ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਹਸਤਾਖਰ ਮੁਹਿੰਮ ਵਿਚ ਹੋਏ ਸ਼ਾਮਲ Punjabi news - TV9 Punjabi

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਹਸਤਾਖਰ ਮੁਹਿੰਮ ਵਿਚ ਹੋਏ ਸ਼ਾਮਲ

Published: 

19 Feb 2023 09:02 AM

ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਾਰੇ ਪੰਜਾਬੀਆਂ ਨੂੰ ਅਪੀਲਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਇਸ ਮੁਹਿੰਮ ਦੀ ਡਟਵੀਂ ਹਮਾਇਤ ਕੀਤੀ ਜਾਵੇ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਹਸਤਾਖਰ ਮੁਹਿੰਮ ਵਿਚ ਹੋਏ ਸ਼ਾਮਲ
Follow Us On

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡਾਂ ਵਿਚ ਆਰੰਭੀ ਹਸਤਾਖ਼ਰ ਮੁਹਿੰਮ ਦਾ ਹਿੱਸਾ ਬਣੇ ਅਤੇ ਪਿੰਡ ਬਾਦਲ ਦੇ ਗੁਰਦੁਆਰਾ ਸਾਹਿਬ ਵਿਚ ਪਟੀਸ਼ਨ ਤੇ ਹਸਤਾਖ਼ਰ ਕੀਤੇ। ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਪਿੰਡ ਬਾਦਲ ਵਿਚ ਇਸ ਪਟੀਸ਼ਨ ਤੇ ਹਸਤਾਖ਼ਰ ਕਰ ਕੇ ਮੁਹਿੰਮ ਦਾ ਹਿੱਸਾ ਬਣੇ।ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਬਾਦਲ ਦੇ ਗੁਰੂਘਰ ਵਿਚ ਫਾਰਮ ਤੇ ਹਸਤਾਖ਼ਰ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਉਹਨਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਉਹ ਵੀ ਉਹਨਾਂ ਲੱਖਾਂ ਪੰਜਾਬੀਆਂ ਵਿਚ ਸ਼ਾਮਲ ਹੋਏ ਹਨ ਜਿਹਨਾਂ ਨੇ ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਪਟੀਸ਼ਨ ਤੇ ਹਸਤਾਖ਼ਰ ਕੀਤੇ ਹਨ ਜੋ ਆਪਣੀਆਂ ਉਮਰ ਕੈਦਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਹਸਤਾਖ਼ਰ ਮੁਹਿੰਮ ਨੂੰ ਵਿਆਪਕ ਪੱਧਰ ਤੇ ਹਰ ਪਿੰਡ ਵਿਚ ਸਫਲ ਬਣਾਉਣ ਵਿਚ ਸ਼੍ਰੋਮਣੀ ਕਮੇਟੀ ਦੀ ਡਟਵੀਂ ਹਮਾਇਤ ਕਰਨ। ਉਹਨਾਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਇਹਨਾਂ ਫਾਰਮਾਂ ਤੇ ਹਸਤਾਖ਼ਰ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਨਾਲ ਹੀ ਇਹ ਮੁਹਿੰਮ ਸਫਲ ਹੋ ਸਕਦੀ ਹੈ ਤੇ ਉਹਨਾਂ ਅਕਾਲੀ ਵਰਕਰਾਂ ਸਮੇਤ ਪੰਜਾਬੀਆਂ ਨੂੰ ਅਪੀਲ ਕੀਤੀਕਿ ਉਹ ਵਿਸਾਖੀ ਤੱਕ ਮੁਹਿੰਮ ਨੂੰ ਮੁਕੰਮਲ ਬਣਾਉਣ ਵਾਸਤੇ ਹੰਭਲਾ ਮਾਰਨ।

ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

ਉਹਨਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫਾਈਲ ਰਿਕਾਰਡ ਛੇ ਵਾਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੂੰ ਭੇਜੀ ਗਈ ਪਰ ਉਹਨਾਂ ਨੇ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਗੁਰਮੀਤ ਸਿੰਘ ਇੰਜੀਨੀਅਰ ਨੂੰ ਰਿਹਾਅ ਕਰਨ ਤੋਂ ਨਾਂਹ ਕਰ ਦਿੱਤੀ।ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ 2019 ਵਿਚ ਵਾਅਦਾ ਕੀਤਾਸੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਕੈਦ ਜਿਸਨੂੰ ਉਮਰ ਕੈਦ ਹੋਈ ਹੋਵੇ, ਨੂੰ 14 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕਰ ਦਿੱਤਾ ਜਾਂਦਾ ਹੈ ਪਰ ਬੰਦੀ ਸਿੰਘਾਂ ਨੂੰ 30-30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਗੁਜ਼ਾਰਨ ਤੋਂ ਬਾਅਦ ਵੀ ਰਿਹਾਅ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਅਕਾਲੀ ਦਲ ਨੇ ਘੇਰੀ ਕਾਂਗਰਸ ਪਾਰਟੀ

ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਜਦੋਂ 1984 ਵਿਚ ਸ੍ਰੀ ਦਰਬਾਰ ਸਾਹਿਬ ਤੇ ਹਮਲੇ ਅਤੇ ਸਿੱਖ ਕਤਲੇਆਮ ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲ ਕੀਤਾ ਗਿਆ ਤਾਂ ਇਹਨਾਂ ਭਾਵੁਕ ਵਿਅਕਤੀਆਂ ਨੇ ਹੋਏ ਤਸ਼ੱਦਦ ਦਾ ਬਦਲਾ ਲਿਆ। ਉਹਨਾਂ ਕਿਹਾ ਕਿ ਇਹਨਾਂ ਕਾਰਵਾਈਆਂ ਲਈ ਕਾਂਗਰਸ ਪਾਰਟੀ ਦੋਸ਼ੀ ਹੈ। ਉਹਨਾਂ ਕਿਹਾ ਕਿ ਸਰਕਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਤਾਂ ਭਾਈ ਰਾਜੋਆਣਾ ਨੂੰ ਫਾਂਸੀ ਦੇਣ ਦੇ ਅਦਾਲਤੀ ਹੁਕਮ ਮੰਨਣ ਤੋਂ ਵੀ ਨਾਂਹ ਕਰ ਦਿੱਤੀ ਸੀ ਤੇ ਵੱਖ-ਵੱਖ ਮੁੱਖ ਮੰਤਰੀਆਂ ਨਾਲ ਗੱਲਬਾਤ ਕਰ ਕੇ ਬੰਦੀ ਸਿੰਘ ਪੰਜਾਬ ਵਿਚ ਸ਼ਿਫਟ ਕੀਤੇ ਜਾਣ ਦੀ ਅਪੀਲ ਕੀਤੀ ਸੀ।

ਹਸਤਾਖਰ ਮੁਹਿੰਮ ਵਿਚ ਹੋਏ ਸ਼ਾਮਲ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਵੀ ਹਸਤਾਖ਼ਰ ਮੁਹਿੰਮ ਵਿੱਢੀ ਗਈ ਜਿਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪ ਪਟੀਸ਼ਨ ਤੇ ਹਸਤਾਖ਼ਰ ਕਰ ਕੇ ਮੁਹਿੰਮ ਸ਼ੁਰੂ ਕਰਵਾਈ। ਇਸ ਮੌਕੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ ਜਿਹਨਾ ਵੱਧ ਚੜ੍ਹ ਕੇ ਮੁਹਿੰਮ ਵਿਚ ਹਿੱਸਾ ਲਿਆ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਾਰੇ ਪੰਜਾਬੀਆਂ ਨੂੰ ਅਪੀਲਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਇਸ ਮੁਹਿੰਮ ਦੀ ਡਟਵੀਂ ਹਮਾਇਤ ਕੀਤੀ ਜਾਵੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅਟਾਰੀ ਤੋਂ ਪਿੰਡਾਂ ਲਈ ਇਸ ਮੁਹਿੰਮ ਨੂੰ ਸ਼ੁਰੂ ਕਰਨ ਮਗਰੋਂ ਇਸਨੂੰ ਭਰਵਾਂ ਹੁੰਗਾਰਾ ਮਿਲਣ ਦੀਆਂ ਰਿਪੋਰਟਾਂ ਆਈਆਂ ਹਨ।

Exit mobile version