SGPC ਨੇ 1487 ਕਰੋੜ ਰੁਪਏ ਦਾ ਸਾਲਾਨਾ ਬਜਟ ਕੀਤਾ ਪਾਸ, ਪਿਛਲੇ ਸਾਲ ਨਾਲੋਂ 100 ਕਰੋੜ ਦਾ ਵਾਧਾ; ਧਰਮ ਪ੍ਰਚਾਰ ਅਤੇ ਸਿੱਖਿਆ ‘ਤੇ ਵੱਡਾ ਖ਼ਰਚਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਵਿੱਤੀ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਦੌਰਾਨ ਜਨਰਲ ਸਕੱਤਰ ਸਰਦਾਰ ਸ਼ੇਰ ਸਿੰਘ ਮੰਡਵਾਲਾ ਨੇ ਇਹ ਬਜਟ ਪੇਸ਼ ਕੀਤਾ।
SGPC ਦਾ 1487 ਕਰੋੜ ਦਾ ਬਜਟ ਪਾਸ, ਸਿੱਖਿਆ ਤੇ ਧਰਮ ਪ੍ਰਚਾਰ 'ਤੇ ਦਿੱਤਾ ਵੱਡਾ ਜ਼ੋਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਵਿੱਤੀ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਦੌਰਾਨ ਜਨਰਲ ਸਕੱਤਰ ਸਰਦਾਰ ਸ਼ੇਰ ਸਿੰਘ ਮੰਡਵਾਲਾ ਨੇ ਇਹ ਬਜਟ ਪੇਸ਼ ਕੀਤਾ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਬਜਟ ਵਿੱਚ 100.94 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਲਗਭਗ 7.28% ਬਣਦਾ ਹੈ।
ਅਰਦਾਸ ਨਾਲ ਹੋਈ ਇਜਲਾਸ ਦੀ ਸ਼ੁਰੂਆਤ
ਬਜਟ ਇਜਲਾਸ ਦੀ ਸ਼ੁਰੂਆਤ ਗੁਰੂ ਚਰਨਾਂ ਵਿੱਚ ਅਰਦਾਸ ਨਾਲ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ। ਸਾਰਿਆਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਬੈਠਕ ਦੇ ਸਫ਼ਲ ਸੰਚਾਲਨ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਪ੍ਰਾਰਥਨਾ ਕੀਤੀ।
ਵਿੱਤੀ ਸਾਲ 2026-27 ਦਾ ਇਹ ਬਜਟ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਵੱਡਾ ਹੈ। ਸਾਲ 2025-26 ਵਿੱਚ ਜਿੱਥੇ ਬਜਟ 1386 ਕਰੋੜ ਰੁਪਏ ਸੀ, ਉੱਥੇ ਹੀ ਹੁਣ ਇਹ ਵਧ ਕੇ 1487.41 ਕਰੋੜ ਰੁਪਏ ਹੋ ਗਿਆ ਹੈ। ਇਸ ਬਜਟ ਵਿੱਚ ਜਿੱਥੇ ਧਾਰਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਹੀ ਗਈ ਹੈ, ਉੱਥੇ ਹੀ ਸਿੱਖਿਆ ਸੰਸਥਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਧਰਮ ਪ੍ਰਚਾਰ, ਸਿੱਖਿਆ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਮੁੱਖ ਤਰਜੀਹ
ਸ਼੍ਰੋਮਣੀ ਕਮੇਟੀ ਵੱਲੋਂ ਪੇਸ਼ ਕੀਤੇ ਗਏ ਇਸ ਬਜਟ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ, ਵਿਦਿਅਕ ਅਦਾਰਿਆਂ ਦੇ ਸੁਧਾਰ ਅਤੇ ਸ਼ਰਧਾਲੂਆਂ ਲਈ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦਿੱਤੀ ਗਈ ਹੈ। ਬਜਟ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਿਆਂ ਨਾਲ ਸਬੰਧਤ ਸਰਾਵਾਂ ਦੇ ਨਿਰਮਾਣ ਅਤੇ ਵਿਸਥਾਰ ਦੇ ਕੰਮਾਂ ਨੂੰ ਪਹਿਲ ਦੇਣ ਦਾ ਐਲਾਨ ਕੀਤਾ ਗਿਆ ਹੈ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਰਿਹਾਇਸ਼ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਪੰਥਕ ਮਜ਼ਬੂਤੀ ਵੱਲ ਵੱਡਾ ਕਦਮ
ਕੁੱਲ ਮਿਲਾ ਕੇ ਇਸ ਬਜਟ ਨੂੰ ਧਰਮ, ਸਿੱਖਿਆ ਅਤੇ ਮਾਨਵਤਾ ਦੀ ਸੇਵਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਜਟ ਕੌਮ ਦੀਆਂ ਲੋੜਾਂ ਅਤੇ ਪੰਥਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਹੈ।
