ਪ੍ਰੀਖਿਆਵਾਂ ਦੌਰਾਨ ਕਕਾਰ ਉਤਾਰਨ ‘ਤੇ SGPC ਪ੍ਰਧਾਨ ਧਾਮੀ ਦਾ ਸਖ਼ਤ ਰੁਖ਼, ਪੱਕੇ ਹੱਲ ਲਈ ਕਾਨੂੰਨੀ ਰਾਹ ਅਪਣਾਉਣ ਦੀ ਤਿਆਰੀ

Updated On: 

28 Nov 2026 18:13 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਅਤੇ ਕਿਰਪਾਨ ਪਹਿਨਣ ਕਾਰਨ ਰੋਕੇ ਜਾਣ ਦੀਆਂ ਘਟਨਾਵਾਂ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਧਰਮ ਦੀ ਪਛਾਣ ਅਤੇ ਧਾਰਮਿਕ ਆਸਥਾ ਦਾ ਅਟੁੱਟ ਹਿੱਸਾ ਹਨ, ਜਿਨ੍ਹਾਂ ਨੂੰ ਪਹਿਨਣ ਤੋਂ ਕਿਸੇ ਨੂੰ ਵੀ ਨਹੀਂ ਰੋਕਿਆ ਜਾ ਸਕਦਾ।

ਪ੍ਰੀਖਿਆਵਾਂ ਦੌਰਾਨ ਕਕਾਰ ਉਤਾਰਨ ਤੇ SGPC ਪ੍ਰਧਾਨ ਧਾਮੀ ਦਾ ਸਖ਼ਤ ਰੁਖ਼, ਪੱਕੇ ਹੱਲ ਲਈ ਕਾਨੂੰਨੀ ਰਾਹ ਅਪਣਾਉਣ ਦੀ ਤਿਆਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਅਤੇ ਕਿਰਪਾਨ ਪਹਿਨਣ ਕਾਰਨ ਰੋਕੇ ਜਾਣ ਦੀਆਂ ਘਟਨਾਵਾਂ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਧਰਮ ਦੀ ਪਛਾਣ ਅਤੇ ਧਾਰਮਿਕ ਆਸਥਾ ਦਾ ਅਟੁੱਟ ਹਿੱਸਾ ਹਨ, ਜਿਨ੍ਹਾਂ ਨੂੰ ਪਹਿਨਣ ਤੋਂ ਕਿਸੇ ਨੂੰ ਵੀ ਨਹੀਂ ਰੋਕਿਆ ਜਾ ਸਕਦਾ। ਪ੍ਰੀਖਿਆਵਾਂ ਦੌਰਾਨ ਅਜਿਹੀਆਂ ਘਟਨਾਵਾਂ ਦਾ ਸਾਹਮਣੇ ਆਉਣਾ ਬੇਹੱਦ ਮੰਦਭਾਗਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਵੀ ਕਿਤੇ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਹ ਆਪਣਾ ਪ੍ਰਤੀਕਰਮ ਜ਼ਰੂਰ ਦਿੰਦੇ ਹਨ, ਪਰ ਕਈ ਵਾਰ ਉਨ੍ਹਾਂ ਤੋਂ ਇਹ ਸਵਾਲ ਵੀ ਪੁੱਛਿਆ ਜਾਂਦਾ ਹੈ ਕਿ ਕੀ ਸਿਰਫ਼ ਬਿਆਨ ਦੇਣ ਨਾਲ ਹੀ ਜ਼ਿੰਮੇਵਾਰੀ ਪੂਰੀ ਹੋ ਜਾਂਦੀ ਹੈ? ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸ਼੍ਰੋਮਣੀ ਕਮੇਟੀ ਇਸ ਦਿਸ਼ਾ ਵਿੱਚ ਕੋਈ ਠੋਸ ਅਤੇ ਬਦਲਵਾਂ ਰਾਹ ਅਪਣਾਉਣ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਪੱਕੇ ਤੌਰ ‘ਤੇ ਰੋਕਿਆ ਜਾ ਸਕੇ।

