ਬੇਅਦਬੀ ਕਾਨੂੰਨ ਨੂੰ ਲੈ ਕੇ ਅੰਮ੍ਰਿਤਸਰ ‘ਚ ਅਹਿਮ ਮੀਟਿੰਗ, ਮਾਹਿਰ ਕਮੇਟੀ ਨੂੰ ਗੱਲਬਾਤ ਲਈ ਅੱਗੇ ਆਉਣ ਦੀ ਅਪੀਲ
ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਮਾਹਿਰ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਹੋਰ ਅੱਗੇ ਵਧਾਉਣ ਦੀ ਬਜਾਏ ਗੱਲਬਾਤ 'ਚ ਸ਼ਾਮਲ ਹੋਵੇ, ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜੇ ਇਸ ਅਹਿਮ ਮਾਮਲੇ ਦਾ ਸਥਾਈ ਤੇ ਸਾਰਥਕ ਹੱਲ ਕੱਢਿਆ ਜਾ ਸਕੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਅੰਮ੍ਰਿਤਸਰ ‘ਚ ਸਰਕਾਰ ਵੱਲੋਂ ਗਠਿਤ ਤਾਲਮੇਲ ਕਮੇਟੀ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਮਾਹਿਰ ਕਮੇਟੀ ਨੂੰ ਆਪਸੀ ਮਤਭੇਦ ਦੂਰ ਕਰਕੇ ਗੱਲਬਾਤ ਦੀ ਮੇਜ਼ ‘ਤੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਨੂੰਨ ‘ਚ ਲੋੜੀਂਦੀਆਂ ਸੋਧਾਂ ਤੇ ਸੁਧਾਰ ਆਪਸੀ ਵਿਚਾਰ-ਵਟਾਂਦਰੇ ਰਾਹੀਂ ਹੀ ਕੀਤੇ ਜਾ ਸਕਦੇ ਹਨ।
ਮੀਟਿੰਗ ‘ਚ ਸ਼ਾਮਲ ਹੋਣ ਪਹੁੰਚੇ ਗੁਰਦੁਆਰਾ ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ ਜੀ ਦੇ ਨੁਮਾਇੰਦੇ ਭੁਪਿੰਦਰ ਸਿੰਘ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮੁੱਖ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਯੁਕਤ ਮਾਹਿਰ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਐਕਟ ‘ਚ ਕਿਹੜੀਆਂ ਜ਼ਰੂਰੀ ਸੋਧਾਂ ਕੀਤੀਆਂ ਜਾ ਸਕਦੀਆਂ ਹਨ, ਤਾਂ ਜੋ ਇਸ ਨੂੰ ਹੋਰ ਬਿਹਤਰ ਤੇ ਸਰਬਪੱਖੀ ਬਣਾਇਆ ਜਾ ਸਕੇ, ਇਸ ਬਾਰੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮਾਹਿਰ ਕਮੇਟੀ ਨਾਲ ਗੱਲਬਾਤ ਰਾਹੀਂ ਇਸ ਮਸਲੇ ਦਾ ਕੋਈ ਸਾਰਥਕ ਹੱਲ ਸਾਹਮਣੇ ਆਵੇਗਾ।
ਵਿਵਾਦ ਦੀ ਬਜਾਏ ਗੱਲਬਾਤ ਰਾਹੀਂ ਹੱਲ ਕੱਢਣ ‘ਤੇ ਜ਼ੋਰ
