ਸ੍ਰੀ ਹਰਿਮੰਦਰ ਸਾਹਿਬ ਦੀਆਂ ਇਤਰਾਜ਼ਯੋਗ AI ਵੀਡੀਓਜ਼ ‘ਤੇ SGPC ਸਖ਼ਤ, ਕੇਂਦਰ ਤੇ ਰਾਜ ਸਰਕਾਰ ਨੂੰ ਭੇਜੀ ਲਿਖਤੀ ਸ਼ਿਕਾਇਤ

Published: 

21 Mar 2026 16:28 PM IST

ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਦੁਰਵਰਤੋਂ ਕਰਕੇ ਤਿਆਰ ਕੀਤੀਆਂ ਗਈਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਤਰਾਜ਼ਯੋਗ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਸ ਕਾਰਨ ਸਮੁੱਚੀ ਸਿੱਖ ਸੰਗਤ ਵਿੱਚ ਭਾਰੀ ਰੋਸ ਅਤੇ ਹਿਰਖ ਪਾਇਆ ਜਾ ਰਿਹਾ ਹੈ।

ਸ੍ਰੀ ਹਰਿਮੰਦਰ ਸਾਹਿਬ ਦੀਆਂ ਇਤਰਾਜ਼ਯੋਗ AI ਵੀਡੀਓਜ਼ ਤੇ SGPC ਸਖ਼ਤ, ਕੇਂਦਰ ਤੇ ਰਾਜ ਸਰਕਾਰ ਨੂੰ ਭੇਜੀ ਲਿਖਤੀ ਸ਼ਿਕਾਇਤ

ਸ੍ਰੀ ਹਰਿਮੰਦਰ ਸਾਹਿਬ ਦੀਆਂ ਇਤਰਾਜ਼ਯੋਗ AI ਵੀਡੀਓਜ਼ 'ਤੇ SGPC ਸਖ਼ਤ

ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਦੁਰਵਰਤੋਂ ਕਰਕੇ ਤਿਆਰ ਕੀਤੀਆਂ ਗਈਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਤਰਾਜ਼ਯੋਗ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਸ ਕਾਰਨ ਸਮੁੱਚੀ ਸਿੱਖ ਸੰਗਤ ਵਿੱਚ ਭਾਰੀ ਰੋਸ ਅਤੇ ਹਿਰਖ ਪਾਇਆ ਜਾ ਰਿਹਾ ਹੈ। ਇਸ ਸੰਵੇਦਨਸ਼ੀਲ ਮੁੱਦੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਅਤੇ ਕਾਨੂੰਨੀ ਮਾਹਰ ਐਡਵੋਕੇਟ ਅਮਰਬੀਰ ਸਿੰਘ ਸਿਆਲੀ ਨੇ ਇਸ ਨੂੰ ਸਿੱਖ ਜਜ਼ਬਾਤਾਂ ਨਾਲ ਕੋਝਾ ਖਿਲਵਾੜ ਕਰਾਰ ਦਿੱਤਾ ਹੈ।

ਤਕਨੀਕ ਦੀ ਦੁਰਵਰਤੋਂ ‘ਤੇ ਚਿੰਤਾ

ਐਡਵੋਕੇਟ ਸਿਆਲੀ ਨੇ ਕਿਹਾ ਕਿ ਆਈ.ਟੀ. ਤਕਨੀਕ ਅਤੇ AI ਦਾ ਅਸਲ ਮਕਸਦ ਦੇਸ਼ ਦੀ ਉੱਨਤੀ ਅਤੇ ਬੱਚਿਆਂ ਦੇ ਬੌਧਿਕ ਵਿਕਾਸ ਲਈ ਹੋਣਾ ਚਾਹੀਦਾ ਸੀ, ਪਰ ਬੜੀ ਮੰਦਭਾਗੀ ਗੱਲ ਹੈ ਕਿ ਕੁੱਝ ਸ਼ਰਾਰਤੀ ਅਨਸਰ ਇਸ ਦੀ ਵਰਤੋਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਅਸਥਿਰਤਾ ਪੈਦਾ ਕਰਨ ਲਈ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਪੰਜਾਬ ਸਰਕਾਰ ਸਮੇਤ ਕੇਂਦਰ ਸਰਕਾਰ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤਾਂ ਭੇਜ ਦਿੱਤੀਆਂ ਹਨ।

