‘ਬਜਟ ਤਿਆਰ ਕਰਨ ਲਈ ਸੰਗਤ ਦੇ ਸੁਝਾਅ ਲਵੇਗੀ ਐਸਜੀਪੀਸੀ’

Updated On: 

14 Feb 2023 17:55 PM

SGPC News : ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਇਕ ਈਮੇਲ ਜਾਰੀ ਕੀਤੀ ਗਈ ਹੈ। ਬਜਟ ਇਜਲਾਸ ਅਗਲੇ ਮਹੀਨੇ ਮਾਰਚ ਵਿਚ ਸੱਦਿਆ ਜਾਣਾ ਹੈ।

ਬਜਟ ਤਿਆਰ ਕਰਨ ਲਈ ਸੰਗਤ ਦੇ ਸੁਝਾਅ ਲਵੇਗੀ ਐਸਜੀਪੀਸੀ

'ਬਜਟ ਤਿਆਰ ਕਰਨ ਲਈ ਸੰਗਤ ਦੇ ਸੁਝਾਅ ਲਵੇਗੀ ਐਸਜੀਪੀਸੀ' | SGPC will take Suggestions from Sangat to Prepare the Budget

Follow Us On

ਅੰਮ੍ਰਿਤਸਰ: ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਵੀ ਅਹਿਮ ਹੋਣਗੇ। ਬਜਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਇਕ ਈਮੇਲ ਜਾਰੀ ਕੀਤੀ ਗਈ ਹੈ। ਬਜਟ ਇਜਲਾਸ ਅਗਲੇ ਮਹੀਨੇ ਮਾਰਚ ਵਿਚ ਸੱਦਿਆ ਜਾਣਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਗਠਤ ਕੀਤੀ ਗਈ ਹੈ।

ਐਸਜੀਪੀਸੀ ਦੀ ਕਮੇਟੀ ‘ਚ ਸ਼ਾਮਲ ਹਨ ਇਹ ਲੋਕ

ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸ. ਸਰਵਨ ਸਿੰਘ ਕੁਲਾਰ ਤੇ ਸ. ਕੁਲਵੰਤ ਸਿੰਘ ਮੰਨਣ ਸ਼ਾਮਲ ਹਨ।

ਮੰਗੇ ਗਏ ਸੰਗਤਾਂ ਦੇ ਸੁਝਾਅ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਵਾਰ ਬਜਟ ਤਰਜੀਹਾਂ ਨਿਰਧਾਰਤ ਕਰਨ ਵਾਸਤੇ ਸਬ-ਕਮੇਟੀ ਦੇ ਵਿਚਾਰ ਮਸ਼ਵਰੇ ਤੋਂ ਇਲਾਵਾ ਸੰਗਤਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ sgpcbudgetsuggestions@gmail.com ਈਮੇਲ ਜਾਰੀ ਕੀਤੀ ਗਈ ਹੈ। ਇਸ ਈਮੇਲ ਨੂੰ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚਾਂ ਤੇ ਵੀ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਹੈ ਕਿ ਬਜਟ ਨੂੰ ਲੈ ਕੇ ਆਪੋ-ਆਪਣੇ ਕੀਮਤੀ ਸੁਝਾਅ ਭੇਜਣ, ਤਾਂ ਜੋ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਬਜਟ ਤਿਆਰ ਕੀਤਾ ਜਾ ਸਕੇ।

ਵੱਖ-ਵੱਖ ਵਿੱਤੀ ਪਹਿਲੂਆਂ ‘ਤੇ ਵਿਚਾਰ

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਬਜਟ ਸਬ-ਕਮੇਟੀ ਦੀਆਂ ਇਕੱਤਰਤਾਵਾਂ ਬੀਤੇ ਇੱਕ ਮਹੀਨੇ ਤੋਂ ਜਾਰੀ ਹਨ, ਜਿਸ ਦੌਰਾਨ ਵੱਖ-ਵੱਖ ਵਿੱਤੀ ਪਹਿਲੂਆਂ ਨੂੰ ਵਿਚਾਰਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸੰਗਤਾਂ ਦੇ ਸੁਝਾਅ ਵੀ ਅਤਿ ਅਹਿਮ ਹੋਣਗੇ। ਉਨ੍ਹਾਂ ਕਿਹਾ ਕਿ ਇਹ ਯਤਨ ਪਹਿਲੀ ਵਾਰ ਕੀਤਾ ਜਾ ਰਿਹਾ ਹੈ ਅਤੇ ਆਸ ਹੈ ਕਿ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਭਾਈ ਗਰੇਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਧਰਮ ਪ੍ਰਚਾਰ ਕਮੇਟੀ, ਪ੍ਰੈੱਸਾਂ ਅਤੇ ਪਬਲੀਕੇਸ਼ਨ, ਟਰੱਸਟ ਆਦਿ ਲਈ ਬਜਟ ਤਿਆਰ ਕੀਤਾ ਜਾਵੇਗਾ।