ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਤੇ ਸਜਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘ ਨੂੰ ਨਿਆਂ ਨਹੀਂ:ਸੁਖਬੀਰ

Published: 

22 Jan 2023 08:00 AM

ਅਕਾਲੀ ਦਲ ਦੇ ਪ੍ਰਧਾਨ ਨੇ ਭਾਜਪਾ ਦੇ ਐਸ ਸੀ ਵਿੰਗ ਦੇ ਮੀਤ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਨੂੰ ਉਹਨਾਂ ਦੇ ਹਜ਼ਾਰਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ।

ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਤੇ ਸਜਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘ ਨੂੰ ਨਿਆਂ ਨਹੀਂ:ਸੁਖਬੀਰ

ਸੁਖਬੀਰ ਸਿੰਘ ਬਾਦਲ

Follow Us On

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਦੇਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦੋਂ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਵਲੁੰਧਰੇ ਸਿੱਖ ਹਿਰਦਿਆਂ ਤੇ ਮੱਲ੍ਹਮ ਲਗਾਈ ਜਾਵੇ। ਉਹਨਾਂ ਕਿਹਾ ਕਿ ਅਜਿਹਾ ਕਰਨ ਦੀ ਥਾਂ ਸਰਕਾਰਾਂ ਜ਼ਬਰ ਜਨਾਹ ਅਤੇ ਕਤਲ ਦੇ ਦੋਸ਼ੀਆਂ ਨੂੰ ਖੁਸ਼ ਕਰਨ ਵਾਸਤੇ ਪੂਰਾ ਜ਼ੋਰ ਲਗਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਨਾਲ ਸਮੇਂ ਦੀਆਂ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਬੇਨਕਾਬ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਭਾਜਪਾ ਦੇ ਐਸ ਸੀ ਵਿੰਗ ਦੇ ਮੀਤ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਨੂੰ ਉਹਨਾਂ ਦੇ ਹਜ਼ਾਰਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ। ਉਹਨਾਂ ਕਿਹਾ ਕਿ ਰਿੰਕੂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਮਾਝਾ ਇਲਾਕੇ ਵਿਚ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ ਅਤੇ ਉਹਨਾਂ ਨੂੰ ਪਾਰਟੀ ਵਿਚ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਬੇਤੁਕੀ ਬਿਆਨਬਾਜੀ ਨਾ ਕਰਨ ਮੁੱਖ ਮੰਤਰੀ

ਇਕ ਸਵਾਲ ਦੇ ਜਵਾਬ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਤੁਕੀ ਬਿਆਨਬਾਜ਼ੀ ਕਰਨ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਏ ਮੈਰੀਟੋਰੀਅਸ ਸਕੂਲ ਚਲਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਸਦੀ ਸ਼ਲਾਘਾ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਕੀਤੀ ਸੀ। ਉਹਨਾਂ ਕਿਹਾ ਕਿ ਕੋਈ ਆਸ ਨਹੀਂ ਰੱਖ ਸਕਦਾ ਕਿ ਆਪ ਸਰਕਾਰ ਮੈਰੀਟੋਰੀਅਸ ਸਕੂਲ ਖੋਲ੍ਹੇਗੀ। ਉਹਨਾਂ ਕਿਹਾ ਕਿ ਇਹ ਸਿਰਫ ਸਸਤੀ ਸ਼ੋਹਰਤ ਵਿਚ ਵਿਸ਼ਵਾਸ ਰੱਖਦੀ ਹੈ। ਇਸਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਬਣਾਏ ਸੇਵਾ ਕੇਂਦਰਾਂ ਨੁੰ ਮੁਹੱਲਾ ਕਲੀਨਿਕਾਂ ਵਿਚ ਬਦਲ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਪਰ ਇਸ ਕਦਮ ਦਾ ਵੀ ਲੋਕਾਂ ਨੂੰ ਕੋਈ ਫਾਇਦਾ ਨਹੀਂ ਹੋਇਆ ਕਿਉਂਕਿ ਇਹਨਾਂ ਕਲੀਨਿਕਾਂ ਵਿਚ ਡਾਕਟਰ ਤੇ ਦਵਾਈਆਂ ਹੀ ਨਹੀਂ ਹਨ।

ਮਨਮੋਹਨ ਸਿੰਘ ਬਾਰੇ ਬੋਲਣ ਤੋਂ ਪਹਿਲਾਂ ਸੋਚਣ ਬਾਜਵਾ

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਆਖਣ ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਨੁੰ ਬਣਾਉਣ ਵਿਚ ਪਾਏ ਯੋਗਦਾਨ ਲਈ ਉਹਨਾਂ ਦੀ ਦੁਨੀਆਂ ਭਰ ਵਿਚ ਸਿਫਤ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਉਹ ਹੈਰਾਨ ਹਨ ਕਿ ਰਾਹੁਲ ਗਾਂਧੀ, ਜੋ ਮੌਕੇ ਤੇ ਮੌਜੂਦ ਸਨ, ਨੇ ਇਸ ਤੇ ਇਤਰਾਜ਼ ਨਹੀਂ ਕੀਤਾ ਤੇ ਬਾਜਵਾ ਨੂੰ ਆਪਣਾ ਬਿਆਨ ਵਾਪਸ ਲੈਣ ਵਾਸਤੇ ਨਹੀਂ ਆਖਿਆ। ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈਕਿ ਕਾਂਗਰਸ ਪਾਰਟੀ ਨੇ ਬਾਜਵਾ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਪਤਾ ਚਲਦਾ ਹੈ ਕਿ ਪਾਰਟੀ ਡਾ. ਮਨਮੋਹਨ ਸਿੰਘ ਦੀ ਵਿਰਾਸਤ ਨੁੰ ਤਬਾਹ ਕਰਨ ਲਈ ਰਲਗੱਢ ਹੈ।