ਰੁਦਰਪ੍ਰਯਾਗ ਨਿਹੰਗ ਸਿੱਖ ਟਕਰਾਅ: ਸੀਐਮ ਮਾਨ ਨੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸ਼ਾਂਤੀਪੂਰਨ ਹੱਲ ਦੀ ਅਪੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਿਤੀ ਦਾ ਨੋਟਿਸ ਲਿਆ ਹੈ ਤੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਫੋਨ 'ਤੇ ਗੱਲਬਾਤ ਕੀਤੀ ਹੈ। ਗੱਲਬਾਤ ਦੌਰਾਨ ਸੀਐਮ ਮਾਨ ਨੇ ਸ਼ਾਂਤੀਪੂਰਨ ਹੱਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤੇ ਅਪੀਲ ਕੀਤੀ ਕਿ ਕੋਈ ਵੀ ਪ੍ਰਸ਼ਾਸਕੀ ਜਾਂ ਕਾਨੂੰਨੀ ਕਾਰਵਾਈ ਕਰਨ ਤੋਂ ਪਹਿਲਾਂ ਦੋਵਾਂ ਧਿਰਾਂ ਨੂੰ ਨਿਰਪੱਖਤਾ ਨਾਲ ਸੁਣਿਆ ਜਾਵੇ।
ਰੁਦਰਪ੍ਰਯਾਗ ਨਿਹੰਗ ਸਿੱਖ ਟਕਰਾਅ: ਸੀਐਮ ਮਾਨ ਨੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ
ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਦੇ ਨਗਰਾਸੁ ਗੁਰਦੁਆਰੇ ‘ਚ ਨਿਹੰਗ ਸਿੱਖਾ ਤੇ ਸਥਾਨਕ ਵਪਾਰੀਆਂ ਵਿਚਕਾਰ ਵਿਵਾਦ ਤੀਜੇ ਦਿਨ ਵੀ ਜਾਰੀ ਹੈ। ਪ੍ਰਸ਼ਾਸਨ ਤੇ ਨਿਹੰਗਾ ਵਿਚਕਾਰ ਚੱਲ ਰਹੀ ਗੱਲਬਾਤ ਦੇ ਬਾਵਜੂਦ ਖੇਤਰ ‘ਚ ਤਣਾਅ ਬਣਿਆ ਹੋਇਆ ਹੈ। ਲਗਭਗ 6 ਨਿਹੰਗ ਸਿੱਖ ਅਜੇ ਵੀ ਗੁਰਦੁਆਰੇ ਦੀਆਂ ਤੀਜੀ ਤੇ ਚੌਥੀ ਮੰਜ਼ਿਲ ‘ਤੇ ਬਣੇ ਹੋਏ ਹਨ, ਜਦੋਂ ਕਿ ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਸਥਿਤੀ ਨੂੰ ਸ਼ਾਂਤੀਪੂਰਨ ਢੰਗ ਨਾਲ ਹੱਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਸੀਐਮ ਮਾਨ ਨੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਿਤੀ ਦਾ ਨੋਟਿਸ ਲਿਆ ਹੈ ਤੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ। ਗੱਲਬਾਤ ਦੌਰਾਨ ਸੀਐਮ ਮਾਨ ਨੇ ਸ਼ਾਂਤੀਪੂਰਨ ਹੱਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤੇ ਅਪੀਲ ਕੀਤੀ ਕਿ ਕੋਈ ਵੀ ਪ੍ਰਸ਼ਾਸਕੀ ਜਾਂ ਕਾਨੂੰਨੀ ਕਾਰਵਾਈ ਕਰਨ ਤੋਂ ਪਹਿਲਾਂ ਦੋਵਾਂ ਧਿਰਾਂ ਨੂੰ ਨਿਰਪੱਖਤਾ ਨਾਲ ਸੁਣਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲੇ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਤੇ ਨਿਰਪੱਖਤਾ ਰਾਹੀਂ ਨਿਆਂ ਯਕੀਨੀ ਬਣਾਉਣਾ ਜ਼ਰੂਰੀ ਹੈ।
ਮੁੱਖ ਮੰਤਰੀ ਮਾਨ ਨੇ ਉੱਤਰਾਖੰਡ ‘ਚ ਮੌਜੂਦ ਸਿੱਖ ਸ਼ਰਧਾਲੂਆਂ ਤੇ ਪੰਜਾਬੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ, ਉਨ੍ਹਾਂ ਨੂੰ ਸੰਜਮ ਬਣਾਈ ਰੱਖਣ ਤੇ ਤਣਾਅ ਵਧਣ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਿੱਖ ਭਾਈਚਾਰੇ ਦੀ ਸੁਰੱਖਿਆ ਤੇ ਅਧਿਕਾਰਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋੜ ਪੈਣ ‘ਤੇ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।
ਕੀ ਹੈ ਪੂਰਾ ਵਿਵਾਦ?
