ਰਵਿੰਦਰ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ‘ਚੋਂ ਬਰਖ਼ਾਸਤ, ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਆਰੋਪ

Updated On: 

15 Sep 2026 17:33 PM IST

Ravinder Singh Brahmpura: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਟਕਸਾਲੀ ਅਕਾਲੀ ਆਗੂ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

ਰਵਿੰਦਰ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਚੋਂ ਬਰਖ਼ਾਸਤ, ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਆਰੋਪ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਟਕਸਾਲੀ ਅਕਾਲੀ ਆਗੂ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਹਾਈਕਮਾਂਡ ਨੇ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹਿਣ ਦੇ ਗੰਭੀਰ ਆਰੋਪਾਂ ਤਹਿਤ ਉਨ੍ਹਾਂ ਖ਼ਿਲਾਫ਼ ਇਹ ਕਰੜਾ ਫ਼ੈਸਲਾ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਖਾਰਜ ਕਰ ਦਿੱਤਾ ਹੈ।

ਵਰਕਰਾਂ ਦੀਆਂ ਸ਼ਿਕਾਇਤਾਂ ਅਤੇ ‘ਪੰਜਾਬ ਬਚਾਓ ਰੈਲੀ’ ਦੌਰਾਨ ਉੱਠਿਆ ਸੀ ਮੁੱਦਾ

ਪਾਰਟੀ ਸੂਤਰਾਂ ਤੋਂ ਮਿਲੀ ਪੁਖ਼ਤਾ ਜਾਣਕਾਰੀ ਮੁਤਾਬਕ ਹਲਕਾ ਖਡੂਰ ਸਾਹਿਬ ਦੇ ਜਥੇਬੰਦਕ ਆਗੂਆਂ ਅਤੇ ਜ਼ਮੀਨੀ ਵਰਕਰਾਂ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਲੈ ਕੇ ਲਗਾਤਾਰ ਲਿਖਤੀ ਸ਼ਿਕਾਇਤਾਂ ਹਾਈਕਮਾਂਡ ਤੱਕ ਪਹੁੰਚਾਈਆਂ ਜਾ ਰਹੀਆਂ ਸਨ। ਬੀਤੀ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਕੀਤੀ ਗਈ ਵਿਸ਼ਾਲ ‘ਪੰਜਾਬ ਬਚਾਓ ਰੈਲੀ’ ਦੌਰਾਨ ਵੀ ਸਥਾਨਕ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਸੀ। ਇਸ ਦੌਰਾਨ ਲੀਡਰਸ਼ਿਪ ਨੇ ਵਿਸਥਾਰਪੂਰਵਕ ਦੱਸਿਆ ਸੀ ਕਿ ਰਵਿੰਦਰ ਬ੍ਰਹਮਪੁਰਾ ਕਿਸ ਤਰ੍ਹਾਂ ਪਾਰਟੀ ਦੇ ਅੰਦਰ ਰਹਿ ਕੇ ਹੀ ਸੰਗਠਨ ਦੇ ਖ਼ਿਲਾਫ਼ ਸਾਜ਼ਿਸ਼ਾਂ ਘੜ ਰਹੇ ਹਨ ਅਤੇ ਅੰਦਰੂਨੀ ਨੁਕਸਾਨ ਪਹੁੰਚਾਉਣ ਦਾ ਯਤਨ ਕਰ ਰਹੇ ਹਨ।

ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੋ-ਟੂਕ ਸ਼ਬਦਾਂ ਵਿੱਚ ਆਖਿਆ ਕਿ ਪਾਰਟੀ ਅੰਦਰ ਅਨੁਸ਼ਾਸਨ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਵੀ ਆਗੂ ਨੂੰ ਜਥੇਬੰਦੀ ਨਾਲੋਂ ਵੱਡਾ ਨਹੀਂ ਸਮਝਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਅਤੇ ਕੋਰ ਕਮੇਟੀ ਮੈਂਬਰਾਂ ਨਾਲ ਡੂੰਘੇ ਵਿਚਾਰ-ਵਟਾਂਦਰੇ ਉਪਰੰਤ ਹੀ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ, ਕਿਉਂਕਿ ਉਨ੍ਹਾਂ ਵੱਲੋਂ ਪਾਰਟੀ ਅਨੁਸ਼ਾਸਨ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਸਨ।

ਹਲਕਾ ਇੰਚਾਰਜ ਦੀ ਨਿਯੁਕਤੀ ਮਗਰੋਂ ਵਧ ਗਿਆ ਸੀ ਵਿਵਾਦ

ਜ਼ਿਕਰਯੋਗ ਹੈ ਕਿ ਵਿਵਾਦ ਦੀ ਮੁੱਖ ਜੜ੍ਹ ਹਲਕਾ ਖਡੂਰ ਸਾਹਿਬ ਦੀ ਇੰਚਾਰਜਸ਼ਿਪ ਨਾਲ ਜੁੜੀ ਹੋਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਦੋਂ ਤੋਂ ਬੀਬਾ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਥਾਪਿਆ ਗਿਆ ਸੀ, ਉਦੋਂ ਤੋਂ ਹੀ ਰਵਿੰਦਰ ਸਿੰਘ ਬ੍ਰਹਮਪੁਰਾ ਪਾਰਟੀ ਲੀਡਰਸ਼ਿਪ ਨਾਲ ਕਾਫ਼ੀ ਨਾਰਾਜ਼ ਚੱਲ ਰਹੇ ਸਨ। ਉਹ ਜਨਤਕ ਤੌਰ ‘ਤੇ ਅਤੇ ਅੰਦਰੂਨੀ ਪੱਧਰ ‘ਤੇ ਲਗਾਤਾਰ ਬੀਬਾ ਰਮਨਦੀਪ ਕੌਰ ਅਤੇ ਅਵਤਾਰ ਸਿੰਘ ਬਿੱਲਾਂ ਸ਼ੇਰੋਂ ਦੀ ਵਿਰੋਧਤਾ ਕਰ ਰਹੇ ਸਨ, ਜਿਸ ਕਾਰਨ ਹਲਕੇ ਦੇ ਵਰਕਰਾਂ ਵਿੱਚ ਭੰਬਲਭੂਸਾ ਬਣਿਆ ਹੋਇਆ ਸੀ।

ਇਸ ਪੂਰੇ ਘਟਨਾਕ੍ਰਮ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਇੱਕ ਅਧਿਕਾਰਤ ਪ੍ਰੈੱਸ ਨੋਟ ਜਾਰੀ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਤੋਂ ਬਾਹਰ ਕੱਢੇ ਜਾਣ ਦਾ ਰਸਮੀ ਐਲਾਨ ਕੀਤਾ ਹੈ। ਇਸ ਵੱਡੀ ਸਿਆਸੀ ਕਾਰਵਾਈ ਤੋਂ ਬਾਅਦ ਖਡੂਰ ਸਾਹਿਬ ਸਮੇਤ ਸਮੁੱਚੇ ਮਾਝੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।

Loading...
Unable to load recommendations.
Follow Us