ਅਕਾਲ ਤਖ਼ਤ ਨੇ ਸਾਬਕਾ ਮੰਤਰੀਆਂ ਨੂੰ ਕੀਤਾ ਤਲਬ, 2 ਦਸੰਬਰ ਨੂੰ ਹੋਵੇਗੀ ਮੀਟਿੰਗ
ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਕਰਨ ਮਗਰੋਂ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸਾਲ 2007 ਤੋਂ ਲੈਕੇ 2017 ਤੱਕ ਪੰਜਾਬ ਸਰਕਾਰ ਵਿੱਚ ਵਜ਼ੀਰ ਰਹੇ ਅਕਾਲੀ ਲੀਡਰਾਂ ਨੂੰ ਤਲਬ ਕੀਤਾ ਹੈ। ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਵਾਲੇ ਜੱਥੇਦਾਰਾਂ ਤੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਸ਼੍ਰੀ ਅਕਾਲ ਤਖ਼ਤ ਸਾਹਿਬ
ਪੰਜਾਬ ਵਿੱਚ ਸਾਲ 2007 ਤੋਂ ਲੈਕੇ 2017 ਤੱਕ ਅਕਾਲੀ ਭਾਜਪਾ ਸਰਕਾਰ ਵਿੱਚ ਮੰਤਰੀ ਰਹੇ ਲੀਡਰਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਗਿਆ ਹੈ। ਜਿਸ ਤੋਂ ਬਾਅਦ 2 ਦਸੰਬਰ ਨੂੰ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਿੰਘ ਸਾਹਿਬ ਸੁਖਬੀਰ ਸਿੰਘ ਬਾਦਲ ਨੂੰ ਕੋਈ ਤਨਖਾਹ ਲਗਾ ਦੇਣ।
ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਦੂਜੀ ਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖੀ ਸੀ। ਜਿਸ ਵਿੱਚ ਉਹਨਾਂ ਨੇ ਤਨਖਾਹੀ ਕਰਾਰ ਹੋਣ ਨੂੰ ਕਾਫੀ ਸਮਾਂ ਹੋਣ ਦਾ ਹਵਾਲਾ ਦਿੰਦਿਆਂ ਜਲਦੀ ਤਨਖਾਹ ਲਗਾਉਣ ਦੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਹ ਨਿਮਾਣੇ ਸਿੱਖ ਵਾਂਗ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣਾ ਚਾਹੁੰਦੇ ਹਨ।


