ਪੰਜਾਬ ਨੂੰ ਸਿੱਖਿਆ ਦਾ ਕੇਂਦਰ ਬਣਾਵਾਂਗੇ, CM ਬੋਲੇ- ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ
ਮੁੱਖ ਮੰਤਰੀ ਭਗਵੰਤ ਮਾਨ ਧੂਰੀ ਹਲਕੇ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ 'ਚ ਕਰਵਾਏ ਗਏ ਖੇਤਰੀ ਯੁਵਾ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਪੜ੍ਹਾਈ ਤੇ ਮਿਹਨਤ 'ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰੀ ਸਕੂਲਾਂ ‘ਚ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ, ਹੁਨਰ ਤੇ ਰਚਨਾਤਮਕਤਾ ਪੰਜਾਬ ਦੀ ਸਭ ਤੋਂ ਵੱਡੀ ਪੂੰਜੀ ਹਨ ਤੇ ਸੂਬੇ ਦਾ ਭਵਿੱਖ ਨੌਜਵਾਨਾਂ ਨੂੰ ਜੀਵਨ ਦੇ ਹਰ ਖੇਤਰ ‘ਚ ਮਿਲਣ ਵਾਲੇ ਮੌਕਿਆਂ ‘ਤੇ ਨਿਰਭਰ ਕਰਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਧੂਰੀ ਹਲਕੇ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ‘ਚ ਕਰਵਾਏ ਗਏ ਖੇਤਰੀ ਯੁਵਾ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਪੜ੍ਹਾਈ ਤੇ ਮਿਹਨਤ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ।
ਬਿਨਾਂ ਸਿਫ਼ਾਰਸ਼ ਤੇ ਰਿਸ਼ਵਤ ਤੋਂ ਦਿੱਤੀਆਂ 70 ਹਜ਼ਾਰ ਤੋਂ ਵੱਧ ਨੌਕਰੀਆਂ
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਯੋਗਤਾ ਦੇ ਆਧਾਰ ‘ਤੇ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਆਪਣੀ ਪੜ੍ਹਾਈ ਤੇ ਸਖ਼ਤ ਮਿਹਨਤ ‘ਤੇ ਧਿਆਨ ਦੇਣ, ਕਿਉਂਕਿ ਪੰਜਾਬ ਸਰਕਾਰ ਹਰ ਕਦਮ ‘ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੇ ਚੁਣੇ ਹੋਏ ਨੁਮਾਇੰਦਿਆਂ ਦੀ ਲੋੜ ਹੈ, ਜੋ ਲੋਕਾਂ ਦੇ ਦੁੱਖਾਂ ਤੇ ਸਮੱਸਿਆਵਾਂ ਨੂੰ ਸਮਝਣ ਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨ।
39 ਕਾਲਜਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ
ਯੁਵਾ ਮੇਲੇ ‘ਚ 39 ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ‘ਤੇ ਮੁੱਖ ਮੰਤਰੀ ਨੇ ਖੁਸ਼ੀ ਪ੍ਰਗਟ ਕੀਤੀ। ਇਸ ਮੇਲੇ ਦੌਰਾਨ ਚਾਰ ਪੜਾਵਾਂ ‘ਚ 60 ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ, ਰਚਨਾਤਮਕਤਾ ਤੇ ਹੁਨਰ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਇਸ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਈ ਦਹਾਕਿਆਂ ਤੋਂ ਯੁਵਾ ਮੇਲੇ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ
ਮੁੱਖ ਮੰਤਰੀ ਨੇ ਕਿਹਾ ਕਿ ਸੰਗੀਤ, ਨਾਚ, ਥੀਏਟਰ, ਸਾਹਿਤ ਤੇ ਲੋਕ ਕਲਾਵਾਂ ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ‘ਚ ਰਚਨਾਤਮਕ ਸੋਚ, ਭਾਵਨਾਤਮਕ ਸਮਝ, ਆਪਸੀ ਸਤਿਕਾਰ ਤੇ ਸਹਿਯੋਗ ਦੀ ਭਾਵਨਾ ਪੈਦਾ ਕਰਦੀਆਂ ਹਨ। ਸਿੱਖਿਆ ਦਾ ਉਦੇਸ਼ ਸਿਰਫ਼ ਡਿਗਰੀਆਂ ਹਾਸਲ ਕਰਨਾ ਨਹੀਂ, ਸਗੋਂ ਜਾਗਰੂਕ, ਸੰਵੇਦਨਸ਼ੀਲ ਤੇ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਵੀ ਹੈ।
ਜਿੱਤਣ ਵਾਲੇ ਨਿਮਰ ਰਹਿਣ, ਹਾਰਨ ਵਾਲੇ ਹੋਰ ਮਿਹਨਤ ਕਰਨ
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਕਾਬਲਿਆਂ ‘ਚ ਹਿੱਸਾ ਲੈਣਾ ਆਪਣੇ ਆਪ ‘ਚ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਜਿੱਤਣ ਵਾਲਿਆਂ ਨੂੰ ਨਿਮਰ ਰਹਿਣਾ ਚਾਹੀਦਾ ਹੈ, ਜਦਕਿ ਹਾਰਨ ਵਾਲਿਆਂ ਨੂੰ ਨਿਰਾਸ਼ ਹੋਣ ਦੀ ਬਜਾਏ ਹੋਰ ਮਿਹਨਤ ਕਰਨੀ ਚਾਹੀਦੀ ਹੈ।
ਉਨ੍ਹਾਂ ਆਪਣੇ ਸੋਸ਼ਲ ਮੀਡੀਆ ਸੰਦੇਸ਼ ‘ਚ ਵੀ ਕਿਹਾ ਕਿ ਨੌਜਵਾਨਾਂ ਦੇ ਉਤਸ਼ਾਹ ਤੇ ਕਲਾਤਮਕ ਹੁਨਰ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੇ ਸ਼ੁਰੂਆਤੀ ਦਿਨਾਂ ਦੀ ਯਾਦ ਆ ਗਈ, ਕਿਉਂਕਿ ਉਨ੍ਹਾਂ ਦਾ ਸਫ਼ਰ ਵੀ ਅਜਿਹੇ ਮੰਚਾਂ ਤੋਂ ਸ਼ੁਰੂ ਹੋਇਆ ਸੀ।
‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਨੂੰ ਸਮਰੱਥ ਬਣਾਉਣਾ ਜ਼ਰੂਰੀ
ਮੁੱਖ ਮੰਤਰੀ ਨੇ ਆਪਣੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਤੇ ਤਰੱਕੀਸ਼ੀਲ ਬਣਾਉਣ ਲਈ ਨੌਜਵਾਨਾਂ ਨੂੰ ਗਿਆਨ, ਆਤਮ-ਵਿਸ਼ਵਾਸ, ਰਚਨਾਤਮਕਤਾ ਤੇ ਮਜ਼ਬੂਤ ਉਦੇਸ਼ ਦੀ ਭਾਵਨਾ ਨਾਲ ਲੈਸ ਕਰਨਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਤੇ ਆਪਣੀ ਸਮਰੱਥਾ ‘ਤੇ ਭਰੋਸਾ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਤੇ ਸੱਭਿਆਚਾਰਕ ਵਿਭਿੰਨਤਾ ਨੂੰ ਸਨਮਾਨ ਦੇਣ ਵਾਲੇ ਮੰਚ ਵਿਦਿਆਰਥੀਆਂ ਨੂੰ ਸਮਰੱਥ ਆਗੂ ਤੇ ਜ਼ਿੰਮੇਵਾਰ ਨਾਗਰਿਕ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ।
