SAD ਪੁਨਰ ਸੁਰਜੀਤ ਦੀ ਬੈਠਕ ‘ਚ ਵੱਡਾ ਫੈਸਲਾ, ਸੁਖਬੀਰ ਬਾਦਲ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਜਾਵੇਗਾ ਮੰਗ ਪੱਤਰ
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ 'ਚ ਦਿੱਤੇ ਬਿਆਨ ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ 2 ਦਸੰਬਰ. 2024 ਦੇ ਹੁਕਮਨਾਮੇ ਨੂੰ ਸਾਜ਼ਿਸ਼ ਦੱਸਣਾ ਨਾ ਸਿਰਫ਼ ਗਲਤ ਹੈ, ਸਗੋਂ ਇਹ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਤੇ ਸਿੱਧਾ ਹਮਲਾ ਹੈ।
SAD ਪੁਨਰ ਸੁਰਜੀਤ ਦੀ ਬੈਠਕ
ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਮੁੱਖ ਦਫ਼ਤਰ ਚ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪਾਰਟੀ ਆਗੂਆਂ ਨੇ ਸੰਗਠਨਕ ਮਜਬੂਤੀ, ਮੌਜੂਦਾ ਪੰਥਕ ਮਸਲਿਆਂ ਤੇ ਸਿਆਸੀ ਹਾਲਾਤਾਂ ਤੇ ਵਿਚਾਰ-ਚਰਚਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ ‘ਚ ਦਿੱਤੇ ਬਿਆਨ ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ 2 ਦਸੰਬਰ. 2024 ਦੇ ਹੁਕਮਨਾਮੇ ਨੂੰ ਸਾਜ਼ਿਸ਼ ਦੱਸਣਾ ਨਾ ਸਿਰਫ਼ ਗਲਤ ਹੈ, ਸਗੋਂ ਇਹ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਤੇ ਸਿੱਧਾ ਹਮਲਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਫੈਸਲਾ ਖ਼ੁਦ ਸੁਖਬੀਰ ਬਾਦਲ ਦੇ ਕਬੂਲਨਾਮੇ ਦੇ ਅਧਾਰ ਤੇ ਹੋਇਆ ਸੀ, ਇਸ ਲਈ ਇਸ ਨੂੰ ਸਾਜ਼ਿਸ਼ ਕਹਿਣਾ ਧਾਰਮਿਕ ਅਪਰਾਧ ਦੇ ਬਰਾਬਰ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਇਸ ਮਾਮਲੇ ‘ਚ ਪੱਤਰ ਦਿੱਤਾ ਜਾਵੇਗਾ ਤੇ ਸੁਖਬੀਰ ਬਾਦਲ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਥਕ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਨਾਲ ਸੰਪਰਕ ਕਰਕੇ ਇੱਕ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇਗੀ। ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਨੂੰ ਲੈ ਕੇ ਵੀ ਗੰਭੀਰ ਚਿੰਤਾ ਜਤਾਈ ਗਈ।
ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੋਣਾਂ ਨਾ ਹੋਣ ਕਾਰਨ ਪ੍ਰਬੰਧਕੀ ਪ੍ਰਣਾਲੀ ਚ ਖਾਮੀਆਂ ਵਧ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ SGPC ਚੋਣਾਂ ਬਿਨਾਂ ਦੇਰੀ ਕਰਵਾਈਆਂ ਜਾਣ, ਨਹੀਂ ਤਾਂ ਪਾਰਟੀ ਵੱਲੋਂ ਜ਼ੋਰਦਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਵੀ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਬਿਆਨਾਂ ਨਾਲ ਪੰਥਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਇਹ ਪੰਜ ਪ੍ਰਧਾਨੀ ਪ੍ਰਣਾਲੀ ਤੇ ਸਿੱਧਾ ਚੈਲੇਂਜ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਸਭ ਤੋਂ ਉੱਚੀ ਹੈ ਤੇ ਇਸ ਤੇ ਕੋਈ ਵੀ ਸਵਾਲ ਨਹੀਂ ਉਠਾ ਸਕਦਾ। ਬੀਬੀ ਜਗੀਰ ਕੌਰ ਨੇ ਸਿਆਸਤ ‘ਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਤੇ ਵੀ ਜ਼ੋਰ ਦਿੱਤਾ।
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮਹਿਲਾਵਾਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਚੋਣਾਂ ਚ ਵੱਧ ਤੋਂ ਵੱਧ ਮੌਕੇ ਦਿੱਤੇ ਜਾਣਗੇ। ਨਾਲ ਹੀ ਉਨ੍ਹਾਂ ਮੌਜੂਦਾ ਸਿਆਸੀ ਭਾਸ਼ਾ ਤੇ ਡਿੱਗਦੇ ਸੱਭਿਆਚਾਰ ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਲੀਡਰਸ਼ਿਪ ਨੂੰ ਆਪਣੀ ਬੋਲੀ ਤੇ ਵਰਤੋਂ ਚ ਸੁਧਾਰ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਵੱਖ-ਵੱਖ ਪੰਥਕ ਤੇ ਸਿਆਸੀ ਧਿਰਾਂ ਨਾਲ ਗੱਲਬਾਤ ਕਰਕੇ ਇੱਕ ਸਾਂਝਾ ਮੋਰਚਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਆਉਣ ਵਾਲੀਆਂ ਚੋਣਾਂ ‘ਚ ਮਜ਼ਬੂਤੀ ਨਾਲ ਮੈਦਾਨ ‘ਚ ਉਤਰਿਆ ਜਾ ਸਕੇ।
