ਕੀ ਸ਼ਰਾਬ ਪੀਣ ਨਾਲ ਕੋਈ ਨਸ਼ੇੜੀ ਹੋ ਜਾਂਦਾ ਹੈ? ਮਨੀਸ਼ ਸਿਸੋਦੀਆ ਨੇ ਕੀਤਾ ਭਗਵੰਤ ਮਾਨ ਦਾ ਬਚਾਅ
ਪੰਜਾਬ 'ਚ ਅਗਲੇ ਸਾਲ ਦੀ ਸ਼ੁਰੂਆਤ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਇਸ ਦੌਰਾਨ TV9 ਨੈੱਟਵਰਕ ਦੇ 'ਸੱਤਾ ਸੰਮੇਲਨ ਪੰਜਾਬ' 'ਚ ਆਮ ਆਦਮੀ ਪਾਰਟੀ ਦੇ ਆਗੂ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਹੋਏ।
ਪੰਜਾਬ ‘ਚ ਆਮ ਆਦਮੀ ਪਾਰਟੀ (AAP) ਜਿੱਥੇ ਆਪਣੀ ਸਰਕਾਰ ਦੇ ਕੰਮਕਾਜ ਦੇ ਆਧਾਰ ‘ਤੇ ਮੁੜ ਸੱਤਾ ‘ਚ ਆਉਣ ਦੀ ਤਿਆਰੀ ਕਰ ਰਹੀ ਹੈ, ਉੱਥੇ ਹੀ ਵਿਰੋਧੀ ਪਾਰਟੀਆਂ ਲਗਾਤਾਰ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਦੇ ਕੰਮਕਾਜ, ਮੁੱਖ ਮੰਤਰੀ ਭਗਵੰਤ ਮਾਨ ‘ਤੇ ਲੱਗ ਰਹੇ ਇਲਜ਼ਾਮਾਂ ਤੇ ਆਪਣੀ ਭੂਮਿਕਾ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ।
ਜਦੋਂ ਸਿਸੋਦੀਆ ਨੂੰ ਪੁੱਛਿਆ ਗਿਆ ਕਿ ਕੀ ਉਹ ਪੰਜਾਬ ਦੀ ਸਰਕਾਰ ਚਲਾ ਰਹੇ ਹਨ ਤੇ ਕੀ ਉਹ ਸੁਪਰ ਸੀਐੱਮ ਹਨ? ਇਸ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਉਹ ਜੋ ਵੀ ਕਰਦੇ ਹਨ, ਪਰਦੇ ਦੇ ਸਾਹਮਣੇ ਕਰਦੇ ਹਨ। ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ‘ਚ ਸੰਗਠਨ ਦੀ ਜ਼ਿੰਮੇਵਾਰੀ ਸੌਂਪੀ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਸ਼ਾਨਦਾਰ ਸੰਗਠਨ ਕੰਮ ਕਰ ਰਿਹਾ ਹੈ ਤੇ ਇਸੇ ਸੰਗਠਨ ‘ਚੋਂ ਨਿਕਲੀ ਇੱਕ ਸ਼ਾਨਦਾਰ ਸਰਕਾਰ ਵੀ ਕੰਮ ਕਰ ਰਹੀ ਹੈ। ਸਾਡੇ ਮੰਤਰੀ, ਮੁੱਖ ਮੰਤਰੀ ਤੇ ਵਿਧਾਇਕ ਬਹੁਤ ਵਧੀਆ ਕੰਮ ਕਰ ਰਹੇ ਹਨ।
ਭਗਵੰਤ ਮਾਨ ਦੇ ਨਸ਼ਾ ਕਰਨ ਦੀ ਗੱਲ ਦੁਨੀਆ ਦਾ ਸਭ ਤੋਂ ਵੱਡਾ ਝੂਠ: ਸਿਸੋਦੀਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਸ਼ਾ ਕਰਨ ਦੇ ਲੱਗ ਰਹੇ ਇਲਜ਼ਾਮਾਂ ਬਾਰੇ ਪੁੱਛੇ ਗਏ ਸਵਾਲ ‘ਤੇ ਮਨੀਸ਼ ਸਿਸੋਦੀਆ ਨੇ ਵਿਰੋਧੀਆਂ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਨਸ਼ਾ ਕਰਨ ਦੀ ਗੱਲ ਦੁਨੀਆ ਦਾ ਸਭ ਤੋਂ ਵੱਡਾ ਝੂਠ ਹੈ। ਇਸ ਤੋਂ ਵੱਡਾ ਝੂਠ ਹੋਰ ਕੁਝ ਨਹੀਂ ਹੋ ਸਕਦਾ। ਸਿਸੋਦੀਆ ਨੇ ਸ਼ਰਾਬ ਪੀਣ ਤੇ ਡਰੱਗਜ਼ ਦਾ ਨਸ਼ਾ ਕਰਨ ਵਿਚਕਾਰ ਫ਼ਰਕ ਦੱਸਦਿਆਂ ਕਿਹਾ ਕਿ ਸ਼ਰਾਬ ਪੀਣਾ ਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨਾ ਦੋ ਵੱਖ-ਵੱਖ ਗੱਲਾਂ ਹਨ। ਉਨ੍ਹਾਂ ਸਵਾਲ ਕੀਤਾ ਕਿ ਸ਼ਰਾਬ ਪੀਣਾ ਕਦੋਂ ਤੋਂ ਨਸ਼ਾ ਕਰਨ ਦੇ ਬਰਾਬਰ ਹੋ ਗਿਆ?
