Amritpal Singh Contro: ਵੜ੍ਹਿੰਗ ਦਾ ਡੀਜੀਪੀ ਨੂੰ ਪੱਤਰ- ‘ਅੰਮ੍ਰਿਤਪਾਲ ਵਿਰੁੱਧ ਹੋਵੇ ਕਾਰਵਾਈ’
Raja Waring Letter: ਰਾਜਾ ਵੜਿੰਗ ਨੇ ਪਹਿਲਾਂ ਲਿਖੇ ਪੱਤਰ ਵਿੱਚ ਕਿਹਾ ਸੀ ਕਿ ਇਸ ਧਾਰਮਿਕ ਸਮਾਗਮ 'ਚ ਜਿਸ ਤਰ੍ਹਾਂ ਦੇ ਭਾਸ਼ਣ ਦਿੱਤੇ ਗਏ ਸਨ, ਉਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਹੈ।
ਪੰਜਾਬ ਨਿਊਜ: ਅਜਨਾਲਾ ‘ਚ ਅਮ੍ਰਿਤਪਾਲ ਸਿੰਘ (Amrtipal Singh) ਦੇ ਸਮਰਥਕ ਅਤੇ ਪੁਲਿਸ ਵਿਚਾਲੇ ਹੋਈ ਝੜਪ ਤੋਂ ਇੱਕ ਹਫ਼ਤੇ ਬਾਅਦ ਵੀ ਪੰਜਾਬ ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Waring) ਵੱਲੋਂ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪਹਿਲਾਂ ਵੀ ਲਿਖਿਆ ਸੀ ਡੀਜੀਪੀ ਨੂੰ ਪੱਤਰ
ਜਿਕਰਯੋਗ ਹੈ ਕਿ ਸੱਤ ਅਕਤੂਬਰ 2022 ਨੂੰ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਕਿਹਾ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਅੱਤਵਾਦ ਵੱਲ ਧੱਕ ਰਿਹਾ ਹੈ। ਅਸੀਂ ਨੌਜਵਾਨਾਂ ਨੂੰ ਇਸ ਪਾਸੇ ਨਹੀਂ ਜਾਣ ਦਿਆਂਗੇ। ਰਾਜਾ ਵੜਿੰਗ ਨੇ ਆਪਣੇ ਪੱਤਰ ‘ਚ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਲਈ 29 ਸਤੰਬਰ ਨੂੰ ਮੋਗਾ ਦੇ ਪਿੰਡ ਰੋਡੇ ‘ਚ ਹੋਏ ਸਮਾਗਮ ਤੋਂ ਲੋਕਾਂ ‘ਚ ਕਈ ਖਦਸ਼ੇ ਪੈਦਾ ਕਰ ਦਿੱਤੇ ਹਨ।
‘ਅੰਮ੍ਰਿਤਪਾਲ ਨੇ ਦਿੱਤੀਆਂ ਸਨ ਬਹੁਤ ਹੀ ਭੜਕਾਊ ਦਲੀਲਾਂ’
ਉਨ੍ਹਾਂ ਪੱਤਰ ਅੰਦਰ ਲਿਖਿਆ ਸੀ ਕਿ ਇਸ ਸਮਾਗਮ ‘ਚ ਅੰਮ੍ਰਿਤਪਾਲ ਨੇ ਬਹੁਤ ਹੀ ਭੜਕਾਊ ਦਲੀਲਾਂ ਦਿੱਤੀਆਂ ਸਨ। ਇਹ ਮਾਹੌਲ ਖਰਾਬ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਅੰਮ੍ਰਿਤਪਾਲ ਨੇ ਅਜਿਹਾ ਭਾਸ਼ਣ ਕਿਉਂ ਦਿੱਤਾ ਹੈ ਜੋ ਨੌਜਵਾਨਾਂ ਨੂੰ ਗੁੰਮਰਾਹ ਕਰ ਸਕਦਾ ਹੈ। ਉਨ੍ਹਾਂ ਡੀਜੀਪੀ ਨੂੰ ਕਿਹਾ ਸੀ ਕਿ ਮੈਨੂੰ ਯਕੀਨ ਹੈ ਕਿ ਪੁਲਿਸ ਦੀਆਂ ਗਤੀਵਿਧੀਆਂ ‘ਤੇ ਵੀ ਤਿੱਖੀ ਨਜ਼ਰ ਹੋਵੇਗੀ, ਪਰ ਫਿਰ ਵੀ ਇਕ ਪੰਜਾਬੀ ਤੇ ਦੇਸ਼ ਦਾ ਨਾਗਰਿਕ ਹੋਣ ਦੇ ਨਾਤੇ ਮੈਂ ਅਪੀਲ ਕਰਦਾ ਹਾਂ ਕਿ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇ।
ਇਹ ਸੀ ਸਾਰਾ ਮਾਮਲਾ
ਦੱਸ ਦਈਏ ਕਿ 23 ਫਰਵਰੀ ਨੂੰ ਥਾਣਾ ਅਜਨਾਲਾ ਦੇ ਬਾਹਰ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ ਸੀ। ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਐਫਆਈਆਰ ਵੀ ਦਰਜ ਨਹੀਂ ਕੀਤੀ ਗਈ ਹੈ। ਇਸ ਘਟਨਾ ਵਿੱਚ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਐਸ.ਪੀ. ਜੁਗਰਾਜ ਸਿੰਘ ਸਣੇ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ ਅਤੇ ਜੁਗਰਾਜ ਸਿੰਘ ਨੂੰ 11 ਟਾਂਕੇ ਲੱਗੇ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਲਿਖੇ ਗਏ ਪੱਤਰ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ 4 ਮਹੀਨੇ ਪਹਿਲਾਂ ਹੀ ਚਿੱਠੀ ਰਾਹੀਂ ਅਮ੍ਰਿਤਪਾਲ ਸਿੰਘ ਦੀ ਖ਼ਤਰਨਾਕ ਤੇ ਨਾਪਾਕ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਸੀ ਹਾਲਾਂਕਿ ਉਨ੍ਹਾਂ ਦੀ ਚਿੱਠੀ ਦਾ ਨਾ ਤਾਂ ਕੋਈ ਨੋਟਿਸ ਲਿਆ ਗਿਆ ਤੇ ਨਾ ਹੀ ਉਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਗਈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