ਅੱਜ ਜਲੰਧਰ ਤੇ ਹੁਸ਼ਿਆਰਪੁਰ ਦੌਰੇ ‘ਤੇ ਸਚਿਨ ਪਾਇਲਟ, ਗੈਂਗਸਟਰ ਘਟਨਾਵਾਂ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ; ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨੂੰ ਵੀ ਮਿਲਣਗੇ
ਸਚਿਨ ਪਾਇਲਟ 20 ਅਕਤੂਬਰ ਤੱਕ ਪੰਜਾਬ ਦੇ ਪੰਜ ਦਿਨਾਂ ਦੇ ਦੌਰੇ ਤੇ ਹਨ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਤੇ ਵਿਗੜੀ ਕਾਨੂੰਨ-ਵਿਵਸਥਾ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ। ਨਿਰਧਾਰਤ ਪ੍ਰੋਗਰਾਮ ਮੁਤਾਬਕ ਉਹ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਫਾਈਲ ਫੋਟੋ
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ 18 ਅਕਤੂਬਰ ਨੂੰ ਜਲੰਧਰ ਤੇ ਆਸ-ਪਾਸ ਦੇ ਇਲਾਕਿਆਂ ਦੇ ਦੌਰੇ ਤੇ ਰਹਿਣਗੇ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ। ਇਸ ਦੇ ਨਾਲ ਹੀ ਉਹ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਤੇ ਵੀ ਚਰਚਾ ਕਰਨਗੇ।
ਨਿਰਧਾਰਤ ਪ੍ਰੋਗਰਾਮ ਅਨੁਸਾਰ, ਸਚਿਨ ਪਾਇਲਟ ਸਵੇਰੇ 9 ਵਜੇ ਜਲੰਧਰ ਦੇ ਹੋਟਲ ਰਮਾਡਾ ‘ਚ ਲੁਧਿਆਣਾ ਖੇਤਰ ਦੇ ਕਾਂਗਰਸੀ ਆਗੂਆਂ ਤੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰਕੇ ਆਪਣੇ ਦੌਰੇ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਦੁਪਹਿਰ 12 ਵਜੇ ਉਹ ਸ਼ਾਹਕੋਟ ਵਿਧਾਨ ਸਭਾ ਹਲਕੇ ‘ਚ ਪਹੁੰਚਣਗੇ, ਜਿੱਥੇ ਉਹ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਰਹੂਮ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿਲਾਸਾ ਦੇਣਗੇ।
ਦੁਪਹਿਰ 1 ਵਜੇ ਸਚਿਨ ਪਾਇਲਟ ਨਕੋਦਰ ‘ਚ ਕੱਪੜਾ ਵਪਾਰੀ ਟਿੰਮੀ ਚਾਵਲਾ ਦੇ ਪਰਿਵਾਰ ਨੂੰ ਮਿਲਣਗੇ। ਟਿੰਮੀ ਚਾਵਲਾ ਸਾਲ 2023 ‘ਚ ਗੈਂਗਸਟਰਾਂ ਦੀ ਹਿੰਸਾ ਦਾ ਸ਼ਿਕਾਰ ਹੋਏ ਸਨ। ਇਸ ਘਟਨਾ ‘ਚ ਉਨ੍ਹਾਂ ਦੇ ਗੰਨਮੈਨ ਦੀ ਵੀ ਮੌਤ ਹੋ ਗਈ ਸੀ। ਪਾਇਲਟ ਦੋਵਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਗੇ।
ਦੁਪਹਿਰ 2 ਵਜੇ ਦਾ ਸਮਾਂ ਰਾਖਵਾਂ ਰੱਖਿਆ ਗਿਆ ਹੈ। ਇਸ ਤੋਂ ਬਾਅਦ ਸ਼ਾਮ 3:30 ਵਜੇ ਉਹ ਟਾਂਡਾ ਉੜਮੁੜ ਵਿਧਾਨ ਸਭਾ ਹਲਕੇ ਦੇ ਪਿੰਡ ਮਿਆਣੀ ‘ਚ ਪਹੁੰਚ ਕੇ ਹਾਰਡਵੇਅਰ ਕਾਰੋਬਾਰੀ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੌਰੇ ਦੇ ਆਖਰੀ ਪੜਾਅ ‘ਚ ਸ਼ਾਮ 6 ਵਜੇ ਸਚਿਨ ਪਾਇਲਟ ਹੁਸ਼ਿਆਰਪੁਰ ‘ਚ ਸਥਾਨਕ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨਗੇ।
5 ਦਿਨਾਂ ਦੇ ਪੰਜਾਬ ਦੌਰੇ ਤੇ ਹਨ ਸਚਿਨ ਪਾਇਲਟ
ਸਚਿਨ ਪਾਇਲਟ 20 ਅਕਤੂਬਰ ਤੱਕ ਪੰਜਾਬ ਦੇ ਪੰਜ ਦਿਨਾਂ ਦੇ ਦੌਰੇ ਤੇ ਹਨ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਤੇ ਵਿਗੜੀ ਕਾਨੂੰਨ-ਵਿਵਸਥਾ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ। ਨਿਰਧਾਰਤ ਪ੍ਰੋਗਰਾਮ ਮੁਤਾਬਕ ਉਹ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਇਹ ਵੀ ਪੜ੍ਹੋ
ਕਾਨੂੰਨ-ਵਿਵਸਥਾ ਦੇ ਮੁੱਦੇ ਤੇ ਸਰਕਾਰ ਨੂੰ ਘੇਰਨ ਦੀ ਤਿਆਰੀ
ਸਚਿਨ ਪਾਇਲਟ ਦਾ ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਪੰਜਾਬ ‘ਚ ਗੈਂਗਸਟਰ ਗਤੀਵਿਧੀਆਂ ਤੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਿਆਸੀ ਬਹਿਸ ਜਾਰੀ ਹੈ। ਕਾਂਗਰਸ ਇਸ ਦੌਰੇ ਰਾਹੀਂ ਪ੍ਰਭਾਵਿਤ ਪਰਿਵਾਰਾਂ ਨਾਲ ਸੰਵਾਦ ਕਰਨ ਦੇ ਨਾਲ-ਨਾਲ ਸੂਬੇ ਦੀ ਸੁਰੱਖਿਆ ਵਿਵਸਥਾ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਦੀ ਤਿਆਰੀ ਕਰ ਰਹੀ ਹੈ।
ਇਸ ਦੌਰੇ ਦਾ ਇੱਕ ਹੋਰ ਅਹਿਮ ਮਕਸਦ ਪਾਰਟੀ ਦੇ ਜ਼ਮੀਨੀ ਪੱਧਰ ਦੇ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਸਥਾਨਕ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨਾ ਹੈ। ਹਾਲਾਂਕਿ, ਦੌਰੇ ਦੌਰਾਨ ਹੋਣ ਵਾਲੀਆਂ ਸਾਰੀਆਂ ਮੀਟਿੰਗਾਂ ਤੇ ਪ੍ਰੋਗਰਾਮਾਂ ਦਾ ਵਿਸਤ੍ਰਿਤ ਵੇਰਵਾ ਅਜੇ ਸਾਹਮਣੇ ਨਹੀਂ ਆਇਆ ਹੈ।
