ਨਸ਼ਾ ਮੁਕਤ ਪੰਜਾਬ: ਤਸਕਰ ਫੜ੍ਹਾਓ.. 11 ਹਜ਼ਾਰ ਦਾ ਇਨਾਮ ਪਾਓ… ਪਿੰਡ ਸ਼ੇਰੋਂ ਦੀ ਸਰਪੰਚ ਨੇ ਕੀਤਾ ਐਲਾਨ
Nasha mukt Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (AAP) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਇਲਾਕੇ ਵਿੱਚ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਨਵੀਂ ਧਾਰ ਮਿਲ ਗਈ ਹੈ। ਵੱਡੀ ਗੱਲ ਤਾਂ ਇਹ ਹੈ ਕਿ ਹੁਣ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪਿੰਡਾਂ ਦੇ ਲੋਕ ਅਤੇ ਪੰਚਾਇਤਾਂ ਅੱਗੇ ਆ ਰਹੀਆਂ ਹਨ।

ਸੂਬੇ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਪੰਜਾਬ ਪੁਲਿਸ ਨਸ਼ਾ ਤਸਕਰਾਂ ‘ਤੇ ਆਪਣੀ ਕਾਰਵਾਈ ਕਰ ਰਹੀ ਹੈ। ਕਈ ਥਾਵਾਂ ਤੇ ਮੁਲਜ਼ਮਾਂ ਦੇ ਘਰ ਵੀ ਢਾਹ ਦਿੱਤੇ ਗਏ ਹਨ। ਅਜਿਹੀ ਸਥਿਤੀ ਵਿੱਚ, ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਮਾਡਲ ਟਾਊਨ ਦੀ ਮਹਿਲਾ ਸਰਪੰਚ ਨੇ ਇੱਕ ਵੱਡਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ 10 ਕਿਲੋਮੀਟਰ ਦੂਰ ਸਥਿਤ ਪਿੰਡ ਸ਼ੇਰੋਂ, ਸੁਨਾਮ ਦੀ ਸਰਹੱਦ ਨਾਲ ਲੱਗਦਾ ਹੈ। ਇਹ ਪਿੰਡ ਸੁਨਾਮ ਵਿਧਾਨ ਸਭਾ ਹਲਕੇ ਅਧੀਨ ਆਉਂਦਾ ਹੈ। ਵਿਧਾਨ ਸਭਾ ਵਿੱਚ ਇਸ ਹਲਕੇ ਦੀ ਨੁਮਾਇੰਦਗੀ ਅਮਨ ਅਰੋੜਾ ਕਰ ਰਹੇ ਹਨ। ਹੁਣ ਇਸ ਪਿੰਡ ਦੀ ਪੰਚਾਇਤ ਨੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਵੱਢਣ ਲਈ ਵੱਡਾ ਕਦਮ ਚੁੱਕਿਆ ਹੈ। ਮਹਿਲਾ ਸਰਪੰਚ ਜਸਪ੍ਰੀਤ ਕੌਰ ਨੇ ਪਿੰਡ ਵਿੱਚ ਐਲਾਨ ਕੀਤਾ ਹੈ ਕਿ ਨਸ਼ਾ ਵੇਚਣ ਵਾਲੇ ਨੂੰ ਫੜਨ ਵਿੱਚ ਮਦਦ ਕਰਨ ਵਾਲੇ ਵਿਅਕਤੀ ਨੂੰ 11,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।
ਬਾਹਰੋਂ ਆਉਂਦੇ ਹਨ ਤਸਕਰ
ਪਿੰਡ ਦੀ ਸਰਪੰਚ ਜਸਪ੍ਰੀਤ ਕੌਰ ਦਾ ਦਾਅਵਾ ਹੈ ਕਿ ਬਾਹਰੀ ਇਲਾਕਿਆਂ ਤੋਂ ਨਸ਼ਾ ਵੇਚਣ ਵਾਲੇ ਉਨ੍ਹਾਂ ਦੇ ਪਿੰਡ ਵਿੱਚ ਆਉਂਦੇ ਹਨ। ਇਹੀ ਲੋਕ ਥਾਂ ਥਾਂ ਨਸ਼ੇ ਦੀ ਸਪਲਾਈ ਕਰਦੇ ਹਨ ਅਤੇ ਬਿਨਾਂ ਕਿਸੇ ਦੇਰੀ ਤੋਂ ਫਰਾਰ ਵੀ ਹੋ ਜਾਂਦੇ ਹਨ। ਹੁਣ ਪਿੰਡ ਵਾਲਿਆਂ ਨੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਸਰਪੰਚ ਜਸਪ੍ਰੀਤ ਕੌਰ ਨੇ ਦੱਸਿਆ ਕਿ ਜੇਕਰ ਵਿਅਕਤੀ ਤਸਕਰਾਂ ਸਬੰਧੀ ਪੰਚਾਇਤ ਨੂੰ ਜਾਣਕਾਰੀ ਦਿੰਦਾ ਹੈ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਜਸਪ੍ਰੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ਼ ਛੇੜੀ ਮੁਹਿੰਮ ਦੀ ਸਲਾਘਾ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋਕੇ ਕੰਮ ਕਰਨਾ ਪਵੇਗਾ ਜਿਸ ਨਾਲ ਸਾਰਥਕ ਨਤੀਜੇ ਆਉਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮੁਹਿੰਮ ਨੂੰ ਹੋਰ ਜ਼ਮੀਨੀ ਪੱਧਰ ਤੇ ਲਾਗੂ ਕਰਨ ਤਾਂ ਜੋ ਬੇਹਤਰ ਨਤੀਜ਼ੇ ਸਾਹਮਣੇ ਆਉਣ।
ਕਈ ਵੀਡੀਓ ਹੋਏ ਸੀ ਵਾਇਰਲ
ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਜ਼ਿਲ੍ਹਾ ਪੁਲਿਸ ਨੇ ਸੁਨਾਮ ਵਿੱਚ ਵੱਡੀ ਛਾਪੇਮਾਰੀ ਕਰਕੇ ਨਸ਼ੀਲੇ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ। ਸੁਨਾਮ ਹਲਕੇ ਵਿੱਚੋਂ ਕਈ ਵਾਰ ਨਸ਼ਾ ਕਰ ਰਹੇ ਨੌਜਵਾਨਾਂ ਦੀਆਂ ਵੀਡੀਓ ਵੀ ਵਾਇਰਲ ਹੋਈਆਂ ਸਨ। ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਪਹਿਲਾਂ ਹੀ ਜਨਤਕ ਮੰਚਾਂ ‘ਤੇ ਇਸ ਦਾ ਜ਼ਿਕਰ ਕਰ ਚੁੱਕੇ ਹਨ।
ਇਹ ਵੀ ਪੜ੍ਹੋ