ਰਾਜਿੰਦਰ ਕੌਰ ਭੱਠਲ ਦਾ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ, ਕਿਹਾ- ਭਾਜਪਾ ‘ਚ ਕੋਈ ਪੁੱਛ ਨਹੀਂ ਰਿਹਾ
ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ਼ ਕੱਸਦਿਆਂ ਕਿਹਾ ਕਿ ਭਾਜਪਾ ਵਿੱਚ ਪੁੱਛ-ਪ੍ਰਤੀਤ ਨਾ ਹੋਣ ਕਾਰਨ ਉਹ ਕਾਂਗਰਸ ਵਿੱਚ ਪਰਤਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸੱਤਾ ਦੀ ਭੁੱਖ ਛੱਡ ਕੇ ਪ੍ਰਮਾਤਮਾ ਦਾ ਨਾਮ ਲੈਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਅਕਾਲੀ-ਭਾਜਪਾ ਗਠਜੋੜ ਨੂੰ ਡਰਾਮਾ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੇ ਵਾਅਦਿਆਂ ਨੂੰ ਕਾਗਜ਼ੀ ਦੱਸਿਆ।
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਇਹ ਗੱਲ ਕਹਿ ਰਹੇ ਹਨ ਕਿ ਉਹ ਕਾਂਗਰਸ ਵਿੱਚ ਵਾਪਸ ਜਾਣ ਲਈ ਤਿਆਰ ਹਨ, ਕਿਉਂਕਿ ਭਾਰਤੀ ਜਨਤਾ ਪਾਰਟੀ ਵਿੱਚ ਉਨ੍ਹਾਂ ਨੂੰ ਕੋਈ ਪੁੱਛ ਨਹੀਂ ਰਿਹਾ। ਬੀਬੀ ਭੱਠਲ ਨੇ ਕਿਹਾ ਕਿ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਆਗੂ ਦਾ ਇਹ ਬਿਆਨ ਉਨ੍ਹਾਂ ਸਾਰੇ ਲੀਡਰਾਂ ਲਈ ਵੀ ਇੱਕ ਕਰਾਰਾ ਜਵਾਬ ਹੈ, ਜੋ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਅਕਾਲੀ-ਭਾਜਪਾ ਗਠਜੋੜ ਸਿਰਫ਼ ਇੱਕ ਡਰਾਮਾ ਸੀ: ਭੱਠਲ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗਠਜੋੜ ਬਾਰੇ ਬੋਲਦਿਆਂ ਬੀਬੀ ਭੱਠਲ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਪਹਿਲਾਂ ਵੀ ਗਠਜੋੜ ਹੁੰਦੇ ਰਹੇ ਹਨ ਅਤੇ ਕਾਂਗਰਸ ਨੇ ਪਹਿਲਾਂ ਵੀ ਇਨ੍ਹਾਂ ਦੇ ਗਠਜੋੜ ਨੂੰ ਹਰਾ ਕੇ ਸੂਬੇ ਵਿੱਚ ਆਪਣੀਆਂ ਸਰਕਾਰਾਂ ਬਣਾਈਆਂ ਹਨ। ਉਨ੍ਹਾਂ ਤੰਜ਼ ਕੱਸਦਿਆਂ ਕਿਹਾ ਕਿ ਇਨ੍ਹਾਂ ਦਾ ਗਠਜੋੜ ਟੁੱਟਿਆ ਹੀ ਕਦੋਂ ਸੀ, ਪਿਛਲੇ ਸਮੇਂ ਦੌਰਾਨ ਇਹ ਸਭ ਸਿਰਫ਼ ਇੱਕ ਡਰਾਮਾ ਹੀ ਸੀ। ਇਸ ਲਈ ਇਨ੍ਹਾਂ ਦੇ ਮੁੜ ਇਕੱਠੇ ਹੋਣ ਨਾਲ ਕਾਂਗਰਸ ਪਾਰਟੀ ਦੀ ਸਿਆਸੀ ਸਿਹਤ ‘ਤੇ ਕੋਈ ਅਸਰ ਨਹੀਂ ਪਵੇਗਾ।
