ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਲਈ SGPC ਨੇ ਮੰਗੇ ਪਾਸਪੋਰਟ, 10 ਅਗਸਤ ਆਖਰੀ ਮਿਤੀ

Updated On: 

31 Jul 2026 13:47 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ 10 ਅਗਸਤ ਤੱਕ ਆਪਣੇ ਪਾਸਪੋਰਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ।

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਲਈ SGPC ਨੇ ਮੰਗੇ ਪਾਸਪੋਰਟ, 10 ਅਗਸਤ ਆਖਰੀ ਮਿਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ 10 ਅਗਸਤ ਤੱਕ ਆਪਣੇ ਪਾਸਪੋਰਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਐੱਸਜੀਪੀਸੀ ਦੇ ਸਕੱਤਰ ਬਲਦੇਵ ਸਿੰਘ ਕਾਹਲਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਮੂਹ ਸੰਗਤਾਂ ਨੂੰ ਸਮੇਂ ਸਿਰ ਅਰਜ਼ੀਆਂ ਜਮ੍ਹਾਂ ਕਰਵਾਉਣ ਦਾ ਸੱਦਾ ਦਿੱਤਾ ਹੈ।

ਬਲਦੇਵ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਦੁਨੀਆ ਭਰ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਅਥਾਹ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿੱਚ ਹੈ, ਜਿੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨਤਮਸਤਕ ਹੋਣ ਲਈ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਦੇ ਨਾਤੇ ਪੰਜਾਬ ਤੋਂ ਲਗਭਗ 1800 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜੇਗੀ। ਇਸ ਲਈ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ, ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਅਤੇ ਸੰਗਤਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਜਿਹੜੇ ਵੀ ਸ਼ਰਧਾਲੂ ਇਸ ਪਾਵਨ ਯਾਤਰਾ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਆਪਣਾ ਪਾਸਪੋਰਟ, ਇੱਕ ਪਾਸਪੋਰਟ ਸਾਈਜ਼ ਫੋਟੋ ਅਤੇ ਸ਼ਨਾਖਤੀ ਕਾਰਡ ਦੀ ਫੋਟੋਕਾਪੀ 10 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਜ਼ਰੂਰ ਜਮ੍ਹਾਂ ਕਰਵਾ ਦੇਣ।

10 ਅਗਸਤ ਤੋਂ ਬਾਅਦ ਸਵੀਕਾਰ ਨਹੀਂ ਹੋਣਗੇ ਪਾਸਪੋਰਟ

ਉਨ੍ਹਾਂ ਸਪੱਸ਼ਟ ਕੀਤਾ ਕਿ 10 ਅਗਸਤ ਤੋਂ ਬਾਅਦ ਕੋਈ ਵੀ ਪਾਸਪੋਰਟ ਸਵੀਕਾਰ ਨਹੀਂ ਕੀਤਾ ਜਾਵੇਗਾ, ਕਿਉਂਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰੀ ਏਜੰਸੀਆਂ ਵੱਲੋਂ ਵੀਜ਼ਾ ਪ੍ਰਕਿਰਿਆ ਅਤੇ ਸੁਰੱਖਿਆ ਜਾਂਚ ਲਈ ਨਿਰਧਾਰਤ ਸਮਾਂ ਲੱਗਦਾ ਹੈ। ਹਰ ਸ਼ਰਧਾਲੂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਂਦੀ ਹੈ ਤਾਂ ਜੋ ਯਾਤਰਾ ਵਿੱਚ ਕੋਈ ਗੈਰ-ਕਾਨੂੰਨੀ ਜਾਂ ਅਪਰਾਧਿਕ ਪਿਛੋਕੜ ਵਾਲਾ ਵਿਅਕਤੀ ਸ਼ਾਮਲ ਨਾ ਹੋ ਸਕੇ।

ਯਾਤਰਾ ਦਾ ਪੂਰਾ ਸ਼ਡਿਊਲ

ਬਲਦੇਵ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਹ ਜਥਾ 22 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ। ਉੱਥੇ ਸਥਿਤ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਤੋਂ ਬਾਅਦ ਜਥਾ ਪਾਕਿਸਤਾਨ ਵਿੱਚ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ, ਜੋ 1947 ਦੀ ਵੰਡ ਵੇਲੇ ਭਾਰਤ ਤੋਂ ਵਿਛੜ ਗਏ ਸਨ। ਉਨ੍ਹਾਂ ਕਿਹਾ ਕਿ ਹਰ ਸਿੱਖ ਦੀ ਅਰਦਾਸ ਵਿੱਚ ਇਹਨਾਂ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਇੱਛਾ ਸ਼ਾਮਲ ਹੁੰਦੀ ਹੈ ਅਤੇ ਇਹ ਯਾਤਰਾ ਉਸ ਆਸ ਨੂੰ ਪੂਰਾ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਹੈ।

ਇਕੱਲੀਆਂ ਮਹਿਲਾਵਾਂ ਲਈ ਨਿਯਮ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਕੱਲੀਆਂ ਮਹਿਲਾਵਾਂ ਵੀ ਇਸ ਯਾਤਰਾ ਵਿੱਚ ਸ਼ਾਮਲ ਹੋ ਸਕਦੀਆਂ ਹਨ, ਪਰ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰ, ਸਰਪੰਚ, ਨੰਬਰਦਾਰ ਜਾਂ ਹੋਰ ਅਧਿਕਾਰਤ ਵਿਅਕਤੀ ਵੱਲੋਂ ਜਾਰੀ ਕੀਤਾ ਗਿਆ ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਜਥਾ 10 ਦਿਨਾਂ ਦੀ ਯਾਤਰਾ ਪੂਰੀ ਕਰਕੇ 3 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ। ਐੱਸਜੀਪੀਸੀ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਇਸ ਪਾਵਨ ਯਾਤਰਾ ਦਾ ਲਾਭ ਉਠਾਉਣ।

Loading...
Unable to load recommendations.
Follow Us