Sukhbir Singh Badal : ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ, ਸੁਖਬੀਰ ਬਾਦਲ ‘ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ

Updated On: 

04 Dec 2024 15:55 PM IST

Sukhbir Singh Badal Attack: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਬਾਦਲ ਹਰਿਮੰਦਰ ਸਾਹਿਬ ਦੇ ਮੁੱਖ ਗੇਟ 'ਤੇ ਤਾਇਨਾਤ ਸਨ। ਇਸੇ ਦੌਰਾਨ ਮੁਲਜ਼ਮ ਉਨ੍ਹਾਂ ਦੇ ਬਹੁਤ ਨੇੜੇ ਆਇਆ ਅਤੇ ਉਨ੍ਹਾਂ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਸੁਖਬੀਰ ਦੀ ਸੁਰੱਖਿਆ ਲਈ ਤਾਇਨਾਤ ਸਾਦੇ ਕੱਪੜਿਆਂ ਵਾਲੇ ਪੁਲਿਸ ਮੁਲਾਜ਼ਮ ਨੇ ਹਮਲਾਵਰ ਨੂੰ ਫੜ ਲਿਆ ਅਤੇ ਉਸਦਾ ਹੱਥ ਉੱਤੇ ਕਰ ਦਿੱਤਾ। ਗੋਲੀ ਹਵਾ ਵਿੱਚ ਚੱਲੀ ਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

Sukhbir Singh Badal : ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ,  ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ
Follow Us On

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਤੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਿਰ ਸਾਹਿਬ ਦੇ ਬਾਹਰ ਜਾਨਲੇਵਾ ਹਮਲਾ ਕੀਤਾ ਗਿਆ। ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਸਮਾਂ ਰਹਿੰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਇਸ ਹਮਲੇ ਨੂੰ ਲੈ ਕੇ ਜਿੱਥੇ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ ਤਾਂ ਉੱਥੇ ਹੀ ਇਸ ਹਮਲੇ ਨੂੰ ਜਾਨਲੇਵਾ ਹਮਲੇ ਨੂੰ ਨਕਾਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਏਐਸਆਈ ਜਸਵੀਰ ਸਿੰਘ ਅਤੇ ਪਰਮਿੰਦਰ ਸਿੰਘ ਦੀ ਹਰ ਪਾਸੇ ਸ਼ਲਾਂਘਾ ਹੋ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਮਲੇ ਦੀ ਨਿਖੇਦੀ ਕੀਤੀ ਹੈ ਤਾਂ ਨਾਲ ਹੀ ਸਰਕਾਰ ਦੀ ਪੁਲਿਸ ਅਤੇ ਪ੍ਰਸ਼ਾਸਨ ਦੀ ਤਾਰੀਫ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਕੋਈ ਵੱਡੀ ਘਟਨਾ ਵਾਪਰਨ ਤੋਂ ਰੋਕ ਦਿੱਤੀ ਹੈ। ਪੰਜਾਬ ਪੁਲਿਸ ਮੌਕੇ ‘ਤੇ ਅਲਰਟ ਮੋਡ ‘ਚ ਸੀ। ਇਹ ਪੁਲਿਸ ਦੀ ਮੁਸਤੈਦੀ ਦਾ ਹੀ ਨਤੀਜਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਲਿੱਖਿਆ -ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਨਾਲ ਹੀ ਉਨ੍ਹਾਂ ਨੇ ਪੁਲਿਸ ਦੀ ਮੁਸਤੈਦੀ ਦੀ ਰੱਜ ਕੇ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਨੇ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਛੇਤੀ ਤੋਂ ਛੇਤੀ ਉਨ੍ਹਾਂ ਨੂੰ ਰਿਪੋਰਟ ਸੌਂਪੀ ਜਾਵੇ।

ਐਸਜੀਪੀਸੀ ਵੀ ਕਰੇਗੀ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ

ਉੱਧਰ, ਇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਦੋਵੇਂ ਬਹਾਦੁਰ ਮੁਲਾਜ਼ਮਾਂ ਦਾ ਕਮੇਟੀ ਵੱਲੋਂ ਸਨਮਾਨ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਸੁਖਬੀਰ ਬਾਦਲ ਵੱਲੋਂ ਅੱਗੇ ਨਿਭਾਈ ਜਾਣ ਵਾਲੀ ਸੇਵਾ ਦੌਰਾਨ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਹਮਲਾ ਮੰਦਭਾਗਾ, ਸੁਰੱਖਿਆ ਵਿੱਚ ਵੱਡੀ ਚੂਕ : ਬੀਜੇਪੀ

ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸੁਰੱਖਿਆ ਦੀ ਵੱਡੀ ਕੁਤਾਹੀ ਹੈ। ਨਰਾਇਣ ਸਿੰਘ ਚੌੜਾ (ਹਮਲਾਵਰ) ਇੱਕ ਖੌਫਨਾਕ ਅੱਤਵਾਦੀ ਹੈ। ਉਹ ਡੇਰਾ ਬਾਬਾ ਨਾਨਕ ਦਾ ਵਸਨੀਕ ਹੈ। ਉਹ ਅੱਤਵਾਦੀ ਘਟਨਾਵਾਂ ‘ਚ ਕਾਫੀ ਸਰਗਰਮ ਸੀ। ਉਹ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਸੀ, ਮੈਨੂੰ ਇੱਕ ਗੱਲ ਦੀ ਸਮਝ ਨਹੀਂ ਆ ਰਹੀ, ਪੁਲਿਸ ਦਾ ਕਹਿਣਾ ਹੈ ਕਿ ਉਹ ਇੱਕ ਦਿਨ ਪਹਿਲਾਂ ਵੀ ਇੱਥੇ ਘੁੰਮ ਰਿਹਾ ਸੀ, ਜੇਕਰ ਪੁਲਿਸ ਨੂੰ ਪਤਾ ਹੁੰਦਾ ਕਿ ਨਰਾਇਣ ਸਿੰਘ ਚੌੜਾ ਵਿੱਚ ਘੁੰਮ ਰਿਹਾ ਹੈ ਤਾਂ ਉਹ ਸੁਖਬੀਰ ਸਿੰਘ ਬਾਦਲ ਨੂੰ ਏਨੀ ਘੱਟ ਸੁਰੱਖਿਆ ਵਿੱਚ ਕਿਵੇਂ ਰਹਿਣ ਦਿੱਤਾ। ਇਹ ਬਹੁਤ ਵੱਡੀ ਗਲਤੀ ਹੈ।

ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਅਜਿਹੀ ਹਰਕਤ ਕਰਨ ਵਾਲਾ ਵਿਅਕਤੀ (ਹਮਲਾਵਰ) ਸਿੱਖ ਨਹੀਂ ਹੋ ਸਕਦਾ। ਜੇਕਰ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਜਾਂਦੀ ਇਹ ਵੱਡੀ ਘਟਨਾ ਹੋ ਸਕਦੀ ਸੀ। ਪੁਲਿਸ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਸਰਕਾਰ ਦਾ ਕੰਮ ਹੈ। ਅਖੌਤੀ ਅੱਤਵਾਦੀ ਨੂੰ ਜੇਲ੍ਹ ‘ਚੋਂ ਕਿਉਂ ਰਿਹਾਅ ਕੀਤਾ ਗਿਆ? ਉਹ ਲੋਕਾਂ ਨੂੰ ਮਾਰਨ ਲਈ ਨਿਕਲਿਆ ਸੀ।

ਸੁਖਬੀਰ ਬਾਦਲ ‘ਤੇ ਕੀ ਹਨ ਇਲਜ਼ਾਮ?

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਸੁਣਾਈ ਗਈ ਹੈ। ਅਕਾਲ ਤਖ਼ਤ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਬਕਾ ਮੰਤਰੀ ਮੰਡਲ ਵਿਰੁੱਧ ਅਪਰਾਧ ਸਾਬਤ ਕੀਤਾ ਸੀ। ਅਕਾਲੀ ਦਲ ‘ਤੇ ਸਿੱਖ ਧਰਮ ਦੇ ਲੋਕਾਂ ਅਤੇ ਸਿਧਾਂਤਾਂ ਵਿਰੁੱਧ ਕੰਮ ਕਰਨ ਦਾ ਦੋਸ਼ ਹੈ। ਉਨ੍ਹਾਂ ਦੇ ਇਸ ਕੰਮ ਕਾਰਨ ਸਿੱਖ ਕੌਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦੋਸ਼ ਹੈ ਕਿ 2015 ਵਿੱਚ ਬਰਗਾੜੀ ਵਿੱਚ ਸਿੱਖਾਂ ਦੇ ਇੱਕ ਅਹਿਮ ਧਾਰਮਿਕ ਗ੍ਰੰਥ ਦਾ ਅਪਮਾਨ ਕੀਤਾ ਗਿਆ ਸੀ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਗੋਲੀ ਚਲਾ ਦਿੱਤੀ ਅਤੇ ਇਸ ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨਾਂ ਦੇ ਲੋਕਾਂ ਦੀ ਮੌਤ ਹੋ ਗਈ। ਨਾਲ ਹੀ ਕਥਿਤ ਤੌਰ ‘ਤੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਪੈਰੋਕਾਰਾਂ ‘ਤੇ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਨ ਕਰਨ ਤੋਂ ਬਾਅਦ ਉਸਨੂੰ ਮਾਫੀ ਦੇਣ ਦੇ ਵੀ ਆਰੋਪ ਲਗਾਏ ਗਏ ਸਨ।

ਖਾਲਿਸਤਾਨੀ ਅੱਤਵਾਦੀ ਹੈ ਮੁਲਜ਼ਮ

ਸੁਖਬੀਰ ‘ਤੇ ਗੋਲੀ ਚਲਾਉਣ ਵਾਲੇ ਆਰੋਪੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਦੇ ਰੂਪ ‘ਚ ਹੋਈ ਹੈ। ਮੁਲਜ਼ਮ ਕੱਟੜਪੰਥੀ ਹੈ ਅਤੇ ਦਲ ਖਾਲਸਾ ਨਾਲ ਸਬੰਧਤ ਹੈ। ਸੂਤਰਾਂ ਮੁਤਾਬਕ ਹਮਲਾਵਰ ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅੱਤਵਾਦੀ ਵੀ ਰਿਹਾ ਹੈ।

ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਅੱਤਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ ‘ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹੀ ਸਾਹਿਤ ‘ਤੇ ਇੱਕ ਕਿਤਾਬ ਵੀ ਲਿਖੀ ਹੈ। ਉਹ ਬੁਡੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ। ਨਰਾਇਣ ਇਸ ਤੋਂ ਪਹਿਲਾਂ ਪੰਜਾਬ ਦੀ ਜੇਲ੍ਹ ਵਿੱਚ ਸਜ਼ਾ ਕੱਟ ਚੁੱਕਾ ਹੈ।