SAD Chief Statement : ਪੰਜਾਬੀਆਂ ਨੂੰ ਗੁੰਮਰਾਹ ਨਾ ਕਰੇ ਕੇਂਦਰ ਸਰਕਾਰ :ਸੁਖਬੀਰ ਬਾਦਲ
Punjab News : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਕੇਂਦਰ ਨੂੰ 22 ਬੰਦੀ ਸਿੰਘਾਂ ਦੀ ਸੂਚੀ ਸੌਂਪੀ ਹੈ। ਪ੍ਰੰਤੂ ਕੇਂਦਰ ਆਪਣੀ ਸਥਿਤੀ ਸਾਫ ਨਹੀਂ ਕਰ ਰਿਹਾ ਹੈ।
ਪੰਜਾਬ ਨਿਊਜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਇੰਚਾਰਜ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਆਖਿਆ ਕਿ ਉਹ 9 ਬੰਦੀ ਸਿੰਘਾਂ ਵਿਚੋਂ 6 ਨੂੰ ਰਿਹਾਅ ਕਰਨ ਅਤੇ ਕੇਂਦਰ ਸਰਕਾਰ ਕੋਲ ਕੋਈ ਵੀ ਕੇਸ ਪੈਂਡਿੰਗ ਨਾ ਹੋਣ ਵਾਲੇ ਆਪਣੇ ਬਿਆਨ ਨਾਲ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਯਤਨ ਨਾ ਕਰਨ ਅਤੇ ਕਿਹਾ ਕਿ ਦੋਵੇਂ ਦਾਅਵੇ ਝੂਠੇ ਹਨ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਕੇਂਦਰੀ ਮੰਤਰੀ ਨੇ ਇਹ ਵੀ ਝੂਠ ਬੋਲਿਆ ਹੈ ਕਿ ਕੇਂਦਰ ਸਰਕਾਰ ਕੋਲ ਸਿਵਾਏ 9 ਬੰਦੀ ਸਿੰਘਾਂ ਦੇ ਹੋਰ ਕੋਈ ਸੂਚੀ ਨਹੀਂ ਹੈ।
ਕੇਂਦਰ ਸਰਕਾਰ ਨੂੰ ਸੌਂਪੀ 22 ਬੰਦੀ ਸਿੰਘਾਂ ਦੀ ਸੂਚੀ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਸ਼ੇਖਾਵਤ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ 22 ਬੰਦੀ ਸਿੰਘਾਂ ਦੀ ਸੂਚੀ ਸੌਂਪੀ ਗਈ ਸੀ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ 22 ਬੰਦੀ ਸਿੰਘਾਂ ਦੀ ਰਿਹਾਈ ਦੇ ਕੇਸ ਦੀ ਪੈਰਵੀ ਕਰ ਰਹੀ ਹੈ। ਉਹਨਾਂ ਕਿਹਾ ਕਿ ਮੰਤਰੀ ਦੇ ਬਿਆਨ ਨਾਲ ਉਹਨਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ ਜੋ ਰੋਜ਼ ਬੰਦੀ ਸਿੰਘਾਂ ਦੀਰਿਹਾਈ ਵਾਸਤੇ ਅਰਦਾਸ ਕਰਦੇ ਹਨ।
ਰਿਹਾਈ ਦੇ ਮਾਮਲੇ ਦਾ ਸਿਆਸੀਕਰਨ ਨਾ ਹੋਵੇ – ਬਾਦਲ
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਉਹਨਾਂ ਨੇ ਸ੍ਰੀ ਸ਼ੇਖਾਵਤ ਨੂੰ ਆਖਿਆਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਦੀ ਸਥਿਤੀ ਸਪਸ਼ਟ ਕਰਨ ਕਿਉਂਕਿ ਕੇਂਦਰ ਸਰਕਾਰ ਨੇ 2019 ਵਿਚ ਉਹਨਾਂ ਦੀ ਫਾਂਸੀ ਦੀ ਸਜ਼ਾ ਮੁਆਫ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਇਸ ਤੇ ਹਾਲੇ ਤੱਕ ਅਮਲ ਨਹੀਂ ਹੋਇਆ।
ਗ੍ਰਹਿ ਮੰਤਰਾਲੇ ਨੇ ਰੋਕੀ ਬੰਦੀ ਸਿੰਘਾਂ ਦੀ ਰਿਹਾਈ – ਬਾਦਲ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਪ੍ਰੇਸ਼ਾਨੀ ਵਾਲੀ ਗੱਲ ਹੈ ਕਿ ਗ੍ਰਹਿ ਮੰਤਰਾਲੇ ਨੇ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਅੰਤਿਮ ਫੈਸਲਾ ਲੈਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਉਲਟ ਰਿਪੋਰਟ ਦਾਇਰ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਰੋਕ ਦਿੱਤੀ ਹੈ। ਉਹਨਾਂ ਕਿਹਾ ਕਿ ਜੇਕਰ ਤਾਮਿਲਨਾਡੂ ਸਰਕਾਰ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀਆਂ ਨੂੰ ਰਿਹਾਅ ਕਰ ਸਕਦੀ ਹੈ ਤਾਂ ਫਿਰ ਕੇਂਦਰ ਸਰਕਾਰ, ਦਿੱਲੀ ਸਟੇਟ ਤੇਹੋਰ ਰਾਜ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਕਰ ਸਕਦੇ ?
ਸੂਬਾ ਸਰਕਾਰ ਤੇ ਨਿਸ਼ਾਨੇ
ਰਾਜ ਵਿਚ ਕਾਨੂੰਨ ਵਿਵਸਥਾ ਦੇ ਹਾਲ ਬਾਰੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਗੈਂਗਸਟਰਾਂ ਦਾ ਰਾਜ ਹੈ ਜਿਸ ਕਾਰਨ ਇੰਡਸਟਰੀ ਇਥੋਂ ਭੱਜ ਰਹੀਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਕੋਈ ਨਵਾਂ ਨਿਵੇਸ਼ ਨਹੀਂ ਆ ਰਿਹਾ ਤੇ ਲੋਕ ਦਹਿਸ਼ਤ ਦੇ ਸਾਏ ਵਿਚ ਜੀਅ ਰਹੇ ਹਨ।ਉਹਨਾਂ ਨੇ ਆਲੂ ਉਤਪਾਦਕਾਂ ਦੇ ਹਾਲ ਦਾ ਜ਼ਿਕਰ ਵੀ ਕੀਤਾ ਤੇ ਅਫਸੋਸ ਪ੍ਰਗਟ ਕੀਤਾ ਕਿ ਇਸ ਸਾਲ ਹੋਰਨਾਂ ਰਾਜਾਂ ਤੋਂ ਵਪਾਰੀ ਆਲੂ ਖਰੀਦਣ ਨਹੀਂ ਆਏ ਜਿਸ ਕਾਰਨ ਆਲੂ ਦੇ ਭਾਅ ਵਿਚ ਭਾਰੀ ਗਿਰਾਵਟ ਆਈ ਹੇ। ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਰਕਾਰੀ ਏਜੰਸੀਆਂ ਨੂੰ ਦੋਆਬਾ ਦੇ ਕਿਸਾਨਾਂ ਦੇ ਆਲੂ ਤੇ ਗੋਭੀ ਖਰੀਦਣ ਦੇ ਹੁਕਮ ਜਾਰੀ ਕਰਨ ਤਾਂ ਜੋ ਉਹਨਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ।