Lalpura Statement: ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ਼, ਧਾਮੀ ਨੇ ਕੀਤੀ ਕਾਰਵਾਈ ਦੀ ਮੰਗ

Updated On: 

12 Sep 2024 16:59 PM IST

Lalpura Statement: ਧਾਮੀ ਨੇ ਕਿਹਾ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ, ਜੋ ਕਿ ਆਰਐਸਐਸ ਅਤੇ ਭਾਜਪਾ ਦੇ ਚੋਟੀ ਦੇ ਆਗੂਆਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੀ ਸ਼ਰਾਰਤੀ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਅਜਿਹੀ ਬਿਆਨਬਾਜ਼ੀ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਵਿਚਾਰਧਾਰਾ ਦਾ ਘੋਰ ਅਪਮਾਨ ਹੈ, ਜਿਸ ਲਈ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Lalpura Statement: ਲਾਲਪੁਰਾ ਦੇ ਬਿਆਨ ਤੇ SGPC ਨੇ ਜਤਾਇਆ ਇਤਰਾਜ਼, ਧਾਮੀ ਨੇ ਕੀਤੀ ਕਾਰਵਾਈ ਦੀ ਮੰਗ

ਹਰਜਿੰਦਰ ਸਿੰਘ ਧਾਮੀ ਦੀ ਪੁਰਾਣੀ ਤਸਵੀਰ

Follow Us On

Lalpura Statement: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਾਹਿਰ ਕੀਤਾ ਹੈ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਲਾਲਪੁਰਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਦੋਂ ਕਿ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਲਾਲਪੁਰਾ ਨੇ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਵਿੱਤਰ ਗੁਰਬਾਣੀ ਦੀ ਵਿਚਾਰਧਾਰਾ ਵਿਰੁੱਧ ਮਨਘੜਤ ਬਿਆਨਬਾਜ਼ੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੀ ਵਿਲੱਖਣਤਾ ਅਤੇ ਮੌਲਿਕਤਾ ਨੂੰ ਠੇਸ ਪਹੁੰਚੀ ਹੈ।

ਧਾਮੀ ਨੇ ਕਿਹਾ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ, ਜੋ ਕਿ ਆਰਐਸਐਸ ਅਤੇ ਭਾਜਪਾ ਦੇ ਚੋਟੀ ਦੇ ਆਗੂਆਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੀ ਸ਼ਰਾਰਤੀ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਅਜਿਹੀ ਬਿਆਨਬਾਜ਼ੀ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਵਿਚਾਰਧਾਰਾ ਦਾ ਘੋਰ ਅਪਮਾਨ ਹੈ, ਜਿਸ ਲਈ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਅਵਤਾਰਵਾਦ ਨੂੰ ਨਹੀਂ ਮੰਨਦਾ ਸਿੱਖ ਪੰਥ- ਧਾਮੀ

ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੁੜੀ ਹੋਈ ਹੈ ਅਤੇ ਅਵਤਾਰਵਾਦ ਦੀ ਸਿੱਖ ਧਰਮ ਵਿੱਚ ਕੋਈ ਥਾਂ ਨਹੀਂ ਹੈ। ਲਾਲਪੁਰਾ ਦਾ ਸਿੱਖ ਗੁਰੂਆਂ ਨੂੰ ਹਿੰਦੂ ਦੇਵੀ ਦੇਵਤਿਆਂ ਨਾਲ ਜੋੜਨਾ ਆਰਐਸਐਸ ਦੇ ਏਜੰਡੇ ਨੂੰ ਅੱਗੇ ਵਧਾਉਣ ਦਾ ਹਿੱਸਾ ਹੈ। ਧਾਮੀ ਨੇ ਕਿਹਾ ਕਿ ਇਹ ਸਿੱਖ ਕੌਮ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖਲ ਦੇਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਸਿੱਖ ਵਿਰੋਧੀ ਕਾਰਵਾਈ ਨਾ ਵਾਪਰੇ। ਇਸ ਤੋਂ ਪਹਿਲਾਂ ਵੀ ਕਈ ਭਾਜਪਾ ਆਗੂ ਸਿੱਖ ਧਰਮ ਨੂੰ ਅਸਿੱਧੇ ਤੌਰ ਤੇ ਹਿੰਦੂ ਧਰਮ ਨਾਲ ਜੋੜਣ ਵਾਲੇ ਬਿਆਨ ਦੇਕੇ ਚਰਚਾਵਾਂ ਵਿੱਚ ਆ ਚੁੱਕੇ ਹਨ।