ਲੁਧਿਆਣਾ ਪੁੱਜੇ ਕੇਂਦਰੀ ਮੰਤਰੀ ਅਠਾਵਲੇ, ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ‘ਤੇ ਭੜਕੇ; ਬੋਲੇ-ਅਕਾਲੀ-BJP ਗਠਜੋੜ ‘ਚ ਸ਼ਾਮਲ ਹੋਣ ਲਈ ਤਿਆਰ
ਰਿਪਬਲਿਕਨ ਪਾਰਟੀ ਆਫ਼ ਇੰਡੀਆ (ਆਰਪੀਆਈ) ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਲੁਧਿਆਣਾ ਪਹੁੰਚੇ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਆਖਿਆ ਹੈ ਕਿ ਸੂਬੇ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਕਾਇਮ ਹੋਣਾ ਚਾਹੀਦਾ ਹੈ।
ਰਿਪਬਲਿਕਨ ਪਾਰਟੀ ਆਫ਼ ਇੰਡੀਆ (ਆਰਪੀਆਈ) ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਲੁਧਿਆਣਾ ਪਹੁੰਚੇ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਆਖਿਆ ਹੈ ਕਿ ਸੂਬੇ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਕਾਇਮ ਹੋਣਾ ਚਾਹੀਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਇਸ ਗਠਜੋੜ ਵਿੱਚ ਸ਼ਾਮਲ ਹੋ ਕੇ ਦੋਵਾਂ ਧਿਰਾਂ ਨਾਲ ਮਿਲ ਕੇ ਆਗਾਮੀ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੁਧਿਆਣਾ ਵਿਖੇ ਬੀਤੇ ਦਿਨੀਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਸ਼ਰਮਨਾਕ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਜ਼ੋਰਦਾਰ ਮੰਗ ਕੀਤੀ। ਕੇਂਦਰੀ ਮੰਤਰੀ ਅਠਾਵਲੇ ਆਪਣੇ ਪੰਜਾਬ ਦੌਰੇ ਦੌਰਾਨ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
2029 ‘ਚ ਵੀ ਨਰਿੰਦਰ ਮੋਦੀ ਦੀ ਅਗਵਾਈ ‘ਚ ਬਣੇਗੀ NDA ਸਰਕਾਰ
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਰਾਮਦਾਸ ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ NDA ਦਾ ਅਹਿਮ ਅਤੇ ਅਟੁੱਟ ਅੰਗ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ ਅਗਵਾਈ ਹੇਠ ਦੇਸ਼ ਨੇ ਆਰਥਿਕ ਮੋਰਚੇ ‘ਤੇ ਇਤਿਹਾਸਕ ਪੁਲਾਂਘਾਂ ਪੁੱਟੀਆਂ ਹਨ ਅਤੇ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਆਰਥਿਕ ਮਹਾਸ਼ਕਤੀ ਬਣ ਚੁੱਕਾ ਹੈ। ਉਨ੍ਹਾਂ ਪੂਰੇ ਭਰੋਸੇ ਨਾਲ ਦਾਅਵਾ ਕੀਤਾ ਕਿ ਸਾਲ 2029 ਵਿੱਚ ਵੀ ਦੇਸ਼ ਅੰਦਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੀ NDA ਦੀ ਮਜ਼ਬੂਤ ਸਰਕਾਰ ਬਣੇਗੀ। ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰ ਕਾਂਗਰਸ ‘ਤੇ ਵਰ੍ਹਦਿਆਂ ਆਰੋਪ ਲਾਇਆ ਕਿ ਕਾਂਗਰਸ ਪਾਰਟੀ ਲੋਕਾਂ ਨੂੰ ਗੁਮਰਾਹ ਕਰਨ ਲਈ ਨਿਰੰਤਰ ਝੂਠੀ ਬਿਆਨਬਾਜ਼ੀ ਦਾ ਸਹਾਰਾ ਲੈ ਰਹੀ ਹੈ।
