ ਨੂੰ ਫੜਨ ਲਈ ਯੋਜਨਾਬੱਧ ਤਰੀਕੇ ਨਾਲ ਜਾਲ ਵਿਛਾਇਆ।

ਜਿਵੇਂ ਹੀ ਸ਼ਿਕਾਇਤਕਰਤਾ ਨੇ ਪਟਵਾਰੀ ਮਨੀਸ਼ ਕੁਮਾਰ ਨੂੰ ਰਿਸ਼ਵਤ ਦੀ ਰਕਮ ਸੌਂਪੀ, ਤਾਂ ਪਹਿਲਾਂ ਤੋਂ ਤਿਆਰ ਬੈਠੀ ਵਿਜੀਲੈਂਸ ਟੀਮ ਨੇ ਦੋ ਸਰਕਾਰੀ (ਨਿਰਪੱਖ) ਗਵਾਹਾਂ ਦੀ ਹਾਜ਼ਰੀ ਵਿੱਚ ਛਾਪਾ ਮਾਰ ਕੇ ਉਸ ਨੂੰ 30,000 ਰੁਪਏ ਦੀ ਰਿਸ਼ਵਤ ਦੀ ਰਕਮ ਸਮੇਤ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਰਿਸ਼ਵਤ ਵਜੋਂ ਵਰਤੇ ਗਏ ਕੈਮੀਕਲ ਲੱਗੇ ਨੋਟ ਵੀ ਬਰਾਮਦ ਕਰ ਲਏ ਹਨ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ

ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਸਬੰਧੀ ਮੁਲਜ਼ਮ ਪਟਵਾਰੀ ਮਨੀਸ਼ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ (ਪ੍ਰੀਵੈਂਸ਼ਨ ਆਫ਼ ਕੁਰੱਪਸ਼ਨ ਐਕਟ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਬਾਕਾਇਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਵੱਲੋਂ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਸ ਮਾਮਲੇ ਵਿੱਚ ਮਾਲ ਵਿਭਾਗ ਦਾ ਕੋਈ ਹੋਰ ਕਰਮਚਾਰੀ ਜਾਂ ਅਧਿਕਾਰੀ ਵੀ ਸ਼ਾਮਲ ਸੀ।

Loading...
Unable to load recommendations.
Follow Us