AI ਨਾਲ ਬਣਾਈਆਂ ਜਾ ਰਹੀਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਗਲਤ ਤਸਵੀਰਾਂ, SGPC ਨੇ ਲਿਆ ਸਖ਼ਤ ਨੋਟਿਸ
ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਤੇ ਗੰਭੀਰ ਮਾਮਲਾ ਹੈ। ਇਸ 'ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ 'ਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗਲਤ ਪੋਸਟਾਂ ਨੂੰ ਨਾ ਤਾਂ ਸਾਂਝਾ ਕੀਤਾ ਜਾਵੇ ਤੇ ਨਾ ਹੀ ਉਨ੍ਹਾਂ ਤੇ ਟਿੱਪਣੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਰਿਪੋਰਟ ਕਰਕੇ ਬੰਦ ਕਰਵਾਉਣ 'ਚ ਸਹਿਯੋਗ ਦਿੱਤਾ ਜਾਵੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਆਰਟੀਫੀਸ਼ਅਲ ਇੰਟੈਲੀਜੈਂਸ (AI) ਤਕਨੀਕ ਦੀ ਗਲਤ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਗਲਤ ਤਸਵੀਰਾਂ ਬਣਾ ਕੇ ਵਾਇਰਲ ਕਰਨ ਦੇ ਮਾਮਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਪ੍ਰਤਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਹੈ। ਸ਼ਿਕਾਇਤ ‘ਚ ਦੋਸ਼ੀਆਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਸਭ ਤੋਂ ਕੇਂਦਰੀ ਤੇ ਪਾਵਨ ਧਾਰਮਿਕ ਅਸਥਾਨ ਹੈ, ਜਿਥੋਂ ਸਾਰੀ ਮਨੁੱਖਤਾ ਨੂੰ ਭਾਈਚਾਰੇ ਤੇ ਸਾਂਝ ਦਾ ਸੁਨੇਹਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀ ਗਲਤ ਢੰਗ ਨਾਲ ਬਣਾਈਆਂ ਤਸਵੀਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਉਂਦੀਆਂ ਹਨ, ਜੋ ਕਦੇ ਵੀ ਕਬੂਲਯੋਗ ਨਹੀਂ ਹਨ।
ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਉਸ ਸਮੇਂ ਵੀ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਆਲੋਚਨਾ ਕਰਨ ਵਾਲਿਆਂ ਖ਼ਿਲਾਫ਼ ਤਾਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ, ਪਰ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਕਦਮ ਨਾ ਚੁੱਕਣਾ ਕਈ ਸਵਾਲ ਖੜੇ ਕਰਦਾ ਹੈ।
ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਤੇ ਗੰਭੀਰ ਮਾਮਲਾ ਹੈ। ਇਸ ‘ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ ‘ਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗਲਤ ਪੋਸਟਾਂ ਨੂੰ ਨਾ ਤਾਂ ਸਾਂਝਾ ਕੀਤਾ ਜਾਵੇ ਤੇ ਨਾ ਹੀ ਉਨ੍ਹਾਂ ਤੇ ਟਿੱਪਣੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਰਿਪੋਰਟ ਕਰਕੇ ਬੰਦ ਕਰਵਾਉਣ ‘ਚ ਸਹਿਯੋਗ ਦਿੱਤਾ ਜਾਵੇ।
