ਰਾਵੀ ਵਿੱਚ ਵਧਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਵੱਲੋਂ 12 ਅਕਤੂਬਰ ਤੱਕ ਦਰਿਆ ਪਾਰ ਕਰਨ ਤੇ ਪਾਬੰਦੀ

Published: 

04 Oct 2025 10:10 AM IST

Punjab Flood: ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਅਜਨਾਲਾ ਖੇਤਰ ਵਿੱਚ ਹੜ੍ਹ ਦਾ ਖਤਰਾ ਹੈ। ਪ੍ਰਸ਼ਾਸਨ ਨੇ 12 ਅਕਤੂਬਰ ਤੱਕ ਦਰਿਆ ਪਾਰ ਕਰਨ 'ਤੇ ਪਾਬੰਦੀ ਲਗਾਈ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ, ਜਿਸ ਲਈ ਪਹਿਲਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਰਾਵੀ ਵਿੱਚ ਵਧਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਵੱਲੋਂ 12 ਅਕਤੂਬਰ ਤੱਕ ਦਰਿਆ ਪਾਰ ਕਰਨ ਤੇ ਪਾਬੰਦੀ
Follow Us On

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦਾ ਅਜਨਾਲਾ ਖੇਤਰ ਫਿਰ ਤੋਂ ਹੜ੍ਹ ਦੇ ਖਤਰੇ ਹੇਠਾਂ ਹਨ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਲੱਗਿਆ ਹੈ। ਜਿਸ ਕਾਰਨ ਪ੍ਰਸ਼ਾਸਨ ਵੱਲੋਂ ਚੌਕਸੀ ਬਰਤਣੀ ਸ਼ੁਰੂ ਕਰ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਜਿਸ ਕਰਕੇ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ।

ਅਜਨਾਲਾ ਪ੍ਰਸ਼ਾਸਨ ਵੱਲੋਂ ਚੇਤਾਵਨੀ ਜਾਰੀ

ਇਸ ਸੰਬੰਧੀ ਐਸਡੀਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨਾਲ ਇੱਕ ਖਾਸ ਮੀਟਿੰਗ ਕੀਤੀ। ਉਨ੍ਹਾਂ ਨੇ ਸਪਸ਼ਟ ਹੁਕਮ ਜਾਰੀ ਕੀਤੇ ਕਿ ਕੋਈ ਵੀ ਵਿਅਕਤੀ 12 ਅਕਤੂਬਰ ਤੱਕ ਰਾਵੀ ਦਰਿਆ ਪਾਰ ਨਾ ਕਰੇ। ਇਸ ਤੋਂ ਇਲਾਵਾ, ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਆਪਣੇ ਪਸ਼ੂ, ਟਰੈਕਟਰ ਅਤੇ ਹੋਰ ਜਰੂਰੀ ਸਮਾਨ ਤੁਰੰਤ ਸੁਰੱਖਿਅਤ ਥਾਵਾਂ ਤੇ ਪਹੁੰਚਾ ਲੈਣ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਵਿੱਚ ਹੜ੍ਹ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ। ਇਸ ਲਈ ਇਸ ਵਾਰ ਪਹਿਲਾਂ ਹੀ ਤਿਆਰੀ ਕਰਨੀ ਬਹੁਤ ਜ਼ਰੂਰੀ ਹੈ। ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਰਾਹਤ ਟੀਮਾਂ ਅਤੇ ਸਥਾਨਕ ਅਧਿਕਾਰੀ ਹਰ ਵੇਲੇ ਸਾਵਧਾਨ ਰਹਿਣਗੇ ਤਾਂ ਜੋ ਕਿਸੇ ਵੀ ਐਮਰਜੈਂਸੀ ਹਾਲਾਤ ਨਾਲ ਨਿਪਟਿਆ ਜਾ ਸਕੇ।

ਐਸਡੀਐਮ ਨੇ ਲੋਕਾਂ ਨੂੰ ਕੀਤੀ ਅਪੀਲ

ਐਸਡੀਐਮ ਰਵਿੰਦਰ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ। ਕੋਈ ਵੀ ਵਿਅਕਤੀ ਆਪਣੀ ਜਾਨ ਨੂੰ ਖਤਰੇ ਵਿੱਚ ਨਾ ਪਾਏ ਅਤੇ ਜੇਕਰ ਕੋਈ ਮੁਸੀਬਤ ਆਉਂਦੀ ਹੈ ਤਾਂ ਤੁਰੰਤ ਸਥਾਨਕ ਪ੍ਰਸ਼ਾਸਨ ਨਾਲ ਸੰਪਰਕ ਕਰੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਸੰਭਾਵਿਤ ਖਤਰੇ ਦਾ ਸਹੀ ਤਰੀਕੇ ਨਾਲ ਮੁਕਾਬਲਾ ਕੀਤਾ ਜਾ ਸਕਦਾ ਹੈ।

ਇਸ ਤਰ੍ਹਾਂ ਅਜਨਾਲਾ ਖੇਤਰ ਵਿੱਚ ਹਾਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਪ੍ਰਸ਼ਾਸਨ ਵੱਲੋਂ ਪੂਰੀ ਸਾਵਧਾਨੀ ਬਰਤੀ ਜਾ ਰਹੀ ਹੈ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਬਣਾਈ ਗਈ ਹੈ।