ਬਰਨਾਲਾ ‘ਚ BJP ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਵਧਾਈ ਸਰਗਰਮੀ, ਵਿਕਾਸ ਕਾਰਜਾਂ ਲਈ ਦਿੱਤੇ ਫੰਡ
ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਐੱਮ.ਡੀ. ਪਦਮਸ਼੍ਰੀ ਰਾਜਿੰਦਰ ਗੁਪਤਾ ਵੱਲੋਂ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਆਪਣੀ ਸਰਗਰਮੀ ਤੇਜ਼ ਕਰਦਿਆਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਲੋਕ ਭਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।
ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਐੱਮ.ਡੀ. ਪਦਮਸ਼੍ਰੀ ਰਾਜਿੰਦਰ ਗੁਪਤਾ ਵੱਲੋਂ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਆਪਣੀ ਸਰਗਰਮੀ ਤੇਜ਼ ਕਰਦਿਆਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਲੋਕ ਭਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਇਸੇ ਕੜੀ ਤਹਿਤ ਟਰਾਈਡੈਂਟ ਗਰੁੱਪ ਵੱਲੋਂ ਕਰਵਾਏ ਗਏ ਵਿਸ਼ੇਸ਼ ‘ਮਿਲਣੀ ਸਮਾਗਮ’ ਦੌਰਾਨ ਹਲਕੇ ਦੇ ਲੋੜਵੰਦ ਪਿੰਡਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਸੰਸਦ ਮੈਂਬਰ ਨਿਧੀ (ਐੱਮ.ਪੀ. ਫੰਡ) ਅਧੀਨ ਵਿਕਾਸ ਕਾਰਜਾਂ ਲਈ ਵਿੱਤੀ ਸਹਾਇਤਾ ਜਾਰੀ ਕੀਤੀ ਗਈ।
ਇਸ ਸਮਾਗਮ ਦੌਰਾਨ ਰਾਜਿੰਦਰ ਗੁਪਤਾ ਨੇ ਪੰਚਾਇਤ ਨੁਮਾਇੰਦਿਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
2027 ਦੀਆਂ ਚੋਣਾਂ ਨੂੰ ਲੈ ਕੇ ਭਖੀਆਂ ਸਿਆਸੀ ਚਰਚਾਵਾਂ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਵੱਖ-ਵੱਖ ਪਾਰਟੀਆਂ ਦੇ ਆਗੂ ਆਪਣੇ-ਆਪਣੇ ਪੱਧਰ ‘ਤੇ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਪਾਰਟੀ ਦਾ ਪ੍ਰਚਾਰ ਕਰਨ ਵਿੱਚ ਜੁਟੇ ਹੋਏ ਹਨ। ਇਸੇ ਦੌਰਾਨ ਟਰਾਈਡੈਂਟ ਗਰੁੱਪ ਦੇ ਮੁਖੀ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀਆਂ ਬਰਨਾਲਾ ਖੇਤਰ ਵਿੱਚ ਲਗਾਤਾਰ ਲੋਕਾਂ ਨਾਲ ਹੋ ਰਹੀਆਂ ਮੁਲਾਕਾਤਾਂ ਕਾਰਨ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।
ਸਥਾਨਕ ਲੋਕਾਂ ਵਿੱਚ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਰਾਜਿੰਦਰ ਗੁਪਤਾ 2027 ਦੀਆਂ ਚੋਣਾਂ ਵਿੱਚ ਬਰਨਾਲਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਜ਼ਬੂਤ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਹਾਲਾਂਕਿ, ਜਦੋਂ ਉਨ੍ਹਾਂ ਤੋਂ ਚੋਣ ਲੜਨ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਉਨ੍ਹਾਂ ਦੀ ਚੋਣ ਲੜਨ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਮਜ਼ਬੂਤੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਕੀਤਾ ਦਾਅਵਾ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਮੁਲਕ ਦੀ ਆਰਥਿਕ ਤਰੱਕੀ ਦਾ ਜ਼ਿਕਰ ਕਰਦਿਆਂ ਰਾਜਿੰਦਰ ਗੁਪਤਾ ਨੇ ਕਿਹਾ ਕਿ ਭਾਜਪਾ ਨੇ ਦੇਸ਼ ਵਿੱਚ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਅਨੁਸਾਰ, ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਬੁਨਿਆਦੀ ਢਾਂਚੇ, ਆਰਥਿਕਤਾ ਅਤੇ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਬਿਹਤਰ ਕੰਮ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ ‘ਤੇ ਅੱਗੇ ਤੋਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਮਜ਼ਬੂਤ ਉਦਯੋਗਿਕ ਸੂਬਾ ਬਣਾਉਣ ਦੀ ਸਖ਼ਤ ਲੋੜ ਹੈ, ਕਿਉਂਕਿ ਜਦੋਂ ਸੂਬੇ ਵਿੱਚ ਉਦਯੋਗ ਅਤੇ ਵਪਾਰ ਵਧਣਗੇ ਤਾਂ ਨਾ ਸਿਰਫ਼ ਆਰਥਿਕਤਾ ਮਜ਼ਬੂਤ ਹੋਵੇਗੀ, ਸਗੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।
ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਵੱਡੀ ਯੂਨੀਵਰਸਿਟੀ ਦੀ ਲੋੜ
ਬਰਨਾਲਾ ਵਿਧਾਨ ਸਭਾ ਹਲਕੇ ਦੇ ਵਿਕਾਸ ਸਬੰਧੀ ਆਪਣਾ ਪੱਖ ਰੱਖਦਿਆਂ ਰਾਜਿੰਦਰ ਗੁਪਤਾ ਨੇ ਕਿਹਾ ਕਿ ਬਰਨਾਲਾ ਵਿੱਚ ਇੱਕ ਵੱਡੇ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਨਿਰਮਾਣ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਆਪਣੇ ਹੀ ਸ਼ਹਿਰ ਵਿੱਚ ਮਿਲ ਸਕਣ ਅਤੇ ਉਨ੍ਹਾਂ ਨੂੰ ਇਲਾਜ ਲਈ ਦੂਜੇ ਸ਼ਹਿਰਾਂ ਵੱਲ ਰੁਖ਼ ਨਾ ਕਰਨਾ ਪਵੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਰਨਾਲਾ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਰਹੀ ਹੈ ਕਿ ਇੱਥੇ ਇੱਕ ਵੱਡੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇ, ਜਿਸ ਨਾਲ ਖੇਤਰ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਬਿਹਤਰ ਮੌਕੇ ਹਾਸਲ ਹੋ ਸਕਣ। ਉਨ੍ਹਾਂ ਮੰਨਿਆ ਕਿ ਸ਼ਹਿਰ ਦੇ ਵਿਕਾਸ ਨਾਲ ਜੁੜੇ ਕਈ ਹੋਰ ਕਾਰਜ ਵੀ ਹਾਲੇ ਅਧੂਰੇ ਪਏ ਹਨ, ਜਿਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਪੂਰਾ ਕਰਵਾਉਣ ਦੀ ਲੋੜ ਹੈ। ਉਨ੍ਹਾਂ ਮੁਤਾਬਕ ਬਰਨਾਲਾ ਦੇ ਸਮੁੱਚੇ ਵਿਕਾਸ ਲਈ ਸਿਹਤ, ਸਿੱਖਿਆ, ਉਦਯੋਗ ਅਤੇ ਰੁਜ਼ਗਾਰ ਵਰਗੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਣਾ ਬੇਹੱਦ ਜ਼ਰੂਰੀ ਹੈ।
2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦਾ ਹਵਾਲਾ ਦਿੰਦਿਆਂ ਰਾਜਿੰਦਰ ਗੁਪਤਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਟੀਚਾ ਸਾਲ 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ, ਤਾਂ ਜੋ ਸੂਬੇ ਦਾ ਨੌਜਵਾਨ ਵਰਗ ਮੁੜ ਆਪਣੀ ਮਿਹਨਤ, ਪ੍ਰਤਿਭਾ ਅਤੇ ਊਰਜਾ ਦੇ ਦਮ ‘ਤੇ ਸੂਬੇ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੇ ਮੌਕੇ ਮੁਹੱਈਆ ਕਰਵਾਉਣੇ ਪੈਣਗੇ, ਤਾਂ ਜੋ ਨੌਜਵਾਨ ਪੀੜ੍ਹੀ ਵਿਕਾਸ ਦੀ ਮੁੱਖ ਧਾਰਾ ਨਾਲ ਜੁੜ ਸਕੇ।
ਪੰਜਾਬ ਨੂੰ ਉਦਯੋਗਿਕ ਅਤੇ ਆਰਥਿਕ ਪੱਖੋਂ ਮਜ਼ਬੂਤ ਬਣਾਉਣ ‘ਤੇ ਜ਼ੋਰ
ਰਾਜਿੰਦਰ ਗੁਪਤਾ ਨੇ ਆਪਣੀ ਗੱਲ ਜਾਰੀ ਰੱਖਦਿਆਂ ਕਿਹਾ ਕਿ ਦੇਸ਼ ਦੇ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਕਾਰਜਸ਼ੀਲ ਹਨ, ਉੱਥੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਆਰਥਿਕ ਗਤੀਵਿਧੀਆਂ ਦੇ ਖੇਤਰ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਭਾਜਪਾ ਤੋਂ ਵੱਡੀਆਂ ਉਮੀਦਾਂ ਹਨ।
ਉਨ੍ਹਾਂ ਮੁੜ ਦੁਹਰਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣੇਗੀ ਅਤੇ ਸੂਬੇ ਨੂੰ ਮੁੜ ਵਿਕਾਸ, ਉਦਯੋਗ ਅਤੇ ਵਪਾਰ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾਵੇਗਾ। ਉਨ੍ਹਾਂ ਅਨੁਸਾਰ, ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਵਪਾਰਕ ਗਤੀਵਿਧੀਆਂ ਦਾ ਵਿਸਥਾਰ ਕੀਤਾ ਜਾਵੇਗਾ, ਜਿਸ ਨਾਲ ਸੂਬੇ ਦੀ ਆਰਥਿਕ ਹਾਲਤ ਸੁਧਰਨ ਦੇ ਨਾਲ-ਨਾਲ ਆਮ ਲੋਕਾਂ ਲਈ ਵੀ ਰੁਜ਼ਗਾਰ ਦੇ ਵਸੀਲੇ ਪੈਦਾ ਹੋਣਗੇ।


