‘ਸਾਰੇ ਆਰੋਪ ਸਹੀ, ਜੱਜ ਸਾਹਿਬ ਨੂੰ ਦੱਸਾਂਗੇ ਸੱਚ’, ਸੁਖਬੀਰ ਬਾਦਲ ਵੱਲੋਂ ਕੀਤੇ ਮਾਣਹਾਨੀ ਕੇਸ ‘ਤੇ ਮੁੱਖ ਮੰਤਰੀ ਮਾਨ ਦਾ ਜਵਾਬ

Updated On: 

11 Jan 2024 21:38 PM

CM Reply to Sukhbir Badal: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਵੱਲੋਂ ਕੀਤੇ ਗਏ ਮਾਣਹਾਨੀ ਦੇ ਕੇਸ ਤੇ ਤਿੱਖਾ ਪਲਟਵਾਰ ਕੀਤਾ। ਸੀਐਮ ਨੇ ਕਿਹਾ ਕਿ ਬਾਦਲ ਚਾਹੁਣ ਤਾਂ ਉਨ੍ਹਾਂ ਖਿਲਾਫ ਕਿੰਨੇ ਵੀ ਕੇਸ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕੋਲ ਹਰ ਆਰੋਪ ਦਾ ਪੁਖ਼ਤਾ ਸਬੂਤ ਹੈ। ਉਹ ਨਾ ਸਿਰਫ਼ ਹਰ ਤਾਰੀਖ ਤੇ ਕੋਰਟ ਵਿੱਚ ਪੇਸ਼ ਹੋਣਗੇ, ਸਗੋਂ ਕੋਰਟ ਦਾ ਸਾਹਮਣੇ ਸਾਰੇ ਸਬੂਤ ਵੀ ਪੇਸ਼ ਕਰਨਗੇ।

ਸਾਰੇ ਆਰੋਪ ਸਹੀ, ਜੱਜ ਸਾਹਿਬ ਨੂੰ ਦੱਸਾਂਗੇ ਸੱਚ, ਸੁਖਬੀਰ ਬਾਦਲ ਵੱਲੋਂ ਕੀਤੇ ਮਾਣਹਾਨੀ ਕੇਸ ਤੇ ਮੁੱਖ ਮੰਤਰੀ ਮਾਨ ਦਾ ਜਵਾਬ
Follow Us On

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਲਤ ਬਿਆਨਬਾਜ਼ੀ ਦਾ ਆਰੋਪ ਲਗਾਉਂਦਿਆਂ ਵੀਰਵਾਰ ਨੂੰ ਮੁਕਤਸਰ ਦੀ ਅਦਾਲਤ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ। ਜਿਸਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਨ੍ਹਾਂ ਤੇ ਤਿੱਖਾ ਪਲਟਵਾਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੀਤੀ 1 ਨਵੰਬਰ ਨੂੰ ਐਸਵਾਈਐਲ ਦੇ ਮੁੱਦੇ ਉੱਤੇ ਉਨ੍ਹਾਂ ਨੇ ਜੋ ਬਾਦਲ ਪਰਿਵਾਰ ‘ਤੇ ਆਰੋਪ ਲਾਏ ਹਨ, ਉਹ ਬਿਲਕੁਲ ਸਹੀ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਚਾਹੁਣ ਤਾਂ ਉਨ੍ਹਾਂ ਖਿਲਾਫ ਕੋਈ ਵੀ ਕੇਸ ਦਰਜ ਕਰਵਾ ਸਕਦੇ ਹਨ। ਉਹ ਉਸ ਤਰੀਕ ਨੂੰ ਕੋਰਟ ਵਿੱਚ ਪੇਸ਼ ਹੋਣਗੇ ਅਤੇ ਜੱਜ ਨੂੰ ਦੱਸਣਗੇ ਕਿ ਉਨ੍ਹਾਂ ਕੋਲ ਨਾ ਸਿਰਫ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਦੇ ਇਹ ਸਬੂਤ ਹਨ, ਸਗੋਂ ਬਾਦਲ ਪਰਿਵਾਰ ਵੱਲੋਂ ਸੁਖ ਵਿਲਾ ਰਿਜ਼ੋਰਟ ਸਮੇਤ ਕਈ ਹੋਰ ਕਾਰੋਬਾਰਾਂ ਵਿੱਚ ਕੀਤੇ ਭ੍ਰਿਸ਼ਟਾਚਾਰ ਦੇ ਸਾਰੇ ਦਸਤਾਵੇਜ਼ ਵੀ ਮੌਜੂਦ ਹਨ, ਜੋ ਉਹ ਜੱਜ ਸਾਹਿਬ ਦੇ ਸਾਹਮਣੇ ਪੇਸ਼ ਕਰਨਗੇ। ਜਿਨ੍ਹਾਂ ਨੂੰ ਹਰ ਤਰੀਕ ਦੌਰਾਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਪਿਛਲੀਆਂ ਸਰਕਾਰਾਂ ‘ਤੇ ਮਾਨ ਦੇ ਤਿੱਖੇ ਨਿਸ਼ਾਨੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਅਤੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਹੁਣ ਇੱਥੇ ਵਰਤ ਕੇ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਮੁਹੱਈਆ ਕਰਨ ਦਾ ਰਾਹ ਖੁੱਲ੍ਹਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ ਅਤੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀਆਂ ਹਨ।

