ਸੋਧਾਂ ਰਾਹੀਂ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ ‘ਚ ਦਖ਼ਲਅੰਦਾਜ਼ੀ ਕੀਤੀ ਗਈ: ਜਥੇਦਾਰ

Updated On: 

29 Jun 2026 13:50 PM IST

Sikh MLA Ministers Sri Akal Takht sahib Peshi : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਖਾਲਸਾ ਪੰਥ ਦੀ ਰਜ਼ਾਮੰਦੀ ਤੋਂ ਬਿਨਾਂ ਅਤੇ ਸਿੱਖ ਸੰਸਥਾਵਾਂ ਨੂੰ ਨਜ਼ਰਅੰਦਾਜ਼ ਕਰਦਿਆਂ 2008 ਦੇ ਕਾਨੂੰਨ'ਚ ਕੀਤੀਆਂ ਗਈਆਂ ਸੋਧਾਂ ਰਾਹੀਂ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲਅੰਦਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਆਪਣੀ ਰਹਿਤ-ਮਰਿਆਦਾ ਕਿਵੇਂ ਨਿਭਾਏਗਾ, ਗੁਰੂ ਸਾਹਿਬ ਦਾ ਸਤਿਕਾਰ ਕਿਸ ਤਰ੍ਹਾਂ ਕਰੇਗਾ ਤੇ ਗੁਰੂ ਤੇ ਸਿੱਖ ਦੇ ਰਿਸ਼ਤੇ ਨਾਲ ਜੁੜੇ ਮਸਲੇ ਪੰਥ ਦੇ ਅਧਿਕਾਰ ਖੇਤਰ 'ਚ ਆਉਂਦੇ ਹਨ, ਨਾ ਕਿ ਸਰਕਾਰ ਦੇ।

ਸੋਧਾਂ ਰਾਹੀਂ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ ਚ ਦਖ਼ਲਅੰਦਾਜ਼ੀ ਕੀਤੀ ਗਈ: ਜਥੇਦਾਰ

ਸੋਧਾਂ ਰਾਹੀਂ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲਅੰਦਾਜ਼ੀ ਕੀਤੀ ਗਈ: ਜਥੇਦਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਖ ਪੰਥ ਨਾਲ ਜੁੜੇ ਅਹਿਮ ਮਸਲਿਆਂ ‘ਤੇ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਆਪਣੇ ਪਵਿੱਤਰ ਹੱਥਾਂ ਨਾਲ ਕੀਤੀ ਸੀ ਤੇ ਸੰਸਾਰ ਭਰ ‘ਚ ਵੱਸਦਾ ਗੁਰੂ ਨਾਨਕ ਨਾਮ ਲੇਵਾ ਸਿੱਖ ਇਸ ਸਰਵਉੱਚ ਤਖ਼ਤ ਨੂੰ ਸਮਰਪਿਤ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਖਾਲਸਾ ਪੰਥ ਦੀ ਰਜ਼ਾਮੰਦੀ ਤੋਂ ਬਿਨਾਂ ਅਤੇ ਸਿੱਖ ਸੰਸਥਾਵਾਂ ਨੂੰ ਨਜ਼ਰਅੰਦਾਜ਼ ਕਰਦਿਆਂ 2008 ਦੇ ਕਾਨੂੰਨ ‘ਚ ਕੀਤੀਆਂ ਗਈਆਂ ਸੋਧਾਂ ਰਾਹੀਂ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ ‘ਚ ਦਖ਼ਲਅੰਦਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਆਪਣੀ ਰਹਿਤ-ਮਰਿਆਦਾ ਕਿਵੇਂ ਨਿਭਾਏਗਾ, ਗੁਰੂ ਸਾਹਿਬ ਦਾ ਸਤਿਕਾਰ ਕਿਸ ਤਰ੍ਹਾਂ ਕਰੇਗਾ ਤੇ ਗੁਰੂ ਤੇ ਸਿੱਖ ਦੇ ਰਿਸ਼ਤੇ ਨਾਲ ਜੁੜੇ ਮਸਲੇ ਪੰਥ ਦੇ ਅਧਿਕਾਰ ਖੇਤਰ ‘ਚ ਆਉਂਦੇ ਹਨ, ਨਾ ਕਿ ਸਰਕਾਰ ਦੇ।

ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਰੀ ਹਾਜਰੀ

ਉਨ੍ਹਾਂ ਦੱਸਿਆ ਕਿ ਇਸੇ ਮਾਮਲੇ ਸਬੰਧੀ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਉਨ੍ਹਾਂ ਦਾ ਸਪਸ਼ਟੀਕਰਨ ਲੈਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖੁੱਲ੍ਹੇ ਮਾਹੌਲ ‘ਚ ਵਿਚਾਰ-ਚਰਚਾ ਹੋਵੇਗੀ ਤੇ ਹਰ ਪੱਖ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਵੇਗਾ।

ਜਥੇਦਾਰ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪੰਥ ਦੇ ਸਿਧਾਂਤਾਂ ਦੇ ਉਲਟ ਕਦੇ ਵੀ ਨਹੀਂ ਚੱਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਨੂੰ ਆਤਮਕ ਗੁਰਿਆਈ ਤੇ ਗੁਰੂ ਖਾਲਸਾ ਪੰਥ ਨੂੰ ਸਰੀਰਕ ਗੁਰਿਆਈ ਬਖ਼ਸ਼ੀ ਹੈ, ਇਸ ਲਈ ਪੰਥ ਦੇ ਫੈਸਲਿਆਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।

ਗੁਰੂ ਦੇ ਦੱਸੇ ਮਾਰਗ ‘ਤੇ ਚੱਲਣ ਦਾ ਸੱਦਾ

ਵਿਧਾਇਕ ਜੀਵਨ ਜੋਤ ਵੱਲੋਂ ਦਿੱਤੇ ਗਏ ਬਿਆਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਗਿਆਨੀ ਗੜਗੱਜ ਨੇ ਗੁਰਬਾਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇ ਕੋਈ ਗਲਤ ਬੋਲਦਾ ਹੈ ਤਾਂ ਉਸ ਦਾ ਲੇਖਾ ਗੁਰੂ ਸਾਹਿਬ ਤੇ ਸੰਗਤ ਆਪ ਲਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸੇ ਪ੍ਰਤੀ ਵਿਰੋਧ ਦੀ ਭਾਵਨਾ ਨਹੀਂ ਰੱਖਦੇ, ਸਗੋਂ ਸਾਰਿਆਂ ਲਈ ਚੰਗੀ ਅਕਲ ਤੇ ਪੰਥਕ ਏਕਤਾ ਦੀ ਅਰਦਾਸ ਕਰਦੇ ਹਨ। ਅੰਤ ‘ਚ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸਿੱਖ ਕੌਮ ਨੂੰ ਇਕੱਠੇ ਰਹਿਣ ਤੇ ਗੁਰੂ ਦੇ ਦੱਸੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।

Follow Us