ਇਸ ਦੌਰਾਨ ਉਨ੍ਹਾਂ ਨੇ ਗੁਜਰਾਤ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਗੁਜਰਾਤ ‘ਚ ਮੋਦੀ ਜੀ ਖ਼ੁਦ ਲਾਇਸੈਂਸ ਦੇ ਕੇ ਲੋਕਾਂ ਨੂੰ ਸ਼ਰਾਬ ਪਿਲਾਉਂਦੇ ਹਨ।
ਭਗਵੰਤ ਮਾਨ ਸਰਕਾਰ ਲੋਕਾਂ ਲਈ ਕਰ ਰਹੀ ਹੈ ਕੰਮ
ਮਨੀਸ਼ ਸਿਸੋਦੀਆ ਨੇ ਭਗਵੰਤ ਮਾਨ ਸਰਕਾਰ ਦੇ ਕੰਮਕਾਜ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੇ ਬੱਚਿਆਂ ਲਈ ਸਕੂਲ ਖੁੱਲ੍ਹਵਾਉਣ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਸਰਕਾਰ ਵੱਲੋਂ 10 ਲੱਖ ਰੁਪਏ ਦੇ ਬੀਮੇ ਤੇ ਔਰਤਾਂ ਦੇ ਖਾਤਿਆਂ ‘ਚ ਹਰ ਮਹੀਨੇ 1,000 ਤੇ 1,500 ਰੁਪਏ ਦੇਣ ਦੇ ਫੈਸਲੇ ਦਾ ਵੀ ਜ਼ਿਕਰ ਕੀਤਾ।
ਇਹ ਵੀ ਪੜ੍ਹੋ
ਸਿਸੋਦੀਆ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਮੈਂ ਤੁਹਾਡੇ ਬੱਚਿਆਂ ਲਈ ਸਕੂਲ ਖੋਲ੍ਹ ਰਿਹਾ ਹਾਂ। 10-10 ਲੱਖ ਰੁਪਏ ਦਾ ਬੀਮਾ ਕਰ ਦਿੱਤਾ ਹੈ ਤੇ ਹਰ ਔਰਤ ਦੇ ਖਾਤੇ ਵਿੱਚ ਹਰ ਮਹੀਨੇ 1,000 ਤੇ 1,500 ਰੁਪਏ ਦੇ ਦਿੱਤੇ ਹਨ। ਇਹ ਕੰਮ ਕੋਈ ਹੋਰ ਨਹੀਂ ਕਰ ਸਕਿਆ।” ਉਨ੍ਹਾਂ ਕਿਹਾ ਕਿ ਸਾਲ 2022 ‘ਚ ਵਿਰੋਧੀ ਪਾਰਟੀਆਂ ਇਨ੍ਹਾਂ ਮੁੱਦਿਆਂ ਦਾ ਮਜ਼ਾਕ ਉਡਾਉਂਦੀਆਂ ਸਨ। ਪਰ ਹੁਣ ਭਗਵੰਤ ਮਾਨ ਨੇ ਉਨ੍ਹਾਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਪੰਜਾਬ ਦੇ ਇਤਿਹਾਸ ‘ਚ ਕਿਸੇ ਨੇ ਇੰਨਾ ਕੰਮ ਨਹੀਂ ਕੀਤਾ, ਜਿੰਨਾ ਮੌਜੂਦਾ ਸਰਕਾਰ ਨੇ ਕਰਕੇ ਦਿਖਾਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਬਚਿਆ, ਇਸ ਲਈ ਉਹ ਸਵੇਰ ਤੋਂ ਸ਼ਾਮ ਤੱਕ ਕਿਸੇ ਵਿਅਕਤੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ।
ਦਿਨ ਵੇਲੇ ਕਿਸਾਨਾਂ ਨੂੰ ਪਿੰਡਾਂ ‘ਚ ਮਿਲ ਰਹੀ ਹੈ ਬਿਜਲੀ
ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਭਰੋਸਾ ਜਤਾਇਆ ਹੈ। ਅੱਜ ਉਨ੍ਹਾਂ ਦੀ ਜ਼ਿੰਮੇਵਾਰੀ ਇਹ ਦੇਖਣਾ ਹੈ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ‘ਤੇ ਖਰੀ ਉਤਰ ਰਹੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਇੰਚਾਰਜ ਹੋਣ ਦੇ ਨਾਤੇ ਉਹ ਇਸ ਗੱਲ ‘ਤੇ ਨਜ਼ਰ ਰੱਖ ਰਹੇ ਹਨ ਕਿ ਸਰਕਾਰ ਆਪਣੇ ਵਾਅਦਿਆਂ ਮੁਤਾਬਕ ਕੰਮ ਕਰ ਰਹੀ ਹੈ ਜਾਂ ਨਹੀਂ। ਹਾਲਾਂਕਿ, ਇਹ ਸਾਰਾ ਕੰਮ ਦੇਖਣ ਲਈ ਪੰਜਾਬ ‘ਚ ਰਹਿਣਾ ਪੈਂਦਾ ਹੈ।
ਸਿਸੋਦੀਆ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਸਕੂਲ ਦੇਸ਼ ‘ਚ 27ਵੇਂ ਨੰਬਰ ਤੋਂ ਪਹਿਲੇ ਨੰਬਰ ‘ਤੇ ਆ ਗਏ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਪਿੰਡਾਂ ‘ਚ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਨੇ ਇਨ੍ਹਾਂ ਕੰਮਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਵਜੋਂ ਪੇਸ਼ ਕੀਤਾ।