ਪੰਜਾਬ ਵਿੱਚ ਦਲਿਤ ਭਾਈਚਾਰੇ ਦੀ ਵੱਡੀ ਤਾਕਤ
ਆਪਣੇ ਪੰਜਾਬ ਦੌਰੇ ਦਾ ਹਵਾਲਾ ਦਿੰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ (ਐੱਸ.ਸੀ.) ਭਾਈਚਾਰੇ ਦੀ ਵੱਡੀ ਆਬਾਦੀ ਵੱਸਦੀ ਹੈ। ਇਸੇ ਦੌਰਾਨ ਉਨ੍ਹਾਂ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨਾਲ ਵੀ ਅਸ਼ੀਰਵਾਦ ਲੈਣ ਲਈ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਅੰਦਰ ਅਕਾਲੀ-ਭਾਜਪਾ ਗਠਜੋੜ ਵਿੱਚ ਸ਼ਾਮਲ ਹੋ ਕੇ ਆਰਪੀਆਈ ਬੇਹੱਦ ਅਹਿਮ ਭੂਮਿਕਾ ਨਿਭਾਅ ਸਕਦੀ ਹੈ, ਕਿਉਂਕਿ ਪਹਿਲਾਂ ਵੀ ਪੰਜਾਬ ਵਿਧਾਨ ਸਭਾ ਅੰਦਰ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਨੁਮਾਇੰਦਗੀ ਕਰ ਚੁੱਕੇ ਹਨ।
ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ‘ਤੇ ਭੜਕੇ
ਲੁਧਿਆਣਾ ਵਿੱਚ ਵਾਪਰੀ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਮੰਦਭਾਗੀ ਘਟਨਾ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਅਠਾਵਲੇ ਨੇ ਕਿਹਾ ਕਿ ਬਾਬਾ ਸਾਹਿਬ ਨੇ ਕਿਸੇ ਇੱਕ ਵਰਗ ਲਈ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਬਰਾਬਰੀ, ਮਜ਼ਬੂਤੀ ਅਤੇ ਕਲਿਆਣ ਲਈ ਆਪਣਾ ਜੀਵਨ ਸਮਰਪਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਮਹਾਂਪੁਰਖਾਂ ਦਾ ਨਿਰਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਹਰਕਤ ਵਿੱਚ ਆ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ
ਸੰਜੇ ਦੱਤ ਦੇ ਮਰਾਠੀ ਵਿਵਾਦ ‘ਤੇ ਦਿੱਤਾ ਸੁਲਝਿਆ ਬਿਆਨ
ਇਸ ਦੌਰਾਨ ਬਾਲੀਵੁੱਡ ਅਦਾਕਾਰ ਸੰਜੇ ਦੱਤ ਵੱਲੋਂ ਮਰਾਠੀ ਭਾਸ਼ਾ ਨਾ ਬੋਲਣ ਸਬੰਧੀ ਛਿੜੇ ਵਿਵਾਦ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਰਾਮਦਾਸ ਅਠਾਵਲੇ ਨੇ ਆਖਿਆ ਕਿ ਉਨ੍ਹਾਂ ਦੀ ਪਾਰਟੀ ਦੀ ਸੋਚ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਮਰਾਠੀ ਭਾਸ਼ਾ ਬੋਲਣੀ ਨਹੀਂ ਆਉਂਦੀ, ਤਾਂ ਉਸ ਨੂੰ ਭਾਸ਼ਾ ਸਿੱਖਣ ਲਈ ਪੰਜ ਸਾਲ ਦਾ ਸਮਾਂ ਮਿਲਣਾ ਚਾਹੀਦਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਮੁੰਬਈ ਦੇਸ਼ ਦੀ ਆਰਥਿਕ ਰਾਜਧਾਨੀ ਹੈ ਜਿੱਥੇ ਦੇਸ਼ ਦੇ ਹਰ ਕੋਨੇ ਤੋਂ ਲੋਕ ਆ ਕੇ ਵੱਸਦੇ ਹਨ, ਠੀਕ ਇਸੇ ਤਰ੍ਹਾਂ ਮਰਾਠੀ ਭਾਈਚਾਰੇ ਦੇ ਲੋਕ ਵੀ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਵਿੱਚ ਪਿਆਰ ਨਾਲ ਰਹਿ ਰਹੇ ਹਨ।
