ਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਿਆ, ਐਂਟਰੀ ਨਾ ਦੇਣ ‘ਤੇ ਜਥੇਦਾਰ ਨੇ ਘਟਨਾ ਦੀ ਕੀਤੀ ਨਿੰਦਾ

Updated On: 

27 Jul 2025 20:24 PM IST

ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਿਆ ਗਿਆ। ਜਿਸ ਤੋਂ ਬਾਅਦ ਐਸਜੀਪੀਸੀ ਵੱਲੋਂ ਸਖ਼ਤ ਇਤਰਾਜ਼ ਜਤਾਇਆ ਗਿਆ। ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਨੂੰ ਕਿਰਪਾਨ ਸਮੇਤ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਿਆ, ਐਂਟਰੀ ਨਾ ਦੇਣ ਤੇ ਜਥੇਦਾਰ ਨੇ ਘਟਨਾ ਦੀ ਕੀਤੀ ਨਿੰਦਾ
Follow Us On

ਰਾਜਸਥਾਨ ਦੇ ਜੈਪੁਰ ਸਥਿਤ ਪੂਰਨਿਮਾ ਯੂਨੀਵਰਸਿਟੀ ਵਿਖੇ ਆਯੋਜਿਤ ਨਿਆਂਇਕ ਸੇਵਾਵਾਂ ਪ੍ਰੀਖਿਆ (PCS-J) ਲਈ ਆਈ ਇੱਕ ਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਿਆ ਗਿਆ। ਜਿਸ ਤੋਂ ਬਾਅਦ ਵਿਦਿਆਰਥਣ ਨੇ ਕਕਾਰ ਨੂੰ ਉਤਾਰਨ ਤੋਂ ਸਾਫ ਇਨਕਾਰ ਕਰ ਦਿੱਤਾ। ਉਸ ਨੇ ਕਿਹਾ ਕਿ ਸੁਰੱਖਿਆ ਸਟਾਫ਼ ਨੇ ਕਕਾਰ ਹੋਣ ਕਰਕੇ ਉਸ ਨੂੰ ਅੰਦਰ ਨਹੀਂ ਆਉਣ ਦਿੱਤਾ।

ਇਸ ਕਾਰਨ ਉਹ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਹੀਂ ਹੋ ਸਕੀ ਅਤੇ ਆਪਣੀ ਪ੍ਰੀਖਿਆ ਤੋਂ ਖੁੰਝ ਗਈ। ਉਸ ਨੇ ਮੌਕੇ ਤੋਂ ਘਟਨਾ ਦੀਆਂ ਕੁਝ ਵੀਡੀਓ ਬਣਾਈਆਂ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਈਮੇਲ ਕੀਤਾ।

ਇਹ ਘਟਨਾ ਧਾਰਮਿਕ ਆਜ਼ਾਦੀ ਦੀ ਉਲੰਘਣਾ- SGPC

ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਦੱਸਿਆ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਵੀ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰ ਰਹੀਆਂ ਹਨ।

ਪ੍ਰੀਖਿਆ ਸੰਸਥਾ ਨੇ ਕੀਤੀ ਇਹ ਕਾਰਵਾਈ- ਯੂਨੀਵਰਸਿਟੀ

ਇਸ ਦੇ ਨਾਲ ਹੀ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਕਿਹਾ ਕਿ ਇਹ ਕਾਰਵਾਈ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸੀ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਕਾਰਵਾਈ ਪ੍ਰੀਖਿਆ ਸੰਸਥਾ ਵੱਲੋਂ ਕੀਤੀ ਗਈ ਸੀ।

ਸੁਖਬੀਰ ਬਾਦਲ ਨੇ ਪੋਸਟ ਕਰ ਘਟਨਾ ਦੀ ਕੀਤੀ ਨਿੰਦਾ

ਇਸ ਘਟਨਾ ਤੋਂ ਬਾਅਦ ਵੱਖ- ਵੱਖ ਸਿੱਖ ਜਥੇਬੰਦੀਆਂ ਅਤੇ ਸਿਆਸੀ ਗਲਿਆਰੀਆਂ ਵਿੱਚ ਸਰਗਰਮੀਆਂ ਵਧ ਗਈਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ।

ਜਾਣੋ ਕੀ ਹੈ ਪੂਰਾ ਮਾਮਲਾ

ਤਰਨਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਦੀ ਗੁਰਪ੍ਰੀਤ ਕੌਰ ਦਾ ਐਤਵਾਰ ਨੂੰ ਇਮਤਿਹਾਨ ਸੀ। ਉਸ ਨੂੰ ਸਵੇਰੇ 9 ਵਜੇ ਤੱਕ ਪ੍ਰੀਖਿਆ ਕੇਂਦਰ ਪਹੁੰਚਣਾ ਸੀ ਅਤੇ ਉਸ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਸੀ। ਜਦੋਂ ਉਹ ਪੂਰਨਿਮਾ ਯੂਨੀਵਰਸਿਟੀ ਵਿੱਚ ਸਥਾਪਤ ਪ੍ਰੀਖਿਆ ਕੇਂਦਰ ਪਹੁੰਚੀ ਤਾਂ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਰੋਕ ਲਿਆ।

ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਗੁਰਪ੍ਰੀਤ ਕੌਰ ਨੂੰ ਕਕਾਰਾਂ ਨੂੰ ਉਤਾਰ ਕੇ ਅੰਦਰ ਜਾਣ ਲਈ ਕਿਹਾ। ਸਿੱਖ ਲੜਕੀ ਨੇ ਇਸ ਦਾ ਵਿਰੋਧ ਕੀਤਾ ਅਤੇ ਕਕਾਰਾਂ ਨੂੰ ਉਤਾਰਨ ਤੋਂ ਸਾਫ ਇਨਕਾਰ ਕਰ ਦਿੱਤਾ। ਇਸ ਗੱਲ ਨੂੰ ਲੈ ਕੇ ਕਾਫੀ ਬਹਿਸ ਹੋਈ। ਇਸ ‘ਤੇ ਸੁਰੱਖਿਆ ਕਰਮਚਾਰੀਆਂ ਨੇ ਵਿਦਿਆਰਥਣ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਹੀਂ ਹੋਣ ਦਿੱਤਾ।