President Visit: SGPC ਪ੍ਰਧਾਨ ਨੇ ਰਾਸ਼ਟਰਪਤੀ ਮੁਰਮੂ ਨੂੰ ਸੌਂਪੇ ਦੋ ਮੰਗ ਪੱਤਰ
What is in Memorandum: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰਾਂ ਵਿੱਚ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ ਤਾਂ ਨਾਲ ਹੀ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੰਚਾਲਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਣ ਦੀ ਮੰਗ ਕੀਤੀ ਹੈ।
ਅੰਮ੍ਰਿਤਸਰ ਨਿਊਜ: ਗੁਰੂ ਨਗਰੀ ਦੀ ਇਕ ਦਿਨ ਦੀ ਫੇਰੀ ਤੇ ਆਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ (Draupadi Murmu) ਸਭ ਤੋਂ ਪਹਿਲਾਂ ਹਰਿਮੰਦਿਰ ਸਾਹਿਬ ਵਿੱਚ ਨਤਮਸਤਕ ਹੋਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਰਾਸ਼ਟਰਪਤੀ ਦੀ ਫੇਰੀ ਮਗਰੋਂ ਧਾਮੀ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਕਮੇਟੀ ਵੱਲੋਂ ਰਾਸ਼ਟਰਪਤੀ ਨੂੰ ਦੋ ਮੈਮੋਰੰਡਮ ਸੌਂਪੇ ਗਏ ਹਨ, ਜਿਨ੍ਹਾਂ ਵਿੱਚ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਐਕਟ, 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ
ਕਮੇਟੀ ਨੇ ਜਿਹੜੇ ਮੈਂਮੋਰੰਡਮ ਰਾਸ਼ਟਰਪਤੀ ਨੂੰ ਸੌਂਪੇ ਹਨ, ਉਨ੍ਹਾਂ ਚ ਪਹਿਲੇ ਮੈਮੋਰੰਡਮ ਦੀ ਗੱਲ ਕਰੀਏ ਤਾਂ ਇਹ ਬੰਦੀ ਸਿੱਖਾ ਦੀ ਰਿਹਾਈ ਨਾਲ ਸਬੰਧਤ ਹੈ। ਇਸ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੀ ਸਰਹੱਦ ਤੇ ਪੱਕਾ ਮੋਰਚਾ ਲਾਇਆ ਗਿਆ ਹੈ। ਇਸ ਦੌਰਾਨ ਮੋਰਚੇ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਹਿੰਸਕ ਝੜ੍ਹਪ ਵੀ ਹੋਈ ਸੀ। ਮੋਰਚੇ ਨੂੰ ਐਸਜੀਪੀਸੀ ਦਾ ਵੀ ਸਾਥ ਹਾਸਿਲ ਹੈ।ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸੌਂਪੇ ਗਏ ਮੰਗ ਪੱਤਰ ਚ ਕਿਹਾ ਗਿਆ ਕਿ ਲੰਮੀਆਂ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਉਹ ਇਸ ਮਾਮਲੇ ਵਿਚ ਆਪਣਾ ਦਖ਼ਲ ਦੇਣ ਅਤੇ ਸਰਕਾਰ ਨੂੰ ਬੰਦੀ ਸਿੰਘ ਰਿਹਾਅ ਕਰਨ ਲਈ ਆਦੇਸ਼ ਜਾਰੀ ਕਰਨ। ਇਸ ਮੰਗ ਪੱਤਰ ਵਿਚ ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਜਗਤਾਰ ਸਿੰਘ ਹਵਾਰਾ ਸਮੇਤ 9 ਸਿੱਖ ਬੰਦੀਆਂ ਦਾ ਜ਼ਿਕਰ ਕੀਤਾ ਗਿਆ ਹੈ।
HSGPC ਐਕਟ, 2014 ਨੂੰ ਰੱਦ ਕਰਨ ਦੀ ਮੰਗ
