ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੂੰ SC ਤੋਂ ਕੋਈ ਰਾਹਤ ਨਹੀਂ, ਸੁਣਵਾਈ 18 ਮਾਰਚ ਤੱਕ ਮੁਲਤਵੀ
Ram Rahim: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅਜੇ ਤੱਕ ਸੁਪਰੀਮ ਕੋਰਟ ਤੋਂ ਬੇਅਦਬੀ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ 18 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Ram Rahim: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅਜੇ ਤੱਕ ਸੁਪਰੀਮ ਕੋਰਟ ਤੋਂ ਬੇਅਦਬੀ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ 18 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮਾਂ ਵਿੱਚ ਰਾਮ ਰਹੀਮ ਵਿਰੁੱਧ ਤਿੰਨ ਮਾਮਲਿਆਂ ਵਿੱਚ ਹੇਠਲੀ ਅਦਾਲਤ ਵਿੱਚ ਚੱਲ ਰਿਹਾ ਮੁਕੱਦਮਾ ਜਾਰੀ ਰਹੇਗਾ।
ਇਸ ਦੌਰਾਨ, ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਹੁਕਮ ‘ਤੇ ਲਗਾਇਆ ਗਿਆ ਸਟੇਅ ਆਰਡਰ ਜਾਰੀ ਰਹੇਗਾ। ਪਿਛਲੇ ਸਾਲ ਮਾਰਚ ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿੱਚ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ। ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਪਿਛਲੀ ਸੁਣਵਾਈ ਵਿੱਚ, ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਸੀ ਅਤੇ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਸੀ। ਅੱਜ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਦੇ ਹਲਫ਼ਨਾਮੇ ਦਾ ਜਵਾਬ ਦੇਣ ਲਈ 3 ਹਫ਼ਤਿਆਂ ਦਾ ਸਮਾਂ ਦੇਣ ਦੀ ਮੰਗ ਕੀਤੀ ਗਈ। ਸੁਪਰੀਮ ਕੋਰਟ ਨੇ ਸਮਾਂ ਦਿੱਤਾ ਅਤੇ ਸੁਣਵਾਈ 18 ਮਾਰਚ ਤੱਕ ਮੁਲਤਵੀ ਕਰ ਦਿੱਤੀ। ਜਸਟਿਸ ਬੀਆਰ ਗਵਈ ਅਤੇ ਕੇ ਵਿਨੋਦ ਚੰਦਰਨ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
ਕੀ ਹੈ ਪੂਰਾ ਮਾਮਲਾ?
ਜੂਨ 2015 ਵਿੱਚ, ਫਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਬਣਾਈ ਸੀ। ਆਪਣੀ ਜਾਂਚ ਵਿੱਚ, ਐਸਆਈਟੀ ਨੇ ਗੁਰਮੀਤ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਸੀ। ਗੁਰਮੀਤ ਰਾਮ ਰਹੀਮ ਅਤੇ ਕਈ ਹੋਰ ਦੋਸ਼ੀਆਂ ਵਿਰੁੱਧ ਤਿੰਨ ਮਾਮਲੇ ਦਰਜ ਕੀਤੇ ਗਏ ਸਨ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਹ ਤਿੰਨੋਂ ਕੇਸ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤੇ ਗਏ ਸਨ।