ਹੁਣ ਸਿਆਸਤ ਵਿੱਚ ਵਾਪਸੀ ਦੀ ਭੁੱਖ ਨਹੀਂ ਰੱਖਣੀ ਚਾਹੀਦੀ
ਰਾਜਿੰਦਰ ਕੌਰ ਭੱਠਲ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਵਿੱਚ ਪੁੱਛ-ਪ੍ਰਤੀਤ ਨਾ ਹੋਣਾ ਅਤੇ ਮੁੜ ਕਾਂਗਰਸ ਵਿੱਚ ਪਰਤਣ ਦੀ ਇੱਛਾ ਜਤਾਉਣਾ ਕਈ ਵੱਡੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਨਸੀਹਤ ਦਿੰਦਿਆਂ ਕਿਹਾ ਕਿ ਹੁਣ ਉਮਰ ਦੇ ਇਸ ਪੜਾਅ ‘ਤੇ ਉੱਪਰ ਜਾਣ ਦਾ ਸਮਾਂ ਆ ਗਿਆ ਹੈ ਅਤੇ ਸਿਆਸਤ ਵਿੱਚ ਵਾਪਸੀ ਕਰਨ ਦੀ ਲਾਲਸਾ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਭਾਵੇਂ ਉਹ ਖ਼ੁਦ ਹੋਣ, ਕੈਪਟਨ ਅਮਰਿੰਦਰ ਸਿੰਘ ਹੋਣ ਜਾਂ ਕੋਈ ਹੋਰ ਸੀਨੀਅਰ ਆਗੂ ਹੁਣ ਸਾਰਿਆਂ ਲਈ ਪ੍ਰਮਾਤਮਾ ਦਾ ਨਾਮ ਲੈਣ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਬਹੁਤ ਰਾਜ ਕਰ ਲਿਆ ਹੈ, ਹੁਣ ਸੱਤਾ ਦੀ ਭੁੱਖ ਨਹੀਂ ਰੱਖਣੀ ਚਾਹੀਦੀ।
15 ਲੱਖ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਹੋਇਆ
ਇਸ ਦੌਰਾਨ ਬੀਬੀ ਭੱਠਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦੇ ਬੈਂਕ ਖਾਤਿਆਂ ਵਿੱਚ 15-15 ਲੱਖ ਰੁਪਏ ਪਾਉਣ ਦੇ ਪੁਰਾਣੇ ਵਾਅਦੇ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੀ ਅਜਿਹੀਆਂ ਵੱਡੀਆਂ ਗੱਲਾਂ ਕਰਦੇ ਸਨ, ਪਰ ਅੱਜ ਤੱਕ ਕਿਸੇ ਦੇ ਖਾਤੇ ਵਿੱਚ ਪੈਸੇ ਨਹੀਂ ਆਏ।
ਇਸੇ ਤਰ੍ਹਾਂ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਐਲਾਨ ਵੀ ਸਿਰਫ਼ ਕਹਿਣ ਦੀਆਂ ਹੀ ਗੱਲਾਂ ਹਨ। ਇਹ ਸਾਰੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹਨ ਜਾਂ ਫਿਰ ਸਰਕਾਰੀ ਖ਼ਜ਼ਾਨੇ ਵਿੱਚੋਂ ਪੈਸਾ ਖ਼ਰਚ ਕਰਕੇ ਸਿਰਫ਼ ਆਪਣੀ ਮਸ਼ਹੂਰੀ ਕੀਤੀ ਜਾ ਰਹੀ ਹੈ, ਜਦਕਿ ਜ਼ਮੀਨੀ ਪੱਧਰ ‘ਤੇ ਕੋਈ ਵੀ ਕੰਮ ਨਹੀਂ ਹੋ ਰਿਹਾ।


