ਸੁਖਬੀਰ ਬਾਦਲ ਨੂੰ ਪਟਨਾ ਸਾਹਿਬ ਵਿਖੇ ਹੋਣਾ ਪਵੇਗਾ ਪੇਸ਼, 10 ਦਿਨ ਦਾ ਹੋਰ ਮਿਲਿਆ ਟਾਈਮ
ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋਣ ਲਈ ਦਿੱਤੀ ਗਈ ਮਿਤੀ 10 ਦਿਨ ਵਧਾ ਦਿੱਤੀ ਹੈ। ਅਕਾਲ ਤਖ਼ਤ ਸਾਹਿਬ ਵਿਖੇ ਓਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਸਮਾਗਮਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਸੁਖਬੀਰ ਬਾਦਲ ਨੂੰ ਹੁਣ 10 ਜੂਨ ਤੱਕ ਪਟਨਾ ਸਾਹਿਬ ਵਿਖੇ ਆ ਕੇ ਆਪਣਾ ਸਪਸ਼ਟੀਕਰਨ ਦੇਣਾ ਹੋਵੇਗਾ।

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੇ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋਣ ਦੀ ਸਮਾਂ ਸੀਮਾ 10 ਦਿਨ ਵਧਾ ਦਿੱਤੀ ਹੈ। ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਅਤੇ ਸਿੰਘ ਸਾਹਿਬਾਨ ਦੇ ਦਸਤਖ਼ਤਾਂ ਨਾਲ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੇ 41ਵੇਂ ਵਰ੍ਹੇਗੰਢ ਸਮਾਗਮ ਕਾਰਨ ਸੁਖਬੀਰ ਨੂੰ ਅਗਲੇ 10 ਦਿਨਾਂ ਦੇ ਅੰਦਰ ਪੇਸ਼ ਹੋਣ ਦਾ ਆਖਰੀ ਮੌਕਾ ਦਿੱਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ 21 ਮਈ ਨੂੰ ਜਾਰੀ ਕੀਤੇ ਗਏ ਫ਼ਰਮਾਨ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਟੇਕ ਸਿੰਘ ਧਨੋਲਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ।
ਇਸ ਦੇ ਨਾਲ ਹੀ ਸੁਖਬੀਰ ਨੂੰ 10 ਦਿਨਾਂ ਦੇ ਅੰਦਰ ਖੁਦ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਅਤੇ ਆਪਣਾ ਸਪੱਸ਼ਟੀਕਰਨ ਦੇਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਹੁਕਮ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਹ 10 ਜੂਨ ਤੱਕ ਪੇਸ਼ ਨਹੀਂ ਹੁੰਦਾ ਤਾਂ ਉਸ ਵਿਰੁੱਧ ਸਿੱਖ ਸਿਧਾਂਤਾਂ, ਮਾਣ-ਮਰਿਆਦਾ ਅਤੇ ਪਰੰਪਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਦਾ ਇਲਜ਼ਾਮ ਹੈ।