ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਸੁਖਪਾਲ ਖਹਿਰਾ, ਜਲਾਲਾਬਾਦ ਕੋਰਟ ‘ਚ ਕੀਤਾ ਗਿਆ ਸੀ ਪੇਸ਼

Updated On: 

29 Sep 2023 11:58 AM

ਵੀਰਵਾਰ ਤੜਕੇ ਕਾਂਗਰਸ ਦੇ ਤੇਜ ਤੱਰਾਰ ਅਤੇ ਵਿਵਾਦਿਤ ਬਿਆਨਾਂ ਕਰਕੇ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਘਰੋਂ ਚੁੱਕ ਕੇ ਲੈ ਗਈ। ਮਾਮਲਾ 2015 ਦੇ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ। ਖਹਿਰਾ ਦੀ ਗ੍ਰਿਫਤਾਰੀ ਉਸ ਵੇਲ੍ਹੇ ਹੋਈ, ਜਦੋਂ ਇਹ ਘਰ ਵਿੱਚ ਆਰਾਮ ਨਾਲ ਸੁੱਤੇ ਪਏ ਸਨ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿੱਚ ਠੰਡੀ ਸਵੇਰ ਹੋਣ ਦੇ ਬਾਵਜੂਦ ਸਿਆਸੀ ਪਾਰਾ ਅਚਾਨਕ ਹੀ ਸਿਖਰਾਂ 'ਤੇ ਪਹੁੰਚ ਗਿਆ।

ਦੋ ਦਿਨ ਦੇ ਪੁਲਿਸ ਰਿਮਾਂਡ ਤੇ ਸੁਖਪਾਲ ਖਹਿਰਾ, ਜਲਾਲਾਬਾਦ ਕੋਰਟ ਚ ਕੀਤਾ ਗਿਆ ਸੀ ਪੇਸ਼
Follow Us On

ਨਸ਼ਾ ਤਸਕਰੀ ਕੇਸ ਵਿੱਚ ਸ਼ਮੂਲੀਅਤ ਹੋਣ ਦੇ ਕਥਿਤ ਮਾਮਲੇ ਵਿੱਚ ਗ੍ਰਿਫਤਾਰ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਸੁਖਪਾਲ ਖਹਿਰਾ ਨੂੰ ਪੁਲਿਸ ਨੇ ਜਲਾਲਾਬਾਦ ਕੋਰਟ ‘ਚ ਪੇਸ਼ ਕੀਤਾ ਸੀ, ਜਿੱਥੇ ਪੁਲਿਸ ਨੇ ਕੋਰਟ ਤੋਂ ਉਨ੍ਹਾਂ ਦਾ ਸੱਤ ਦਿਨ ਦਾ ਰਿਮਾਂਡ ਮੰਗਿਆ ਗਿਆ, ਪਰ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਖਹਿਰਾ ਦਾ ਦੋ ਦਿਨ ਦਾ ਰਿਮਾਂਡ ਦਿੱਤਾ।

ਦੱਸ ਦੇਈਏ ਕਿ ਵੀਰਵਾਰ ਸਵੇਰੇ ਪੰਜਾਬ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਅਚਾਨਕ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।ਪੁਲਿਸ ਨੇ ਤੜਕੇ 5 ਵਜੇ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਰੇਡ ਕੀਤੀ। ਪੁਲਿਸ ਨੇ 2015 ਦੇ NDPS ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤਾ ਹੈ।

ਉੱਧਰ, ਖਹਿਰਾ ਦੀ ਗ੍ਰਿਫਤਾਰੀ ਦੇ ਬਾਅਦ ਤੋਂ ਹੀ ਕਾਂਗਰਸ ਦੇ ਸੀਨੀਅਰ ਆਗੂ ਭੜਕੇ ਹੋਏ ਹਨ। ਉਹ ਸੂਬੇ ਦੀ ਮਾਨ ਸਰਕਾਰ ਤੇ ਰੱਜ ਕੇ ਭੜਾਸ ਕੱਢ ਰਹੇ ਹਨ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖਹਿਰਾ ਦੀ ਗ੍ਰਿਫਤਾਰੀ ਨੂੰ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਕਾਰਵਾਈ ਕਰਾਰ ਦਿੱਤਾ।

ਕੀ ਹੈ ਪੂਰਾ ਮਾਮਲਾ?

ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ ‘ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।

ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਪਿੰਡ ਬਾਠ (ਜਲੰਧਰ) ਦਾ ਇੱਕ ਵਿਅਕਤੀ, ਐਨਆਰਆਈ ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।

Related Stories