ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਣਗੇ ਵਿਸ਼ੇਸ਼ ਦੀਵਾਨ, 14 ਮਾਰਚ ਨੂੰ ਨਾਨਕਸ਼ਾਹੀ ਸੰਮਤ 558 ਦੀ ਸ਼ੁਰੂਆਤ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Amritsar: 14 ਮਾਰਚ ਨੂੰ ਦੇਸੀ ਮਹੀਨੇ ਦੇ ਨਵੇਂ ਸਾਲ ਦਾ ਆਗਾਜ਼ ਹੋਵੇਗਾ। ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ।
Amritsar: ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਸਾਲ (ਸੰਮਤ 558) ਦੀ ਆਮਦ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰੀ ਭਗਵੰਤ ਸਿੰਘ ਧੰਗੇੜਾ ਨੇ ਸਮਾਗਮਾਂ ਦੀ ਰੂਪ-ਰੇਖਾ ਸਾਂਝੀ ਕਰਦਿਆਂ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਹੈ।
ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕੀਤੇ ਜਾਣਗੇ ਆਰੰਭ
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸਮਾਗਮ ਮੈਨੇਜਰ ਭਗਵੰਤ ਸਿੰਘ ਨੇ ਦੱਸਿਆ ਕਿ ਨਾਨਕਸ਼ਾਹੀ ਸੰਮਤ ਦੇ ਮੁਤਾਬਿਕ ਨਵਾਂ ਸਾਲ 14 ਮਾਰਚ (1 ਚੇਤ) ਨੂੰ ਆਰੰਭ ਹੋ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਭੋਗ 14 ਮਾਰਚ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਇਸ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।
7 ਵਜੇ ਤੋਂ ਰਾਤ 12 ਵਜੇ ਤੱਕ ਸਜਣਗੇ ਦੀਵਾਨ
ਧਾਰਮਿਕ ਦੀਵਾਨ ਅਤੇ ਕੀਰਤਨ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਇੱਕ ਵਿਸ਼ੇਸ਼ ਸਮਾਗਮ ਚੱਲੇਗਾ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਹਜ਼ੂਰੀ ਰਾਗੀ ਜੱਥੇ, ਢਾਡੀ ਅਤੇ ਕਵੀਸ਼ਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਇਤਿਹਾਸ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਜੀ ਕਾਂਝਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ।
ਰਾਤ ਨੂੰ ਕੀਤੀ ਜਾਵੇਗੀ ਆਤਿਸ਼ਬਾਜ਼ੀ
ਨਵੇਂ ਸਾਲ ਦੀ ਆਮਦ ਮੌਕੇ ਆਤਿਸ਼ਬਾਜ਼ੀ ਜਦੋਂ 14 ਮਾਰਚ ਦੀ ਅੰਮ੍ਰਿਤ ਵੇਲੇ (ਰਾਤ 12 ਵਜੇ ਤੋਂ ਬਾਅਦ) ਨਵੇਂ ਸਾਲ ਦਾ ਆਗਾਜ਼ ਹੋਵੇਗਾ, ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਜਾਵੇਗੀ। ਮੈਨੇਜਰ ਸਾਹਿਬ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਿਵਾਰਾਂ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾ ਕੇ ਕਰਨ।