IT ਐਕਟ ਵਿੱਚ ਸੋਧ ਦੀ ਮੰਗ

SGPC ਦੇ ਬੁਲਾਰੇ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਨੂੰ ਆਪਣੇ ਆਈ.ਟੀ. ਐਕਟ ਵਿੱਚ ਤੁਰੰਤ ਅਮੈਂਡਮੈਂਟ (ਸੋਧ) ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਈ ਯੂਰਪੀਅਨ ਮੁਲਕਾਂ ਨੇ ਧਾਰਮਿਕ ਅਤੇ ਇਤਰਾਜ਼ਯੋਗ ਸਮੱਗਰੀ ‘ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ, ਉਸੇ ਤਰ੍ਹਾਂ ਭਾਰਤ ਵਿੱਚ ਵੀ ਅਜਿਹਾ ਸਖ਼ਤ ਕਾਨੂੰਨ ਹੋਣਾ ਚਾਹੀਦਾ ਹੈ ਜੋ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾ ਸਕੇ।

“ਮਾਨਸਿਕ ਬੀਮਾਰੀ ਅਤੇ ਡੂੰਘੀ ਸਾਜ਼ਿਸ਼”

ਐਡਵੋਕੇਟ ਸਿਆਲੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇੱਕ ਅਜਿਹਾ ਪਵਿੱਤਰ ਅਸਥਾਨ ਹੈ ਜਿੱਥੇ ‘ਸਰਬੱਤ ਦੇ ਭਲੇ’ ਦੀ ਅਰਦਾਸ ਹੁੰਦੀ ਹੈ ਅਤੇ ਜਿਸ ਦੇ ਚਾਰੇ ਦਰਵਾਜ਼ੇ ਹਰ ਧਰਮ ਦੇ ਇਨਸਾਨ ਲਈ ਖੁੱਲ੍ਹੇ ਹਨ। ਅਜਿਹੇ ਪਵਿੱਤਰ ਅਸਥਾਨ ਬਾਰੇ ਘਿਨਾਉਣੀਆਂ ਵੀਡੀਓਜ਼ ਬਣਾਉਣ ਵਾਲੇ ਲੋਕ ਮਾਨਸਿਕ ਤੌਰ ‘ਤੇ ਬੀਮਾਰ ਹਨ। ਉਨ੍ਹਾਂ ਸ਼ੱਕ ਪ੍ਰਗਟਾਇਆ ਕਿ ਇਸ ਪਿੱਛੇ ਕੁੱਝ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਜਾਂ ਏਜੰਸੀਆਂ ਹੋ ਸਕਦੀਆਂ ਹਨ ਜੋ ਜਾਣਬੁੱਝ ਕੇ ਧਰਮਾਂ ਨੂੰ ਬਦਨਾਮ ਕਰਕੇ ਸਮਾਜਿਕ ਸਾਂਝ ਨੂੰ ਤੋੜਨਾ ਚਾਹੁੰਦੀਆਂ ਹਨ।

ਵਿਦੇਸ਼ ਮੰਤਰਾਲੇ ਨੂੰ ਅਪੀਲ

ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦਾ ਆਈ.ਟੀ. ਵਿੰਗ ਅਜਿਹੀਆਂ ਗਤੀਵਿਧੀਆਂ ‘ਤੇ ਨਿਰੰਤਰ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਅਪੀਲ ਕੀਤੀ ਕਿ ਉਹ ਅਮਰੀਕਾ ਅਤੇ ਹੋਰ ਦੇਸ਼ਾਂ ਦੀਆਂ ਵੱਡੀਆਂ ਸੋਸ਼ਲ ਮੀਡੀਆ ਕੰਪਨੀਆਂ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਇੰਟਰਨੈੱਟ ਤੋਂ ‘ਹੇਟ ਸਪੀਚ’ ਅਤੇ ਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਹਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀ ਭਾਰਤ ਵਿੱਚ ਹੁੰਦਾ ਹੈ ਤਾਂ ਤੁਰੰਤ ਐਫ.ਆਈ.ਆਰ. ਦਰਜ ਹੁੰਦੀ ਹੈ, ਪਰ ਵਿਦੇਸ਼ੀ ਐਪਸ ਅਤੇ ਸਰਵਰਾਂ ‘ਤੇ ਲਗਾਮ ਲਗਾਉਣ ਲਈ ਸਰਕਾਰੀ ਦਖ਼ਲਅੰਦਾਜ਼ੀ ਬੇਹੱਦ ਲਾਜ਼ਮੀ ਹੈ।

Follow Us