ਦੀਵਾਲੀ ਦੀ ਰਾਤ ਅੰਮ੍ਰਿਤਸਰ ‘ਚ ਗੋਲੀਆਂ ਦੀ ਗੂੰਜ, ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਫਾਇਰਿੰਗ, ਇੱਕ ਦੀ ਮੌਤ
Amritsar Firing: ਅੰਮ੍ਰਿਤਸਰ ਵਿੱਚ ਦੀਵਾਲੀ ਦੀ ਰਾਤ ਦੋ ਧੜਿਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਕੁਝ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਉੱਥੇ ਹੀ ਮੌਕੇ 'ਤੇ ਮੌਜੂਦ ASI ਦੀ ਲੱਤ ਵਿੱਚ ਵੀ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਵੀ ਜ਼ਖ਼ਮੀ ਹੋ ਗਏ।
ਦੀਵਾਲੀ ਦੀ ਰਾਤ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਰਾਂਝੇ ਦੀ ਹਵੇਲੀ ਕੋਲ ਗੋਲੀਆਂ ਚੱਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਇਸ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਹੈ ਜਦਕਿ ਗੋਲੀਆਂ ਲੱਗਣ ਕਾਰਣ ਥਾਣਾ ਬੀ ਡਵੀਜ਼ਨ ਦੇ ਏਐੱਸਆਈ ਹਰਨੇਕ ਸਿੰਘ ਗੰਭੀਰ ਜ਼ਖਮੀ ਹੋਏ ਹਨ। ਸੂਤਰਾਂ ਮੁਤਾਬਕ ਦੋ ਧਿਰਾਂ ਵਿਚ ਸੋਨੇ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਹੋਇਆ ਸੀ, ਇਹ ਝਗੜਾ ਇੰਨਾ ਵੱਧ ਗਿਆ ਕਿ ਨੌਜਵਾਨਾਂ ਵੱਲੋਂ ਮੌਕੇ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਦੱਸਿਆ ਜਾ ਰਿਹਾ ਹੈ ਕਿ ਥਾਣਾ ਬੀ ਡਵੀਜ਼ਨ ਦੇ ਏਐੱਸਆਈ ਹਰਨੇਕ ਸਿੰਘ ਮੌਕੇ ‘ਤੇ ਮੌਜੂਦ ਸਨ। ਏਐਸਆਈ ਹਰਨੇਕ ਸਿੰਘ ਦੇ ਪੱਟ ਵਿਚ ਦੋ ਗੋਲੀਆਂ ਲੱਗੀਆਂ ਹਨ। ਫਿਲਹਾਲ ਇਸ ਵਾਰਦਾਕ ਵਿਚ ਪ੍ਰਤਾਪ ਸਿੰਘ ਨਾਮ ਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਥਾਣਾ ਬੀ ਡਵੀਜ਼ਨ ਦੀ ਪੁਲਸ ਵੱਲੋਂ ਮੌਕੇ ‘ਤੇ ਪਹੁੰਚੇ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਫੋਰੈਂਸਿਕ ਟੀਮਾਂ ਨੂੰ ਮੌਕੇ ‘ਤੇ ਬੁਲਾ ਕੇ ਜਾਂਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਏਸੀਪੀ ਰਵਿੰਦਰ ਸਿੰਘ ਹੁਰਾਂ ਵੱਲੋਂ ਵੀ ਸਾਂਝੀ ਕੀਤੀ ਗਈ ਹੈ।
ACP ਬੋਲੇ- ਵਿਵਾਦ ਦੀ ਜਾਂਚ ਕੀਤੀ ਜਾ ਰਹੀ ਹੈ
ਇਸ ਮਾਮਲੇ ਵਿੱਚ ACP ਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਦੋਵਾਂ ਧਿਰਾਂ ਵਿਚਾਲੇ ਹੋਏ ਵਿਵਾਦ ਅਤੇ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੂੰ ਸੌਂਪੀ ਗਈ ਹੈ।