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਨੁਮਾਇੰਦੇ ਵਜੋਂ ਪਹੁੰਚੇ ਭਾਈ ਸਾਹਿਬ ਸਿੰਘ ਨੇ ਕਿਹਾ ਕਿ ਕਿਸੇ ਵੀ ਵੱਡੇ ਮਸਲੇ ਦਾ ਹੱਲ ਆਪਸੀ ਗੱਲਬਾਤ ਤੇ ਸਹਿਮਤੀ ਨਾਲ ਹੀ ਨਿਕਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਡਿਪਟੀ ਕਮਿਸ਼ਨਰ ਦਫ਼ਤਰ ‘ਚ ਇਸ ਮਾਮਲੇ ਸਬੰਧੀ ਮੀਟਿੰਗ ਹੋ ਚੁੱਕੀ ਹੈਅਤੇ ਮਾਹਿਰ ਕਮੇਟੀ ਨੂੰ ਲਗਾਤਾਰ ਸੱਦਾ ਦਿੱਤਾ ਜਾ ਰਿਹਾ ਹੈ ਕਿ ਉਹ ਬੈਠ ਕੇ ਵਿਚਾਰ-ਵਟਾਂਦਰਾ ਕਰੇ।
ਭਾਈ ਸਾਹਿਬ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਵੀ ਆਪਸੀ ਸੰਵਾਦ, ਏਕਤਾ ਤੇ ਸਹਿਮਤੀ ਦਾ ਸੰਦੇਸ਼ ਦਿੰਦੀਆਂ ਹਨ। ਇਸ ਲਈ ਕਿਸੇ ਤਰ੍ਹਾਂ ਦੇ ਟਕਰਾਅ ‘ਚ ਪੈਣ ਦੀ ਬਜਾਏ ਸਾਰੀਆਂ ਧਿਰਾਂ ਨੂੰ ਇਕੱਠੇ ਬੈਠ ਕੇ ਕਾਨੂੰਨ ‘ਚ ਲੋੜੀਂਦੀਆਂ ਸੋਧਾਂ ਬਾਰੇ ਵਿਚਾਰ ਕਰਨਾ ਚਾਹੀਦਾ ਹੈ।
‘ਕਾਨੂੰਨ ਰੱਦ ਕਰਨ ਦੀ ਸ਼ਰਤ ਪੱਤਰ ‘ਚ ਨਹੀਂ’
ਮਾਹਿਰ ਕਮੇਟੀ ਵੱਲੋਂ ਕਾਨੂੰਨ ਰੱਦ ਹੋਣ ਤੱਕ ਮੀਟਿੰਗ ‘ਚ ਸ਼ਾਮਲ ਨਾ ਹੋਣ ਦੇ ਰੁਖ਼ ਬਾਰੇ ਭਾਈ ਸਾਹਿਬ ਸਿੰਘ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਾਲਮੇਲ ਕਮੇਟੀ ਦੇ ਗਠਨ ਸਬੰਧੀ ਜਾਰੀ ਕੀਤੇ ਗਏ ਨਿਯੁਕਤੀ ਪੱਤਰ ‘ਚ ਕਾਨੂੰਨ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਕੋਈ ਸ਼ਰਤ ਦਰਜ ਨਹੀਂ ਹੈ।
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ ਕਮੇਟੀ ਦੀ ਜ਼ਿੰਮੇਵਾਰੀ ਕਾਨੂੰਨ ‘ਚ ਲੋੜੀਂਦੀਆਂ ਸੋਧਾਂ ਤੇ ਸੁਧਾਰਾਂ ਲਈ ਵਿਚਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਹੁਕਮਨਾਮੇ ਸਰਕਾਰ ਨੂੰ ਸੰਬੋਧਿਤ ਸਨ, ਨਾ ਕਿ ਤਾਲਮੇਲ ਕਮੇਟੀ ਨੂੰ। ਇਸ ਲਈ ਉਨ੍ਹਾਂ ਹੁਕਮਨਾਮਿਆਂ ਦਾ ਹਵਾਲਾ ਦੇ ਕੇ ਮੀਟਿੰਗ ਤੋਂ ਦੂਰੀ ਬਣਾਉਣ ਦੀ ਬਜਾਏ ਗੱਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ।
ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਮਾਹਿਰ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਹੋਰ ਅੱਗੇ ਵਧਾਉਣ ਦੀ ਬਜਾਏ ਗੱਲਬਾਤ ‘ਚ ਸ਼ਾਮਲ ਹੋਵੇ, ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜੇ ਇਸ ਅਹਿਮ ਮਾਮਲੇ ਦਾ ਸਥਾਈ ਤੇ ਸਾਰਥਕ ਹੱਲ ਕੱਢਿਆ ਜਾ ਸਕੇ।