ਕਾਨੂੰਨੀ ਰਾਹ ਅਪਣਾਉਣ ‘ਤੇ ਕੀਤਾ ਜਾ ਰਿਹਾ ਹੈ ਵਿਚਾਰ

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਰਾਜਸਥਾਨ ਵਿੱਚ ਵਾਪਰੀ ਅਜਿਹੀ ਹੀ ਇੱਕ ਘਟਨਾ ਨੂੰ ਲੈ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਲਾਂਕਿ, ਦਿੱਲੀ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਸਬੰਧਤ ਅਧਿਕਾਰ ਖੇਤਰ ਵਾਲੀ ਅਦਾਲਤ ਵਿੱਚ ਪਟੀਸ਼ਨ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਹੁਣ ਅਜਿਹੀਆਂ ਘਟਨਾਵਾਂ ਖ਼ਿਲਾਫ਼ ਪੱਕਾ ਕਾਨੂੰਨੀ ਰਾਹ ਅਪਣਾਉਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਕਕਾਰਾਂ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਲਗਾਈ ਜਾ ਸਕਦੀ

SGPC ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਕਕਾਰਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਨਹੀਂ ਲਗਾਈ ਜਾ ਸਕਦੀ। ਉਨ੍ਹਾਂ ਹਵਾਈ ਜਹਾਜ਼ ਦੇ ਸਫ਼ਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਉੱਥੇ ਵੀ ਛੇ ਇੰਚ ਤੱਕ ਦੀ ਕਿਰਪਾਨ ਨਾਲ ਲਿਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਅਜਿਹੇ ਵਿੱਚ ਇਹ ਵੱਡਾ ਸਵਾਲ ਉੱਠਦਾ ਹੈ ਕਿ ਜੇਕਰ ਕਿਸੇ ਨਿਯਮ ਤਹਿਤ ਕੋਈ ਮਾਪਦੰਡ ਤੈਅ ਕਰਨਾ ਵੀ ਹੈ, ਤਾਂ ਕੜਾ ਜਾਂ ਹੋਰ ਕਕਾਰ ਪਹਿਨਣ ਨਾਲ ਕਿਸੇ ਨੂੰ ਕੀ ਪਰੇਸ਼ਾਨੀ ਹੋ ਸਕਦੀ ਹੈ?

ਵਾਰ-ਵਾਰ ਆਪਣੀ ਗੱਲ ਰੱਖ ਕੇ ਥੱਕ ਚੁੱਕੇ ਹਾਂ

ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਹ ਇਸ ਮੁੱਦੇ ‘ਤੇ ਵਾਰ-ਵਾਰ ਆਪਣੀ ਗੱਲ ਰੱਖ ਕੇ ਥੱਕ ਚੁੱਕੇ ਹਨ। ਹੁਣ ਸਮੇਂ ਦੀ ਮੁੱਖ ਲੋੜ ਹੈ ਕਿ ਅਜਿਹਾ ਪੱਕਾ ਕਾਨੂੰਨੀ ਹੱਲ ਕੱਢਿਆ ਜਾਵੇ, ਜਿਸ ਨਾਲ ਹਰ ਸਾਲ ਪ੍ਰੀਖਿਆਵਾਂ ਅਤੇ ਭਰਤੀ ਟੈਸਟਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਅਜਿਹੀਆਂ ਮੁਸ਼ਕਲਾਂ ਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸਿੱਖ ਧਰਮ ਦੀਆਂ ਮਾਨਤਾਵਾਂ ਦਾ ਸਨਮਾਨ ਬੇਹੱਦ ਜ਼ਰੂਰੀ

ਐਡਵੋਕੇਟ ਧਾਮੀ ਨੇ ਅੰਤ ਵਿੱਚ ਕਿਹਾ ਕਿ ਭਾਰਤ ਇੱਕ ਆਜ਼ਾਦ ਦੇਸ਼ ਹੈ ਅਤੇ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨੂੰ ਸਿੱਖ ਧਰਮ ਦੀਆਂ ਮਾਨਤਾਵਾਂ ਅਤੇ ਕਕਾਰਾਂ ਦੀ ਮਹੱਤਤਾ ਬਾਰੇ ਪੂਰੀ ਜਾਣਕਾਰੀ ਹੈ। ਇਸ ਦੇ ਬਾਵਜੂਦ ਜਾਣਬੁੱਝ ਕੇ ਅਜਿਹੀਆਂ ਘਟਨਾਵਾਂ ਨਹੀਂ ਵਾਪਰਨੀਆਂ ਚਾਹੀਦੀਆਂ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਹਰ ਹਾਲਤ ਵਿੱਚ ਸਿੱਖਾਂ ਦੀ ਧਾਰਮਿਕ ਪਛਾਣ ਅਤੇ ਆਸਥਾ ਦਾ ਪੂਰਾ ਸਨਮਾਨ ਯਕੀਨੀ ਬਣਾਇਆ ਜਾਵੇ।

Loading...
Unable to load recommendations.
Follow Us