ਦੂਸਰੇ ਮੰਗ ਪੱਤਰ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਗੈਰ-ਸੰਵਿਧਾਨਕ ਤਰੀਕੇ ਨਾਲ ਇਹ ਐਕਟ ਬਣਾਇਆ ਹੈ। ਹਰਿਆਣਾ ਕਮੇਟੀ ਐਕਟ ਨੂੰ ਬਣਾਉਣ ਮੌਕੇ ਸਿੱਖ ਗੁਰਦੁਆਰਾ ਐਕਟ 1925 ਦੀ ਮਰਯਾਦਾ ਦਾ ਉਲੰਘਣ ਕੀਤਾ ਗਿਆ ਹੈ। ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ 1925 ਐਕਟ ਅਧੀਨ ਸ਼੍ਰੋਮਣੀ ਕਮੇਟੀ ਪਾਸ ਹੈ ਅਤੇ ਮੌਜੂਦਾ ਸਮੇਂ ਵੀ ਇਸੇ ਤਹਿਤ ਹੀ ਗੁਰਦੁਆਰਾ ਸਾਹਿਬਾਨ ਨੋਟੀਫਾਈਡ ਹਨ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਇਸ ਗੈਰ-ਸੰਵਿਧਾਨਕ ਹਰਿਆਣਾ ਕਮੇਟੀ ਐਕਟ ਨੂੰ ਤੁਰੰਤ ਰੱਦ ਕਰਨ ਲਈ ਕਾਰਵਾਈ ਕੀਤੀ ਜਾਵੇ।
‘ਸ਼ਾਂਤੀ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ ਪਵਿੱਤਰ ਅਸਥਾਨ’
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਸ਼ਟਰਪਤੀ ਦੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਮੈਂਬਰ ਅਤੇ ਅਧਿਕਾਰੀ ਉਚੇਚੇ ਤੌਰ ਤੇ ਮੌਜੂਦ ਰਹੇ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਨੁਭਵ ਸਾਂਝੇ ਕਰਦਿਆਂ ਯਾਤਰੂ ਕਿਤਾਬ ਵਿਚ ਲਿਖਿਆ, ਇਸ ਪਵਿੱਤਰ ਅਸਥਾਨ ਤੇ ਆ ਕੇ ਮੈਂ ਬਹੁਤ ਖ਼ੁਸ਼ ਹਾਂ। ਸੁੰਦਰ ਭਵਨ ਉਸਾਰੀ ਕਲਾ ਅਤੇ ਰੂਹਾਨੀ ਸ਼ਾਂਤੀ ਵਾਲਾ ਇਹ ਪਵਿੱਤਰ ਅਸਥਾਨ ਸ਼ਾਂਤੀ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ। ਮੈਂ ਇਥੇ ਦੇਸ਼ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਹੈ। ਲੰਗਰ ਦੌਰਾਨ ਵਿਸ਼ੇਸ਼ ਤੌਰ ਤੇ ਸੇਵਾ ਅਤੇ ਸ਼ਰਧਾ ਦੀ ਭਾਵਨਾ ਨਾਲ ਸੇਵਾ ਕਰਨ ਵਾਲਿਆਂ ਨੂੰ ਅਣਥੱਕ ਕੰਮ ਕਰਦੇ ਦੇਖ ਕੇ ਬਹੁਤ ਖ਼ੁਸ਼ੀ ਹੋਈ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਸਾਨੂੰ ਭਾਈਚਾਰੇ ਅਤੇ ਏਕਤਾ ਦਾ ਅਭਿਆਸ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣ।
ਇਹ ਵੀ ਪੜ੍ਹੋ
ਰਾਸ਼ਟਰਪਤੀ ਨੇ ਕੀਤਾ ਕਈ ਧਾਰਮਿਕ ਅਸਥਾਨਾਂ ਦਾ ਦੌਰਾ
ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਾਰੀ ਸੁਰੱਖਿਆ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਉੱਥੇ ਮੱਥਾ ਟੇਕਿਆ ਅਤੇ ਪਰਮਾਤਮਾ ਅੱਗੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਸ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਵੀ ਗਏ।