ਝਾਂਕੀ ਨੂੰ ਰੱਦ ਕੀਤੇ ਜਾਣ ਦਾ ਵੀ ਉਠਾਇਆ ਮੁੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਝਾਕੀ ਰੱਦ ਕਰਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਯੋਗਦਾਨ ਨੂੰ ਸੂਬੇ ਭਰ ਵਿੱਚ ਇੱਕ ਝਾਂਕੀ ਰਾਹੀਂ ਪ੍ਰਦਰਸ਼ਿਤ ਕਰੇਗੀ।

‘ਸੂਬੇ ਦੀ ਸਿਆਸਤ ਦਾ ਧੁਰਾ ਬਣੇਗਾ ਧੂਰੀ’

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧੂਰੀ ਦੇ ਪਿੰਡਾਂ ਦੇ ਵਿਕਾਸ ਲਈ 29 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਰੱਖੀ ਹੈ। ਉਨ੍ਹਾਂ ਦੁਹਰਾਇਆ ਕਿ ਧੂਰੀ ਸੂਬੇ ਦੀ ਸਿਆਸਤ ਦਾ ਧੁਰਾ ਬਣੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ਾਸ ਤੌਰ ‘ਤੇ ਧੂਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਤੱਕ ਸੀਮਤ ਰਹਿੰਦਾ ਸੀ, ਜਦੋਂ ਕਿ ਹੁਣ ਮੁੱਖ ਮੰਤਰੀ ਹਮੇਸ਼ਾ ਲੋਕਾਂ ਵਿਚਕਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਕਿਸੇ ਦੀ ਮੁੱਖ ਮੰਤਰੀ ਤੱਕ ਆਸਾਨ ਪਹੁੰਚ ਹੈ, ਜਿਸ ਕਾਰਨ ਹੁਣ ਸੂਬੇ ਦਾ ਹਰ ਮਸਲਾ ਲੋਕਾਂ ਦੀ ਆਸ ਮੁਤਾਬਕ ਤੁਰੰਤ ਹੱਲ ਹੋ ਜਾਂਦਾ ਹੈ

ਸੁਖਬੀਰ ਬਾਦਲ ਨੇ 1 ਕਰੋੜ ਦਾ ਮਾਣਹਾਨੀ ਕੇਸ ਕੀਤਾ ਦਰਜ

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਖੁਦ ਸੁਖਬੀਰ ਬਾਦਲ ਨੇ ਇਸ ਮਾਮਲੇ ਨੂੰ ਲੈ ਕੇ ਮੁਕਤਸਰ ਦੀ ਜ਼ਿਲਾ ਅਦਾਲਤ ‘ਚ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ 1 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਝੂਠ ਬੋਲਣ ਦੀ ਆਦਤ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਆਪਣੇ ਪਰਿਵਾਰ ਬਾਰੇ ਝੂਠ ਬੋਲਣ ਵਿਰੁੱਧ ਕਈ ਵਾਰ ਚੇਤਾਵਨੀ ਦੇ ਚੁੱਕੇ ਹਨ। ਪਰ ਉਸਦੇ ਬਾਵਜੂਦ ਲਗਾਤਾਰ ਉਨ੍ਹਾਂ ਦੇ ਪਰਿਵਾਰ ਖਿਲਾਫ ਝੂਠ ਬੋਲਿਆ ਜਾ ਰਿਹਾ ਹੈ।

ਸੁਖਬੀਰ ਬਾਦਲ ਅਨੁਸਾਰ ਮੁੱਖ ਮੰਤਰੀ ਮਾਨ ਨੇ ਬਿਆਨ ਦਿੱਤਾ ਸੀ ਕਿ ਬਾਲਾਸਰ ਵਿੱਚ ਉਨ੍ਹਾਂ ਦੇ ਖੇਤ ਵਿੱਚ ਜੋ ਨਹਿਰ ਬਣੀ ਹੈ, ਉਹ ਸਿਰਫ਼ ਬਾਦਲ ਦੇ ਖੇਤਾਂ ਲਈ ਬਣਾਈ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਦੀ ਟਰਾਂਸਪੋਰਟ ਕੰਪਨੀ ਬਾਰੇ ਵੀ ਝੂਠਾ ਬਿਆਨ ਦਿੱਤਾ ਕਿ ਬਾਦਲ ਪਰਿਵਾਰ ਉਨ੍ਹਾਂ ਦੀਆਂ ਸਾਰੀਆਂ ਬੱਸਾਂ ਦੇ ਪਰਮਿਟ ਵਧਾ ਕੇ ਚੰਡੀਗੜ੍ਹ ਲੈ ਗਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਅਦਾਲਤ ਦੀ ਤਰਫੋਂ ਮੁੱਖ ਮੰਤਰੀ ਨੂੰ ਨੋਟਿਸ ਭੇਜਿਆ ਸੀ, ਜਿਸ ਦਾ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਮੁਕਤਸਰ ਦੀ ਅਦਾਲਤ ‘ਚ ਮੁੱਖ ਮੰਤਰੀ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਹ ਮੁੱਖ ਮੰਤਰੀ ਨੂੰ ਮੁਕਤਸਰ ਦੀ ਅਦਾਲਤ ਵਿੱਚ ਲੈ ਕੇ ਆਉਣਗੇ ਜਿੱਥੇ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਝੂਠ ਬੋਲਣ ਦੀ ਸਜ਼ਾ ਕੀ ਹੁੰਦੀ ਹੈ।

ਮੁੱਖ ਮੰਤਰੀ ਮਾਨ ਵੱਲੋਂ ਹਰ ਤਾਰੀਕ ਤੇ ਕੋਰਟ ਵਿੱਚ ਪੇਸ਼ ਹੋਣ ਦੇ ਬਿਆਨ ਤੇ ਸੁਖਬੀਰ ਨੇ ਕਿਹਾ ਕਿ ਉਹ ਹਰ ਤਰੀਕ ‘ਤੇ ਆਉਣਗੇ, ਇਸ ਲਈ ਉਹ ਇਹ ਵੀ ਦੇਖਣਗੇ ਕਿ ਮੁੱਖ ਮੰਤਰੀ ਕਿੰਨੀ ਵਾਰ ਤਰੀਕਾਂ ‘ਤੇ ਆਉਂਦੇ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਮੁਕਤਸਰ ਦੀ ਧਰਤੀ ਲਈ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਇਸ ਬਹਾਨੇ ਹੀ ਸਹੀ, ਮੁਕਤਸਰ ਆਉਣਗੇ ਤਾਂ ਸਹੀ।