Punjab Police Raid: ਇੱਕੋ ਸਮੇਂ ਵਿੱਚ110 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ
ਪੰਜਾਬ ਨਿਊਜ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ 110 ਤੋਂ ਵੱਧ ਸਥਾਨਾਂ ‘ਤੇ ਵਿਆਪਕ ਘੇਰਾਬੰਦੀ ਕਰਕੇ ਸਰਚ ਆਪਰੇਸ਼ਨ ਕੀਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।
ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।
ਜ਼ਿਕਰਯੋਗ ਹੈ ਕਿ ਦੇਸ਼-ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ ਦੀਆਂ 110 ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ।
ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਘਰਾਂ ਤੇ ਹੋਰ ਥਾਂਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਈਲ ਫੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ।
ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਸੀ, ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ।
ਇਹ ਵੀ ਪੜ੍ਹੋ
ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ।