ਸੁਖਬੀਰ ਬਾਦਲ ਦਾ ਚੰਨੀ ‘ਤੇ ਪਲਟਵਾਰ, ਕਿਹਾ- ਕਾਂਗਰਸ ਨੇ ਦਰਬਾਰ ਸਾਹਿਬ ‘ਤੇ ਹਮਲਾ ਕਰਵਾਇਆ, ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ

Published: 

25 Nov 2026 18:56 PM IST

ਬਠਿੰਡਾ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਅਤੇ RSS ਬਾਰੇ ਦਿੱਤੇ ਬਿਆਨ 'ਤੇ ਚਰਨਜੀਤ ਸਿੰਘ ਚੰਨੀ ਨੂੰ ਘੇਰਿਆ। ਬਾਦਲ ਨੇ 1984 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦੀ ਯਾਦ ਦਿਵਾਉਂਦਿਆਂ ਕਾਂਗਰਸ ਦੀ ਤਿੱਖੀ ਆਲੋਚਨਾ ਕੀਤੀ।

ਸੁਖਬੀਰ ਬਾਦਲ ਦਾ ਚੰਨੀ ਤੇ ਪਲਟਵਾਰ, ਕਿਹਾ- ਕਾਂਗਰਸ ਨੇ ਦਰਬਾਰ ਸਾਹਿਬ ਤੇ ਹਮਲਾ ਕਰਵਾਇਆ, ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਸਿਆਸੀ ਵਿਵਾਦ ਕਾਫ਼ੀ ਡੂੰਘਾ ਹੋ ਗਿਆ ਹੈ। ਇਸ ਮੁੱਦੇ ‘ਤੇ ਬੁੱਧਵਾਰ ਨੂੰ ਬਠਿੰਡਾ ਦੀ ਰਾਮਾਂ ਮੰਡੀ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚੰਨੀ ਨੂੰ ਆੜੇ ਹੱਥੀਂ ਲੈਂਦਿਆਂ ਕਾਂਗਰਸ ਪਾਰਟੀ ਨੂੰ ਸਾਲ 1984 ਦੀਆਂ ਘਟਨਾਵਾਂ ਦੀ ਯਾਦ ਦਿਵਾਈ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਕਾਰ ਮੁੜ ਗਠਜੋੜ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਇਸ ਮਸਲੇ ‘ਤੇ ਪਹਿਲੀ ਵਾਰ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਸੁਖਬੀਰ ਬਾਦਲ ਦਾ ਚੰਨੀ ‘ਤੇ ਨਿਸ਼ਾਨਾ- “ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ”

ਚਰਨਜੀਤ ਸਿੰਘ ਚੰਨੀ ਦੇ ਬਿਆਨ ‘ਤੇ ਤਿੱਖਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ (ਆਰ.ਐੱਸ.ਐੱਸ. ਨਾਲ ਕੋਈ ਵਾਸਤਾ ਨਾ ਰੱਖਣ ਸਬੰਧੀ) ਦਾ ਹਵਾਲਾ ਦੇ ਕੇ ਸਵਾਲ ਚੁੱਕਣ ਤੋਂ ਪਹਿਲਾਂ ਚੰਨੀ ਨੂੰ ਆਪਣੀ ਪਾਰਟੀ ਦੇ ਇਤਿਹਾਸ ਵੱਲ ਝਾਤ ਮਾਰਨੀ ਚਾਹੀਦੀ ਹੈ। ਬਾਦਲ ਨੇ ਦੋ-ਟੁੱਕ ਸ਼ਬਦਾਂ ਵਿੱਚ ਕਿਹਾ, “ਮੈਂ ਚੰਨੀ ਸਾਹਿਬ ਨੂੰ ਸਿਰਫ਼ ਇੱਕੋ ਗੱਲ ਕਹਿਣਾ ਚਾਹੁੰਦਾ ਹਾਂ ਕਿ ਤੁਹਾਡੀ ਪਾਰਟੀ ਦੀ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਵਾਇਆ ਅਤੇ ਹਜ਼ਾਰਾਂ ਸਿੱਖ ਭੈਣ-ਭਰਾਵਾਂ ਦਾ ਕਤਲੇਆਮ ਕੀਤਾ। ਤੁਹਾਨੂੰ ਇਸ ਤਰ੍ਹਾਂ ਦੇ ਸਵਾਲ ਪੁੱਛਦਿਆਂ ਸ਼ਰਮ ਆਉਣੀ ਚਾਹੀਦੀ ਹੈ।”

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਤਤਕਾਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਭਾਰਤੀ ਫ਼ੌਜ ਵੱਲੋਂ ਟੈਂਕਾਂ ਅਤੇ ਤੋਪਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਫ਼ੌਜੀ ਕਾਰਵਾਈ ਕੀਤੀ ਗਈ ਸੀ, ਜਿਸ ਦੌਰਾਨ ਹਜ਼ਾਰਾਂ ਬੇਕਸੂਰ ਸਿੱਖਾਂ ਦੀਆਂ ਜਾਨਾਂ ਗਈਆਂ ਸਨ।

ਪਹਿਲਾਂ ਵੀ ‘ਆਪ੍ਰੇਸ਼ਨ ਬਲੂ ਸਟਾਰ’ ਤੇ ਕਾਂਗਰਸ ਨੂੰ ਘੇਰ ਚੁੱਕੇ ਹਨ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਤੋਂ ਪਹਿਲਾਂ ਵੀ ‘ਆਪ੍ਰੇਸ਼ਨ ਬਲੂ ਸਟਾਰ’ ਅਤੇ 1984 ਦੀ ਸਿੱਖ ਵਿਰੋਧੀ ਹਿੰਸਾ ਨੂੰ ਲੈ ਕੇ ਕਾਂਗਰਸ ਦੀ ਸਖ਼ਤ ਆਲੋਚਨਾ ਕਰਦੇ ਰਹੇ ਹਨ। ਅਗਸਤ 2023 ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਵਿੱਚ ਆਪ੍ਰੇਸ਼ਨ ਬਲੂ ਸਟਾਰ ਸਬੰਧੀ ਕਾਂਗਰਸ ‘ਤੇ ਕੀਤੀ ਗਈ ਟਿੱਪਣੀ ਦਾ ਸਮਰਥਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਪਾਸੋਂ ਸਿੱਖ ਕੌਮ ਅਤੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਈ ਫ਼ੌਜੀ ਕਾਰਵਾਈ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਅਪੀਲ ਵੀ ਕੀਤੀ ਸੀ।

ਪੁਰਾਣੇ ਬਿਆਨ ਵਿੱਚ ਚੰਨੀ ਨੇ ਕੀਤਾ ਸੀ ਮੁਆਫ਼ੀ ਮੰਗਣ ਦਾ ਦਾਅਵਾ

ਦੱਸਣਯੋਗ ਹੈ ਕਿ ਸਤੰਬਰ 2024 ਵਿੱਚ ਚਰਨਜੀਤ ਸਿੰਘ ਚੰਨੀ ਨੇ ਬਿਆਨ ਦਿੱਤਾ ਸੀ ਕਿ ਸਾਲ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਈ ਫ਼ੌਜੀ ਕਾਰਵਾਈ ਗ਼ਲਤ ਸੀ ਅਤੇ ਕਾਂਗਰਸ ਪਾਰਟੀ ਇਸ ਲਈ ਕਈ ਵਾਰ ਮੁਆਫ਼ੀ ਮੰਗ ਚੁੱਕੀ ਹੈ। ਉਸ ਸਮੇਂ ਚੰਨੀ ਨੇ ਭਾਜਪਾ ਅਤੇ ਆਰ.ਐੱਸ.ਐੱਸ. ‘ਤੇ ਤਤਕਾਲੀ ਸਰਕਾਰ ਉੱਪਰ ਫ਼ੌਜੀ ਕਾਰਵਾਈ ਲਈ ਦਬਾਅ ਬਣਾਉਣ ਦਾ ਦੋਸ਼ ਵੀ ਲਗਾਇਆ ਸੀ, ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ ਸਖ਼ਤ ਇਤਰਾਜ਼ ਜਤਾਉਂਦਿਆਂ ਕਈ ਸਵਾਲ ਖੜ੍ਹੇ ਕੀਤੇ ਸਨ।

Loading...
Unable to load recommendations.
Follow Us