ਦੇਸ਼-ਵਿਦੇਸ਼ ਤੋਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ, ਰਾਤ ਨੂੰ ਹੋਵੇਗੀ ਦੀਪਮਾਲਾ ਤੇ ਆਤਸ਼ਬਾਜ਼ੀ

Updated On: 

05 Nov 2025 13:23 PM IST

ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਜੀ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸ਼ਨ ਮਾਰਗ ਤੇ ਤੁਰਨਾ ਚਾਹੀਦਾ ਹੈ, ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ ਤੇ ਗੁਰੂ ਵਾਲਾ ਜੀਵਨ ਬਤੀਤ ਕਰਨਾ ਚਾਹੀਦਾ ਹੈ।

ਦੇਸ਼-ਵਿਦੇਸ਼ ਤੋਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ, ਰਾਤ ਨੂੰ ਹੋਵੇਗੀ ਦੀਪਮਾਲਾ ਤੇ ਆਤਸ਼ਬਾਜ਼ੀ
Follow Us On

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅੱਜ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਸ਼ਰਧਾਲੂਆਂ ਦਾ ਅਥਾਹ ਸਮੂਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣਾ ਸ਼ੁਰੂ ਹੋ ਗਿਆ। ਇਸ ਪਵਿੱਤਰ ਮੌਕੇ ਤੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਤੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬਾਨਾਂ ਦੇ ਅਸਤ੍ਰ-ਸ਼ਸਤ੍ਰਾਂ (ਜਲੋ ਸਾਹਿਬ) ਦੀ ਵਿਸ਼ੇਸ਼ ਸਜਾਵਟ ਕੀਤੀ ਗਈ। ਰਾਤ ਸਮੇਂ ਸ਼੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਸ਼ਾਨਦਾਰ ਆਤਸ਼ਬਾਜ਼ੀ ਦਾ ਆਯੋਜਨ ਵੀ ਕੀਤਾ ਗਿਆ ਹੈ। ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਹਰਿਮੰਦਰ ਸਾਹਿਬ ਪਹੁੰਚ ਕੇ ਗੁਰਪੁਰਬ ਦੀਆਂ ਮੁਬਾਰਕਬਾਦਾਂ ਦਿੰਦੀਆਂ ਨਜ਼ਰ ਆਈਆਂ।

ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਜੀ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸ਼ਨ ਮਾਰਗ ਤੇ ਤੁਰਨਾ ਚਾਹੀਦਾ ਹੈ, ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ ਤੇ ਗੁਰੂ ਵਾਲਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਸ਼੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਵੀ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਮਨੁੱਖਤਾ ਅਤੇ ਸਮਾਨਤਾ ਦੇ ਪ੍ਰਤੀਕ ਹਨ।

ਸ਼ਰਧਾਲੂਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਅੱਜ ਗੁਰੂ ਘਰ ਪਹੁੰਚ ਕੇ ਸਰੋਵਰ ‘ਚ ਇਸ਼ਨਾਨ ਕੀਤਾ ਹੈ ਤੇ ਵਾਹਿਗੁਰੂ ਅੱਗੇ ਦੇਸ਼ ਤੇ ਪਰਿਵਾਰ ਦੀ ਅਮਨ-ਸ਼ਾਂਤੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ, ਜੋ ਅੱਜ ਦੇ ਇਸ ਪਵਿੱਤਰ ਦਿਹਾੜੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਇਸ਼ਨਾਨ ਕਰਨ ਦਾ ਮੌਕਾ ਮਿਲਿਆ।