ਜਾਣਕਾਰੀ ਮੁਤਾਬਕ, ਮੌਜੂਦਾ ਸਥਿਤੀ 16 ਜੂਨ ਨੂੰ ਕਰਨਪ੍ਰਯਾਗ ‘ਚ ਤਲਵਾਰਬਾਜ਼ੀ ਨਾਲ ਸਬੰਧਤ ਘਟਨਾ ਤੋਂ ਬਾਅਦ ਚਾਰ ਨਿਹੰਗ ਸਿੱਖਾਂ ਦੀ ਗ੍ਰਿਫਤਾਰੀ ਨਾਲ ਜੁੜੀ ਹੋਈ ਹੈ। ਉਦੋਂ ਤੋਂ, ਇਹ ਨਿਹੰਗ ਸਿੰਘ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਪ੍ਰਸ਼ਾਸਨ ਉਨ੍ਹਾਂ ਨਾਲ ਗੱਲਬਾਤ ਕਰਕੇ ਹੱਲ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਸਥਾਨਕ ਅਧਿਕਾਰੀਆਂ ਦਾ ਦਾਅਵਾ ਹੈ ਕਿ ਨਿਹੰਗ ਪ੍ਰਤੀਨਿਧੀਆਂ ਨਾਲ ਕਈ ਦੌਰ ਦੀ ਗੱਲਬਾਤ ਹੋਈ ਹੈ, ਪਰ ਅਜੇ ਤੱਕ ਕੋਈ ਅੰਤਿਮ ਹੱਲ ਨਹੀਂ ਨਿਕਲਿਆ ਹੈ।
ਹੁਣ ਕੀ ਹੈ ਸਥਿਤੀ?
ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਤੇ ITBP ਦੇ ਜਵਾਨਾਂ ਨੂੰ ਵਿਵਸਥਾ ਬਣਾਈ ਰੱਖਣ ਲਈ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਿਹੰਗਾਂ ਨਾਲ ਗੱਲਬਾਤ ਸਕਾਰਾਤਮਕ ਰਹੀ ਹੈ, ਪਰ ਸਥਿਤੀ ਅਜੇ ਵੀ ਅਣਸੁਲਝੀ ਹੋਈ ਹੈ, ਕਿਉਂਕਿ ਨਿਹੰਗ ਸਿੱਖ ਗੁਰਦੁਆਰਾ ਕੰਪਲੈਕਸ ਦੇ ਅੰਦਰ ਹੀ ਬਣੇ ਹੋਏ ਹਨ। ਅਧਿਕਾਰੀਆਂ ਨੇ ਜਨਤਾ ਨੂੰ ਅਫਵਾਹਾਂ ਨਾ ਫੈਲਾਉਣ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਗੱਲਬਾਤ ਰਾਹੀਂ ਹੱਲ ਕੱਢ ਰਿਹਾ ਹੈ ਤੇ ਉਮੀਦ ਹੈ ਕਿ ਜਲਦੀ ਹੀ ਆਮ ਸਥਿਤੀ ਬਹਾਲ ਹੋ ਜਾਵੇਗੀ।
