ਰਾਹੁਲ ਗਾਂਧੀ FIR ਮਾਮਲਾ: ਭਾਜਪਾ ਵਿਰੁੱਧ ਪੰਜਾਬ ਕਾਂਗਰਸ ਨੇ ਖੋਲ੍ਹਿਆ ਮੋਰਚਾ, ਜਲੰਧਰ ਤੋਂ ਸ਼ੁਰੂ ਕਰਨਗੇ ਅੰਦੋਲਨ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉੱਤਰਾਖੰਡ ਦੇ ਹਲਦਵਾਨੀ ਸ਼ਹਿਰ 'ਚ ਰਾਮਲੀਲਾ ਮੈਦਾਨ ਵਿਖੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਹੋਈ ਸੀ। ਰੈਲੀ ਤੋਂ ਬਾਅਦ ਭਾਜਪਾ ਵੱਲੋਂ ਮੈਦਾਨ ਦਾ ਸ਼ੁੱਧੀਕਰਨ ਕੀਤਾ ਗਿਆ, ਜਿਸ ਨੂੰ ਲੈ ਕੇ ਕਾਂਗਰਸ 'ਚ ਭਾਰੀ ਰੋਸ ਹੈ।
ਉੱਤਰਾਖੰਡ ‘ਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਰੋਸ ਪਾਇਆ ਜਾ ਰਿਹਾ ਹੈ। ਕਾਂਗਰਸ ਆਗੂਆਂ ਨੇ ਇਸ ਕਾਰਵਾਈ ਨੂੰ ਗਲਤ ਕਰਾਰ ਦਿੰਦਿਆਂ ਭਾਜਪਾ ਖ਼ਿਲਾਫ਼ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸੇ ਮਾਮਲੇ ਨੂੰ ਲੈ ਕੇ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸੀ ਆਗੂਆਂ ਨੇ ਭਾਜਪਾ ‘ਤੇ ਤਿੱਖੇ ਨਿਸ਼ਾਨੇ ਸਾਧੇ।
ਪ੍ਰੈੱਸ ਕਾਨਫਰੰਸ ‘ਚ ਰਾਜਿੰਦਰ ਬੇਰੀ, ਸੁਖਵਿੰਦਰ ਕੋਟਲੀ, ਲਾਡੀ ਸ਼ੇਰੋਵਾਲੀਆ, ਬਾਵਾ ਹੈਨਰੀ, ਸੁਰਿੰਦਰ ਚੌਧਰੀ, ਸੁਰਿੰਦਰ ਕੌਰ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਰਹੇ।
ਹਲਦਵਾਨੀ ਦੀ ਘਟਨਾ ਨੂੰ ਲੈ ਕੇ ਕਾਂਗਰਸ ‘ਚ ਰੋਸ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉੱਤਰਾਖੰਡ ਦੇ ਹਲਦਵਾਨੀ ਸ਼ਹਿਰ ‘ਚ ਰਾਮਲੀਲਾ ਮੈਦਾਨ ਵਿਖੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਹੋਈ ਸੀ। ਰੈਲੀ ਤੋਂ ਬਾਅਦ ਭਾਜਪਾ ਵੱਲੋਂ ਮੈਦਾਨ ਦਾ ਸ਼ੁੱਧੀਕਰਨ ਕੀਤਾ ਗਿਆ, ਜਿਸ ਨੂੰ ਲੈ ਕੇ ਕਾਂਗਰਸ ‘ਚ ਭਾਰੀ ਰੋਸ ਹੈ।
ਕੋਟਲੀ ਨੇ ਕਿਹਾ ਕਿ ਇਹ ਧਰਤੀ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ। ਦੇਸ਼ ਦੀ ਆਜ਼ਾਦੀ ਲਈ ਗੁਰੂਆਂ ਤੇ ਮਹਾਨ ਸ਼ਖ਼ਸੀਅਤਾਂ ਨੇ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਲਿਖਿਆ ਤੇ ਬਰਾਬਰੀ ਦਾ ਸੰਦੇਸ਼ ਦਿੱਤਾ। ਭਾਜਪਾ ਵੱਲੋਂ ਕੀਤੀ ਗਈ ਕਾਰਵਾਈ ਦੇਸ਼ ਦੇ ਗਰੀਬ ਤੇ ਦਲਿਤ ਵਰਗ ਦਾ ਅਪਮਾਨ ਹੈ।
ਰਾਹੁਲ ਗਾਂਧੀ ਖ਼ਿਲਾਫ਼ ਐਫਆਈਆਰ ‘ਤੇ ਭੜਕੀ ਕਾਂਗਰਸ
ਸੁਖਵਿੰਦਰ ਕੋਟਲੀ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਰਾਹੁਲ ਗਾਂਧੀ ਨੇ ਜਾਤੀਵਾਦ ਦੇ ਆਧਾਰ ‘ਤੇ ਲੋਕਾਂ ਨੂੰ ਵੰਡ ਰਹੀ ਭਾਜਪਾ ਖਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਤੋਂ ਬਾਅਦ ਰਾਹੁਲ ਗਾਂਧੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ।
ਇਹ ਵੀ ਪੜ੍ਹੋ
ਕੋਟਲੀ ਨੇ ਕਿਹਾ ਕਿ ਰਾਹੁਲ ਗਾਂਧੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭਾਜਪਾ ਵੱਲੋਂ ਉਨ੍ਹਾਂ ਖ਼ਿਲਾਫ਼ ਕਈ ਐਫਆਈਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਇਸ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ‘ਚ ਹਿੰਮਤ ਹੈ ਤਾਂ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕਰਕੇ ਦਿਖਾਏ।
ਜਲੰਧਰ ਤੋਂ ਅੰਦੋਲਨ ਸ਼ੁਰੂ ਕਰਨ ਦਾ ਐਲਾਨ
ਕਾਂਗਰਸ ਆਗੂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲੰਧਰ ਦੀ ਧਰਤੀ ਤੋਂ ਜਲਦ ਹੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੇ ਨਾਲ ਹੀ ਵੱਖ-ਵੱਖ ਹਲਕਿਆਂ ‘ਚ ਭਾਜਪਾ ਦੇ ਦਫ਼ਤਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ।
ਕੋਟਲੀ ਨੇ ਇਲਜ਼ਾਮ ਲਗਾਇਆ ਕਿ ਭਾਜਪਾ ਦੇ ਆਗੂ ਮੁੱਖ ਮੁੱਦੇ ‘ਤੇ ਗੱਲ ਕਰਨ ਤੋਂ ਕਤਰਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਲਿਤ ਤੇ ਗਰੀਬ ਵਰਗ ਦੇ ਲੋਕ ਇਸ ਮਾਮਲੇ ਨੂੰ ਲੈ ਕੇ ਚੁੱਪ ਨਹੀਂ ਬੈਠਣਗੇ ਤੇ ਕਥਿਤ ਘਟਨਾ ਦਾ ਇਨਸਾਫ਼ ਲੈਣ ਲਈ ਕਾਂਗਰਸ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਾਂਗਰਸ ਨੇ ਸਪੱਸ਼ਟ ਕੀਤਾ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫਆਈਆਰ ਤੇ ਉੱਤਰਾਖੰਡ ਦੀ ਘਟਨਾ ਦੇ ਵਿਰੋਧ ‘ਚ ਪਾਰਟੀ ਵੱਲੋਂ ਪੰਜਾਬ ‘ਚ ਵੱਖ-ਵੱਖ ਪੱਧਰਾਂ ‘ਤੇ ਪ੍ਰਦਰਸ਼ਨ ਕੀਤੇ ਜਾਣਗੇ।
