ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਤੇ ਸਜਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘ ਨੂੰ ਨਿਆਂ ਨਹੀਂ:ਸੁਖਬੀਰ
ਅਕਾਲੀ ਦਲ ਦੇ ਪ੍ਰਧਾਨ ਨੇ ਭਾਜਪਾ ਦੇ ਐਸ ਸੀ ਵਿੰਗ ਦੇ ਮੀਤ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਨੂੰ ਉਹਨਾਂ ਦੇ ਹਜ਼ਾਰਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ।

ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਦੇਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦੋਂ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਵਲੁੰਧਰੇ ਸਿੱਖ ਹਿਰਦਿਆਂ ਤੇ ਮੱਲ੍ਹਮ ਲਗਾਈ ਜਾਵੇ। ਉਹਨਾਂ ਕਿਹਾ ਕਿ ਅਜਿਹਾ ਕਰਨ ਦੀ ਥਾਂ ਸਰਕਾਰਾਂ ਜ਼ਬਰ ਜਨਾਹ ਅਤੇ ਕਤਲ ਦੇ ਦੋਸ਼ੀਆਂ ਨੂੰ ਖੁਸ਼ ਕਰਨ ਵਾਸਤੇ ਪੂਰਾ ਜ਼ੋਰ ਲਗਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਨਾਲ ਸਮੇਂ ਦੀਆਂ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਬੇਨਕਾਬ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਭਾਜਪਾ ਦੇ ਐਸ ਸੀ ਵਿੰਗ ਦੇ ਮੀਤ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਨੂੰ ਉਹਨਾਂ ਦੇ ਹਜ਼ਾਰਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ। ਉਹਨਾਂ ਕਿਹਾ ਕਿ ਰਿੰਕੂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਮਾਝਾ ਇਲਾਕੇ ਵਿਚ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ ਅਤੇ ਉਹਨਾਂ ਨੂੰ ਪਾਰਟੀ ਵਿਚ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।