ਪੰਜ ਤੱਤਾਂ ‘ਚ ਵਿਲੀਨ ਹੋਏ ਸੁਖਦੇਵ ਢੀਂਡਸਾ: ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ, ਸਿਆਸੀ ਦਿੱਗਜ਼ਾਂ ਨੇ ਦਿੱਤੀ ਸ਼ਰਧਾਂਜਲੀ
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਦਾ 28 ਮਈ ਨੂੰ ਦੇਹਾਂਤ ਹੋ ਗਿਆ ਸੀ। ਅੱਜ ਸੁਖਦੇਵ ਢੀਂਡਸਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਗਿਆ। ਇਸ ਦੌਰਾਨ ਕਈ ਸਿਆਸੀ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਮੋਹਾਲੀ ਦੇ ਹਸਪਤਾਲ ਵਿੱਚ ਇਲਾਜ ਅਧੀਨ ਸਨ।

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿੱਚ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਹੁੰਦੀ ਹੋਈ ਉਨ੍ਹਾਂ ਦੇ ਪਿੰਡ ਪਹੁੰਚੀ। ਜਿੱਥੇ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਵਿਦਾਈ ਲਈ ਕਈ ਪਾਰਟੀਆਂ ਦੇ ਸਿਆਸੀ ਆਗੂ ਪਹੁੰਚੇ।
ਵੀਰਵਾਰ ਨੂੰ ਪਹਿਲਾਂ, ਉਨ੍ਹਾਂ ਦੀ ਦੇਹ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ ਸਨ। ਇਸ ਦੌਰਾਨ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਆਗੂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ ਸਨ।
ਢੀਂਡਸਾ ਨੂੰ ਸਿਆਸੀ ਦਿੱਗਜ਼ਾਂ ਨੇ ਦਿੱਤੀ ਸ਼ਰਧਾਂਜਲੀ
ਸੁਖਦੇਵ ਸਿੰਘ ਢੀਂਡਸਾ ਨੂੰ ਅਤਿੰਮ ਵਿਦਾਈ ਦੇਣ ਕਈ ਵੱਡੇ ਸਿਆਸੀ ਪਹੁੰਚੇ। ਇਸ ਮੌਕੇ ਪੰਜਾਬ ਆਮ ਆਦਮੀ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਢੀਂਡਸਾ ਸਾਹਿਬ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਬਹੁਤ ਵੱਡਾ ਯੋਗਾਦਾਨ ਹੈ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਸਾਂਸਦ ਮੈਂਬਰ ਮੀਤ ਹੇਅਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਹੁੰਚੇ।
28 ਮਈ ਨੂੰ ਮੋਹਾਲੀ ਵਿੱਚ ਲਏ ਸੀ ਆਖਰੀ ਸਾਹ
ਸੁਖਦੇਵ ਸਿੰਘ ਢੀਂਡਸਾ ਨੇ 28 ਮਈ ਨੂੰ ਮੋਹਾਲੀ ਵਿੱਚ ਆਖਰੀ ਸਾਹ ਲਿਆ। 27 ਮਈ 2025 ਨੂੰ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਨਮੂਨੀਆ ਅਤੇ ਦਿਲ ਦੀਆਂ ਬਿਮਾਰੀਆਂ ਸਨ, ਜੋ ਕਿ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ ਵਧ ਗਈਆਂ ਸਨ। ਮਾਹਰ ਡਾਕਟਰਾਂ ਦੀ ਟੀਮ ਵੱਲੋਂ ਕੀਤੇ ਗਏ ਵਧੀਆ ਯਤਨਾਂ ਦੇ ਬਾਵਜੂਦ 28 ਮਈ ਨੂੰ ਸ਼ਾਮ 5:05 ਵਜੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।